Monday, October 6, 2014

ਗੁਰਸ਼ਰਨ ਸਿੰਘ
 ਇਨਕਲਾਬੀ ਨਿਹਚਾ ਦੀ ਮੂਰਤ
ਅਜਮੇਰ ਔਲਖ ਨੇ ਇਹ ਦਰੁਸਤ ਟਿੱਪਣੀ ਕੀਤੀ ਸੀ ਕਿ ਪੰਜਾਬ ਦੇ ਪਿੰਡਾਂ 'ਚ ਪੰਜਾਬੀ ਰੰਗਮੰਚ ਦੀਆਂ ਕੰਕਰੀਟ ਦੀਆਂ ਪੱਕੀਆਂ ਕੰਧਾਂ ਗੁਰਸ਼ਰਨ ਸਿੰਘ ਨੇ ਉਸਾਰੀਆਂ ਹਨ। ਇਪਟਾ ਰਾਹੀਂ ਸ਼ੁਰੂ ਹੋਈ ਰੰਗਮੰਚ ਲਹਿਰ ਨੂੰ ਕਲਾ-ਮਿਆਰਾਂ ਪੱਖੋਂ ਕਿਤੇ ਉੱਚੇ ਪੱਧਰ 'ਤੇ ਲੈ ਜਾਣ ਦੀ ਭੂਮਿਕਾ ਵੀ ਗੁਰਸ਼ਰਨ ਸਿੰਘ ਨੇ ਨਿਭਾਈ। ਪਰ ਸਭ ਤੋਂ ਵੱਧ ਇਹ ਗੁਰਸ਼ਰਨ ਸਿੰਘ ਦੀ ਇਨਕਲਾਬੀ ਨਿਹਚਾ ਅਤੇ ਸਮਰਪਣ ਹੀ ਸੀ, ਜਿਸ ਨੇ ਉਹਨ ਨੂੰ ਇਨਕਲਾਬੀ ਨਾਟਕ ਲਹਿਰ ਦੀ ਬੇਜੋੜ ਸ਼ਖਸ਼ੀਅਤ ਬਣਾਇਆ।
ਨਿਰਦੇਸ਼ਨਾ ਅਤੇ ਅਦਾਕਾਰੀ ਦੀਆਂ ਰੌਸ਼ਨ ਮਿਸਾਲਾਂ ਪੱਖੋਂ ਹੁਣ ਵੀ ਪੰਜਾਬੀ ਰੰਗਮੰਚ ਦੀ ਝੋਲੀ ਸੱਖਣੀ ਨਹੀਂ ਹੈ, ਸਗੋਂ ਭਾਗਾਂ ਭਰੀ ਹੈ। ਪਰ ਇਨਕਲਾਬੀ ਨਿਹਚਾ ਅਤੇ ਸਮਰਪਣ ਦੀ ਭਾਵਨਾ ਪੱਖੋਂ ਗੁਰਸ਼ਰਨ ਸਿੰਘ ਦੇ ਮਿਆਰਾਂ ਨੂੰ ਛੋਹਣ ਖਾਤਰ ਇਨਕਲਾਬੀ ਰੰਗਮੰਚ ਲਹਿਰ ਅਜੇ ਸਮਾਂ ਲਵੇਗੀ। ਗੁਰਸ਼ਰਨ ਸਿੰਘ ਦੀ ਹਾਜ਼ਰੀ, ਕਲਾਕਾਰਾਂ ਅੰਦਰ ਮੌਜੂਦ ਲੋਕਾਂ ਪ੍ਰਤੀ ਸਮਰਪਣ ਦੀ ਭਾਵਨਾ ਦੀ ਹਰ ਚਿਣਗ ਨੂੰ ਇੱਕ ਲੜੀ 'ਚ ਪਰੋਅ ਲੈਣ ਦਾ ਰੋਲ ਅਦਾ ਕਰਦੀ ਰਹੀ ਹੈ। ਇਨਕਲਾਬੀ ਪੰਜਾਬੀ ਰੰਗਮੰਚ ਦੀ ਬੱਝਵੀਂ ਹੋਂਦ ਨੂੰ ਖੋਰੇ ਅਤੇ ਖਿੰਡਾਅ ਦੇ ਕਿਸੇ ਵੀ ਖਤਰੇ ਖਿਲਾਫ ਗੁਰਸ਼ਰਨ ਸਿੰਘ ਦੀ ਸਖਸ਼ੀਅਤ ਆਪਣੇ ਆਪ 'ਚ ਹੀ ਢਾਲ ਦਾ ਕੰਮ ਕਰਦੀ ਸੀ। ਈਰਖਾਵਾਂ, ਮੁਕਾਬਲੇਬਾਜ਼ੀ ਅਤੇ ਸੌੜੀ ਧੜੇਬੰਦੀ ਦੀਆਂ ਰੁਚੀਆਂ ਨੂੰ ਕੰਟਰੋਲ ਕਰਨ 'ਚ ਇਸ ਪੱਖ ਨੇ ਅਹਿਮ ਰੋਲ ਅਦਾ ਕੀਤਾ।
ਇਹਨਾਂ ਪੱਖਾਂ ਕਰਕੇ ਗੁਰਸ਼ਰਨ ਸਿੰਘ ਦਾ ਤੁਰ ਜਾਣਾ ਇਨਕਲਾਬੀ ਰੰਗਮੰਚ ਲਹਿਰ ਦੇ ਖੇਤਰ 'ਚ ਇੱਕ ਚੁਣੌਤੀ ਵਰਗੀ ਘਟਨਾ ਹੈ। ਬਿਨਾ ਸ਼ੱਕ, ਗੁਰਸ਼ਰਨ ਸਿੰਘ ਵੱਲੋਂ ਘਾਲੀ ਘਾਲਣਾ ਨਿਹਫਲ ਨਹੀਂ ਜਾਵੇਗੀ। ਉਹਨਾਂ ਵੱਲੋਂ ਅਦਾ ਕੀਤਾ ਰੋਲ ਪਰੇਰਨਾ ਬਣਦਾ ਰਹੇਗਾ। ਇਨਕਲਾਬੀ ਰੰਗਮੰਚ ਲਹਿਰ ਦੀ ਕਦਮ-ਤਾਲ ਨੂੰ ਸਾਵੀਂ ਰੱਖਣ 'ਚ ਆਪਣਾ ਰੋਲ ਅਦਾ ਕਰਦਾ ਰਹੇਗਾ। ਤਾਂ ਵੀ ਕਾਫੀ ਕੁਝ ਗੁਰਸ਼ਰਨ ਸਿੰਘ ਤੋਂ ਪਰੇਰਨਾ ਲੈਣ ਦੇ ਸੁਚੇਤ ਅਤੇ ਸੁਹਿਰਦ ਯਤਨਾਂ 'ਤੇ ਨਿਰਭਰ ਕਰੇਗਾ। ਗੁਰਸ਼ਰਨ ਸਿੰਘ ਵਰਗੇ ਅਕੀਦੇ, ਘਾਲਣਾ ਅਤੇ ਸਮਰਪਣ ਨੂੰ ਲਗਾਤਾਰ ਪਾਲਣ-ਪੋਸਣ ਦੀ ਲੋੜ ਹੋਵੇਗੀ। ਪੰਜਾਬੀ ਰੰਗਮੰਚ ਦੀ ਧਰਤੀ 'ਤੇ ਗੁਰਸ਼ਰਨ ਸਿੰਘ ਦੀ ਵਰਾਸਤ ਦੇ ਬੀਜ ਖਿਲਰੇ ਹੋਏ ਹਨ। ਪਰ ਇਹਨਾਂ ਬੀਜਾਂ ਨੂੰ ਸਿੰਜਣ ਦੀ ਲੋੜ ਹੋਵੇਗੀ। ਇਹਨਾਂ ਬੀਜਾਂ ਦੀ ਫਸਲ ਦੀ ਲਗਾਤਾਰ ਗੋਡੀ ਕਰਨ ਦੀ ਲੋੜ ਹੋਵੇਗੀ, ਕਿਉਂਕਿ ਜਗੀਰੂ-ਸਾਮਰਾਜੀ ਸੱਭਿਆਚਾਰਕ ਹਮਲੇ ਦਾ ਨਦੀਣ ਆਸੇ-ਪਾਸੇ ਪੁੰਗਰ ਰਿਹਾ ਹੈ।
ਬਰਾਬਰੀ ਅਧਾਰਤ ਸਮਾਜ ਗੁਰਸ਼ਰਨ ਸਿੰਘ ਦਾ ਟੀਚਾ ਸੀ। ਮਨੁੱਖੀ ਬਰਾਬਰੀ ਉਹਨਾਂ ਲਈ ਸਿਰਫ ਇੱਕ ਸਿਧਾਂਤ ਨਹੀਂ ਸੀ। ਨਿਰਾ ਵਿਚਾਰ ਜਾਂ ਨਾਹਰਾ ਨਹੀਂ ਸੀ। ਬਰਾਬਰੀ ਦੀ ਇਹ ਭਾਵਨਾ ਉਹਨਾਂ ਦੇ ਕਦਰ-ਪ੍ਰਬੰਧ 'ਚ ਰਚੀ ਹੋਈ ਸੀ। ਉਹਨਾਂ ਦਾ ਸਭਿਆਚਾਰ ਬਣੀ ਹੋਈ ਸੀ। ਜਾਤ-ਹੰਕਾਰ ਅਤੇ ਮਰਦ-ਹੰਕਾਰ ਦੀ ਬਿਰਤੀ ਨੂੰ ਉਹ ਦਿਲ ਦੀਆਂ ਡੂੰਘਾਈਆਂ 'ਚੋਂ ਸਖਤ ਨਫਰਤ ਕਰਦੇ ਸਨ। ਦਬਾਈਆਂ ਹੋਈਆਂ ਜਾਤਾਂ ਅਤੇ ਔਰਤਾਂ ਪ੍ਰਤੀ ਉਹਨਾਂ ਦਾ ਰਵੱਈਆ ਤਰਸ ਦੀ ਭਾਵਨਾ ਵਾਲਾ ਨਹੀਂ ਸੀ। ਉਹਨਾਂ ਦੀਆਂ ਤਕਰੀਰਾਂ, ਨਾਟਕ ਅਤੇ ਤਰਜ਼ੇ-ਜਿੰਦਗੀ ਇਹਨਾਂ ਸਮਾਜਿਕ ਪਰਤਾਂ ਅੰਦਰ ਅੰਗੜਾਈ ਲੈਂਦੀ ਸਵੈ-ਮਾਣ ਦੀ ਭਾਵਨਾ ਨਾਲ ਇੱਕਮਿੱਕ ਸਨ। ਇਸ ਪੱਖ ਦੀ ਇੱਕ ਉੱਘੜਵੀਂ ਮਿਸਾਲ ''ਨਵਾਂ ਜਨਮ'' ਨਾਟਕ ਸੀ। ਗੁਰਸ਼ਰਨ ਸਿੰਘ ਦੀ ਸਖਸ਼ੀਅਤ ਆਪਣੇ ਆਪ ਵਿੱਚ ਹੀ ਇਸ ਗਲਤ ਪ੍ਰਭਾਵ ਦਾ ਖੰਡਨ ਸੀ ਕਿ ਕਮਿਊਨਿਸਟ, ਇਨਕਲਾਬੀ ਅਤੇ ਅਗਾਂਹਵਧੂ ਲਹਿਰ ਜਾਤ-ਹੰਕਾਰ ਅਤੇ ਮਰਦ-ਹੰਕਾਰ ਤੋਂ ਮੁਕਤ ਮਨੁੱਖੀ ਭਾਵਨਾਵਾਂ ਸਿਰਜਣ ਅਤੇ ਸਥਾਪਤ ਕਰਨ ਦੇ ਸਮਰੱਥ ਨਹੀਂ ਹੈ।
ਸਾਮਰਾਜੀ ਸਭਿਆਚਾਰਕ ਹਮਲੇ ਖਿਲਾਫ ਉਹਨਾਂ ਨੇ ਹਮੇਸ਼ਾ ਗਰਜਵੀਂ ਆਵਾਜ਼ ਬੁਲੰਦ ਕੀਤੀ। ਪਰ ਗੁਰਸ਼ਰਨ ਸਿੰਘ ਉਹਨਾਂ 'ਚੋਂ ਨਹੀਂ ਸਨ, ਜੋ ਸਭਿਆਚਾਰਕ ਖੇਤਰ ਦੀ ਲੜਾਈ ਨੂੰ ਪੰਜਾਬੀ ਸਭਿਆਚਾਰ ਬਨਾਮ ਪੱਛਮੀ ਸਭਿਆਚਾਰ ਵਜੋਂ ਵੇਖਦੇ ਹਨ। ਉਹ ਪੱਛਮੀ ਸਭਿਆਚਾਰ ਦੇ ਨਿੱਘਰੇ ਸਾਮਰਾਜੀ ਪਹਿਲੂ ਦੇ ਬੇਕਿਰਕ ਅਲੋਚਕ ਸਨ। ਪਰ ਉਹਨਾਂ ਨਰੋਈਆਂ ਕਦਰਾਂ-ਕੀਮਤਾਂ ਨੂੰ ਮਹੱਤਵ ਦਿੰਦੇ ਸਨ, ਜੋ ਜਗੀਰੂ ਪ੍ਰਬੰਧ ਖਿਲਾਫ ਮਹਾਨ ਜਾਗਰਤੀ ਅਤੇ ਇਨਕਲਾਬਾਂ ਦੇ ਦੌਰ 'ਚ ਪੱਛਮੀ ਮੁਲਕਾਂ 'ਚ ਉੱਭਰੀਆਂ ਅਤੇ ਸਥਾਪਤ ਹੋਈਆਂ। ਦੂਜੇ ਪਾਸੇ ''ਪੰਜਾਬੀ ਸਭਿਆਚਾਰ'' ਬਾਰੇ ਵੀ ਉਹਨਾਂ ਦਾ ਜਮਾਤੀ ਨਜ਼ਰੀਆ ਸੀ। ਪੰਜਾਬੀ ਸਭਿਆਚਾਰ ਦੇ ਨਾਂ ਹੇਠ ਜਗੀਰੂ ਕਦਰਾਂ-ਕੀਮਤਾਂ ਦੇ ਗੁਣ-ਗਾਣ ਨਾਲ ਉਹਨਾਂ ਨੂੰ ਸਖਤ ਨਫਰਤ ਸੀ। ਔਰਤਾਂ ਪ੍ਰਤੀ ਤ੍ਰਿਸਕਾਰ ਦੀ ਜਗੀਰੂ ਭਾਵਨਾ ਵਿਸ਼ੇਸ਼ ਕਰਕੇ ਉਹਨਾਂ ਦੀ ਸਖਤ ਨੁਕਤਾਚੀਨੀ ਦੀ ਮਾਰ ਹੇਠ ਆਉਂਦੀ ਸੀ। ਜਮਹੂਰੀ ਰਵੱਈਆ ਅਤੇ ਕਦਰਾਂ-ਕੀਮਤਾਂ ਗ੍ਰਹਿਣ ਕਰਨ ਪੱਖੋਂ ਸਭਨਾਂ ਲੇਖਕਾਂ, ਕਲਾਕਾਰਾਂ ਅਤੇ ਇਨਕਲਾਬੀ ਕਾਰਕੁਨਾਂ ਦੀ ਹਾਲਤ ਸਾਵੀਂ ਨਹੀਂ ਹੈ। ਇਸ ਪੱਖੋਂ ਗੁਰਸ਼ਰਨ ਸਿੰਘ ਦੀ ਸਖਸ਼ੀਅਤ ਤੋਂ ਪ੍ਰੇਰਨਾ ਲੈਣ ਦੀ ਵਿਸ਼ੇਸ਼ ਅਹਿਮੀਅਤ ਹੈ।
ਇਨਕਲਾਬੀ ਪੰਜਾਬੀ ਰੰਗਮੰਚ ਅਤੇ ਲੋਕਾਂ ਦੀ ਲਹਿਰ ਨੂੰ ਗੁਰਸ਼ਰਨ ਸਿੰਘ ਦੀ ਗੂੰਜਦੀ ਆਵਾਜ਼ ਦਾ ਵਿਗੋਚਾ ਅਤੇ ਖਲਾਅ ਕਾਫੀ ਚਿਰ ਮਹਿਸੂਸ ਹੁੰਦਾ ਰਹੇਗਾ। ਪੰਜਾਬੀ ਸ਼ਾਇਰ ਸੁਰਜੀਤ ਪਾਤਰ ਨੇ ਕਿਸੇ ਸ਼ੇਅਰ ਰਾਹੀਂ ਸੁਝਾਇਆ ਹੈ ਕਿ ਸੱਖਣੇਪਣ ਅੰਦਰ ਗੂੰਜ ਪੈਦਾ ਕਰਨ ਲਈ ''ਆਂਦਰਾਂ ਨੂੰ ਤਾਰਾਂ ਵਾਂਗ'' ਕਸ ਲੈਣ ਦੀ ਜ਼ਰੂਰਤ ਹੁੰਦੀ ਹੈ। ਰੰਗਮੰਚ ਦੇ ਉਹਨਾਂ ਸੰਗਰਾਮੀਆਂ ਨੂੰ ਜਿਹੜੇ ਗੁਰਸ਼ਰਨ ਸਿੰਘ ਦੇ ਖਲਾਅ ਨੂੰ ਪੂਰਨ ਲਈ ''ਜਿੰਦਗੀ ਦਾ ਸਾਜ਼'' ਬਣ ਕੇ ਥਰਕਣਾ ਚਾਹੁੰਦੇ ਹਨ, ਇਹੋ ਕਰਨਾ ਪੈਣਾ ਹੈ।
-੦-
Converted from Satluj to Unicode

No comments:

Post a Comment