ਗੁਰਸ਼ਰਨ ਸਿੰਘ ਤੋਂ ਪਿੱਛੋਂ
ਸੱਖਣੇਪਣ ਦੇ ਰੂ-ਬ-ਰੂ
—ਜਸਪਾਲ ਜੱਸੀ
ਗੁਰਸ਼ਰਨ ਸਿੰਘ ਚਲੇ ਗਏ! ਕੁਦਰਤ ਦੇ ਅਟੱਲ ਨੇਮਾਂ ਅਨੁਸਾਰ ਇੱਕ ਦਿਨ ਉਹਨਾਂ ਜਾਣਾ ਹੀ ਸੀ। ਫ਼ਖ਼ਰਯੋਗ, ਮਾਣਮੱਤੀ, ਸੰਵੇਦਨਸ਼ੀਲ, ਸੰਗਰਾਮੀ, ਇਨਕਲਾਬੀ ਜ਼ਿੰਦਗੀ ਦੀ ਧੜਕਣ ਨੇ ਇੱਕ ਦਿਨ ਖਾਮੋਸ਼ ਹੋ ਜਾਣਾ ਸੀ। ਅਸੀਂ ਸਾਰੇ ਇਹ ਗੱਲ ਜਾਣਦੇ ਸਾਂ। ਜਦੋਂ 11 ਜਨਵਰੀ 2006 ਨੂੰ ਕੁੱਸੇ ਪਿੰਡ ਦੀ ਧਰਤੀ 'ਤੇ ਹਜ਼ਾਰਾਂ ਲੋਕਾਂ ਦੇ ਠਾਠਾਂ ਮਾਰਦੇ ਇਕੱਠ ਨੇ ਉਹਨਾਂ ਦੀ ਜੀਵਨ-ਘਾਲਣਾ ਨੂੰ ਜਨਤਕ ਸਲਾਮ ਭੇਟ ਕੀਤੀ ਅਤੇ ਉਹਨਾਂ ਨੂੰ ''ਇਨਕਲਾਬੀ ਨਿਹਚਾ ਸਨਮਾਨ'' ਦੇ ਕੇ ਸਤਿਕਾਰਿਆ, ਉਦੋਂ ਵੀ ਨੇੜੇ ਢੁਕ ਰਹੀ ਇਸ ਅਟੱਲ ਹੋਣੀ ਦੇ ਫਿਕਰ ਭਰੇ ਸੰਕੇਤ ਚਰਚਾ ਵਿੱਚ ਆਏ ਸਨ। ਉਹਨਾਂ ਦੇ ਲੰਮੇ ਜੀਵਨ ਲਈ ਸ਼ੁਭ ਕਾਮਨਾਵਾਂ ਭੇਟ ਹੋਈਆਂ ਸਨ। ਇਹ ਜ਼ਿਕਰ ਹੋਇਆ ਸੀ ਕਿ ਮੌਤ ਅਜਿਹੇ ਇਨਸਾਨ ਦੀ ਕਰਨੀ ਅਤੇ ਘਾਲਣਾ ਨੂੰ ਸਮਾਜਿਕ ਜੀਵਨ 'ਚੋਂ ਖਾਰਜ ਨਹੀਂ ਕਰ ਸਕਦੀ:
''ਸਾਡੇ ਕਰਮਾਂ ਦੀਆਂ ਪੈੜਾਂ ਨੇ
ਜੀਵਨ ਦੀ ਧਾਰਾ ਹੋ ਜਾਣਾ
ਜਿਉਂਦੇ ਰੰਗ ਦੀਆਂ ਤਰੰਗਾਂ ਨੇਕੱਲ੍ਹ ਦਾ ਲਿਸ਼ਕਾਰਾ ਹੋ ਜਾਣਾ
ਮਿਹਨਤ ਦੇ ਕੂਚ ਨਗਾਰੇ ਦਾ
ਜੇਤੂ ਧਮਕਾਰਾ ਹੋ ਜਾਣਾ
ਸਾਹਾਂ ਵਿੱਚ ਰਚ ਕੇ ਜਿੰਦਗੀ ਦੇ
ਅਸੀਂ ਸਦਾ ਸਦਾ ਲਈ ਜੀ ਰਹਿਣਾ
ਅਸੀਂ ਢਲਦੇ ਤਨ ਦੇ ਫਿਕਰਾਂ ਨੂੰ
ਸੀਨੇ ਚਿਪਕਾ ਕੇ ਕੀ ਲੈਣਾ''
ਗੁਰਸ਼ਰਨ ਸਿੰਘ ਦੇ ਹਿੱਸੇ 82 ਵਰ੍ਹੇ ਦੀ ਲੰਮੀ ਅਰਥ-ਭਰਪੂਰ ਜਿੰਦਗੀ ਆਈ। ਪਰ ਇਸ ਦੇ ਬਾਵਜੂਦ ਉਹਨਾਂ ਦੇ ਤੁਰ ਜਾਣ ਦੀ ਘੜੀ, ਜਦੋਂ ਵੀ ਆਉਣੀ ਸੀ, ਇੱਕ ਸਦਮਾ ਬਣ ਕੇ ਆਉਣੀ ਸੀ। ਗੁਰਸ਼ਰਨ ਸਿੰਘ ਨੇ, ਤੁਰ ਜਾਣ ਪਿੱਛੋਂ ਵੀ ਆਪਣੀ ਹੋਂਦ ਅਣਗਿਣਤ ਨੈਣਾਂ ਦੀ ਬੇਕਾਬੂ ਛਲਕ ਰਾਹੀਂ ਦਰਸਾਉਣੀ ਸੀ!
28 ਸਤੰਬਰ ਨੂੰ ਜਦੋਂ ਚੰਡੀਗੜ੍ਹ ਦੇ 25 ਸੈਕਟਰ 'ਚ ਉਹਨਾਂ ਨੂੰ ਅੰਤਿਮ ਵਿਦਾਇਗੀ ਦਿੱਤੀ ਜਾ ਰਹੀ ਸੀ ਤਾਂ ਇਹ ਨਾਹਰਾ ਵਾਰ ਵਾਰ ਗੂੰਜ ਰਿਹਾ ਸੀ, ''ਗੁਰਸ਼ਰਨ ਸਿੰਘ ਕਿਤੇ ਨਹੀਂ ਗਏ, ਗੁਰਸ਼ਰਨ ਸਿੰਘ ਸਾਡੇ ਦਿਲਾਂ 'ਚ ਨੇ''!
ਉਹਨਾਂ ਦੀ ਮ੍ਰਿਤਕ ਦੇਹ ਕੋਲ ਖਲੋ ਕੇ ਉਹੀ ਬੋਲ ਇੱਕ ਵਾਰੀ ਫੇਰ ਦੁਹਰਾਏ ਜਾ ਰਹੇ ਸਨ, ਜੋ 11 ਜਨਵਰੀ 2006 ਨੂੰ ਕੁੱਸੇ ਦੀ ਧਰਤੀ 'ਤੇ ਹਜ਼ਾਰਾਂ ਲੋਕਾਂ ਵੱਲੋਂ ਗੁਰਸ਼ਰਨ ਸਿੰਘ ਦੇ ਸਤਿਕਾਰ 'ਚ ਖੜ੍ਹੇ ਹੋ ਕੇ ਸਾਂਝੇ ਤੌਰ 'ਤੇ ਉਚਾਰੇ ਗਏ ਸਨ। ਗੁਰਸ਼ਰਨ ਸਿੰਘ ਨੂੰ ਭੇਟ ਕੀਤੇ ਸਨਮਾਨ ਪੱਤਰ ਦੇ ਇਹ ਸ਼ਬਦ ਰਤਾ ਕੁ ਤਬਦੀਲੀ ਨਾਲ ਹੁਣ ਸ਼ਰਧਾਂਜਲੀ ਅਹਿਦਨਾਮੇ 'ਚ ਵਟ ਗਏ ਸਨ:
''ਅਸੀਂ ਪੰਜਾਬ ਦੇ ਲੋਕਾਂ ਦੀ ਇਨਕਲਾਬੀ ਲਹਿਰ ਵੱਲੋਂ ਗੁਰਸ਼ਰਨ ਸਿੰਘ ਦੀ ਇਨਕਲਾਬੀ ਜੀਵਨ-ਘਾਲਣਾ ਨੂੰ ਆਪਣਾ ਸਲਾਮ ਭੇਟ ਕਰਦੇ ਹਾਂ।
ਅਸੀਂ ਮਾਣ ਮਹਿਸੂਸ ਕਰਦੇ ਹਾਂ ਕਿ ਗੁਰਸ਼ਰਨ ਸਿੰਘ ਦੀ ਰਹਿਨੁਮਾਈ ਹੇਠ ਉੱਸਰੇ ਪੰਜਾਬ ਦੇ ਰੰਗਮੰਚ 'ਤੇ ਸਾਡੇ ਸੁਪਨਿਆਂ ਦੀ ਲੋਅ ਜਗਦੀ ਹੈ, ਸਾਡੇ ਵਿਰਸੇ ਦਾ ਸੂਰਜ ਚਮਕਦਾ ਹੈ, ਸਾਡੇ ਸੰਘਰਸ਼-ਨਗਾਰੇ ਦੀ ਧਮਕ ਗੂੰਜਦੀ ਹੈ, ਸਾਡੇ ਭਵਿੱਖ ਦਾ ਝੰਡਾ ਲਹਿਰਾਉਂਦਾ ਹੈ ਅਤੇ ਲਹਿਰਾਉਂਦਾ ਰਹੇਗਾ।
ਸਾਨੂੰ ਮਾਣ ਹੈ ਕਿ ਗੁਰਸ਼ਰਨ ਸਿੰਘ ਦੀ ਕਲਾ ਦੀ ਪ੍ਰੇਰਨਾ ਸਾਡੇ ਦਿਲਾਂ 'ਚ ਧੜਕਦੀ ਹੈ, ਸਾਡੇ ਮੱਥਿਆਂ 'ਚ ਜਗਦੀ ਹੈ, ਸਾਡੇ ਨੈਣਾਂ 'ਚ ਬਲਦੀ ਹੈ, ਤਣੇ ਹੋਏ ਮੁੱਕਿਆਂ 'ਚ ਲਹਿਰਾਉਂਦੀ ਹੈ ਅਤੇ ਲਹਿਰਾਉਂਦੀ ਰਹੇਗੀ।''.. ..
''ਸਾਨੂੰ ਮਾਣ ਹੈ ਕਿ ਸਾਡਾ ਗੁਰਸ਼ਰਨ ਸਿੰਘ, ਜਿੰਦਗੀ-ਭਰ ਸਾਡਾ ਹੋ ਕੇ ਜਿਉਂਇਆ ਹੈ। ਲਟ ਲਟ ਬਲਦੀ ਇਨਕਲਾਬੀ ਨਿਹਚਾ ਦੀ ਇਸ ਮੂਰਤ ਨੂੰ ਅਸੀਂ ਆਪਣੀਆਂ ਪਲਕਾਂ 'ਤੇ ਬਿਠਾ ਕੇ ਰੱਖਾਂਗੇ।
ਅਸੀਂ ਅਹਿਦ ਕਰਦੇ ਹਾਂ ਕਿ ਅਸੀਂ ਗੂੜ੍ਹੀ ਲੋਅ ਨਾਲ ਚਮਕਦੇ ਲੋਕਾਂ ਦੀ ਲਹਿਰ ਦੇ ਇਸ ਸਿਤਾਰੇ ਦੀ ਘਾਲਣਾ ਨੂੰ ਕਦੇ ਵੀ ਨਹੀਂ ਭੁੱਲਾਂਗੇ। ਨਿਹਫਲ ਨਹੀਂ ਜਾਣ ਦਿਆਂਗੇ। ਲੋਕਾਂ ਦੀ ਲਹਿਰ ਅਤੇ ਲੋਕਾਂ ਦੀ ਕਲਾ ਦੇ ਰਿਸ਼ਤੇ ਨੂੰ ਹੋਰ ਗੂੜ੍ਹਾ ਕਰਾਂਗੇ। ਲੋਕ-ਸੰਗਰਾਮਾਂ ਦਾ ਕਾਫ਼ਲਾ ਹੋਰ ਵੱਡਾ ਕਰਾਂਗੇ। ਇਸ ਨੂੰ ਨਵੇਂ ਸਮਾਜ ਦੀ ਮੰਜ਼ਲ ਤੱਕ ਲੈ ਕੇ ਜਾਵਾਂਗੇ।''
ਗੁਰਸ਼ਰਨ ਸਿੰਘ ਦੇ ਤੁਰ ਜਾਣ ਪਿੱਛੋਂ ਵੀ ਉਸਦੀ ਹੋਂਦ ਦੇ ਇਸ ਜਿਉਂਦੇ ਜਾਗਦੇ ਧੜਕਦੇ ਅਹਿਸਾਸ ਦੇ ਬਾਵਜੂਦ ਸੱਖਣੇਪਣ ਦੀ ਇੱਕ ਡੂੰਘੀ ਭਾਵਨਾ ਮੌਜੂਦ ਸੀ। ਇਹ ਸੱਖਣਾਪਣ ਨੈਣਾਂ 'ਚ ਉਮਡ ਰਿਹਾ ਸੀ, ਪਲਕਾਂ 'ਤੇ ਛਲਕ ਰਿਹਾ ਸੀ, ਉਦਰੇਵੇਂ ਭਰੀਆਂ ਆਪਸੀ ਗਲਵੱਕੜੀਆਂ ਰਾਹੀਂ ਪ੍ਰਗਟ ਹੋ ਰਿਹਾ ਸੀ ਅਤੇ ਮ੍ਰਿਤਕ ਦੇਹ ਨੂੰ ਅੰਤਿਮ ਵਿਦਾਇਗੀ ਦੇਣ ਪਿੱਛੋਂ ਚੁੱਪ ਚਾਪ ਬੈਠੇ ਇਕੱਠ ਦੀ ਖਾਮੋਸ਼ੀ 'ਚ ਬਿਰਾਜਮਾਨ ਸੀ।
ਇਹ ਸੱਖਣਾਪਣ ਸਿਰਫ ਗੁਰਸ਼ਰਨ ਸਿੰਘ ਦੀ ਹਾਜ਼ਰੀ ਦੀ ਵਿਲੱਖਣ ਛੋਹ ਗੁਆਚ ਜਾਣ ਦਾ ਨਤੀਜਾ ਨਹੀਂ ਸੀ। ਜਜ਼ਬਾਤਾਂ ਅਤੇ ਭਾਵਨਾਵਾਂ ਨੇ ਇਹ ਛੋਹ ਦਹਾਕਿਆਂ-ਬੱਧੀ ਮਾਣੀ ਹੈ। ਇਸ ਦਾ ਅਲੋਪ ਹੋ ਜਾਣਾ ਉਦਾਸੀ ਪੈਦਾ ਕਰਦਾ ਹੈ। ਤਾਂ ਵੀ ਅਜਿਹੇ ਖਲਾਅ ਨੂੰ ਮਨ ਕੁਝ ਅਰਸੇ 'ਚ ਪੂਰ ਲੈਂਦੇ ਹਨ, ਸਾਵੇਂ ਹੋ ਜਾਂਦੇ ਹਨ ਅਤੇ ਜਿੰਦਗੀ ਆਪਣੀ ਤੋਰ ਤੁਰ ਪੈਂਦੀ ਹੈ।
ਪਰ ਗੁਰਸ਼ਰਨ ਸਿੰਘ ਦੇ ਤੁਰ ਜਾਣ ਨਾਲ ਪੈਦਾ ਹੋਏ ਸੱਖਣੇਪਣ ਦੇ ਅਰਥ ਇਸ ਨਾਲੋਂ ਕਿਤੇ ਵੱਡੇ ਹਨ। ਇਹ ਹਕੀਕੀ ਸੱਖਣਾਪਣ ਹੈ, ਜਿਹੜਾ ਇਨਕਲਾਬੀ ਪੰਜਾਬੀ ਰੰਗਮੰਚ ਦੇ ਅਸਲੀ ਥੰਮ੍ਹ ਦੇ ਅਲੋਪ ਹੋ ਜਾਣ ਨਾਲ ਪੈਦਾ ਹੋਇਆ ਹੈ। ਇਸਦਾ ਪੂਰਾ ਅਹਿਸਾਸ ਆਉਂਦੇ ਦਿਨਾਂ 'ਚ ਅਮਲੀ ਤਜਰਬੇ ਰਾਹੀਂ ਹੋਵੇਗਾ। ਗੁਰਸ਼ਰਨ ਸਿੰਘ ਦੇ ਤੁਰ ਜਾਣ ਦਾ ਪੰਜਾਬੀਆਂ ਦੀ ਇਨਕਲਾਬੀ ਰੰਗਮੰਚ ਲਹਿਰ 'ਤੇ ਕੀ ਅਸਰ ਪੈਂਦਾ ਹੈ, ਇਸ ਦਾ ਪੂਰਾ ਪਤਾ ਵੀ ਆਉਂਦੇ ਦਿਨਾਂ 'ਚ ਲੱਗਣਾ ਹੈ। ਪੰਜਾਬ ਦੇ ਰੰਗਮੰਚ 'ਤੇ ਗੁਰਸ਼ਰਨ ਸਿੰਘ ਦੀ ਹਾਜ਼ਰੀ ਅਸਾਧਾਰਨ ਹੋ ਨਿੱਬੜੀ ਹੈ। ਉਹਨਾਂ ਨੇ ਇਨਕਲਾਬੀ ਨਾਟਕ ਲਹਿਰ ਦੇ ਸ਼੍ਰੋਮਣੀ ਉਸਰੱਈਏ ਦਾ ਰੋਲ ਅਦਾ ਕੀਤਾ ਅਤੇ ਫੇਰ ਇਸ ਉੱਸਰੀ ਹੋਈ ਲਹਿਰ ਦੇ ਇਨਕਲਾਬੀ ਤੰਤ ਅਤੇ ਜੁੱਸੇ ਦੀ ਰਾਖੀ ਕਰਨ 'ਚ ਅਹਿਮ ਰੋਲ ਅਦਾ ਕੀਤਾ। ਤਿਲ੍ਹਕਣਾਂ ਅਤੇ ਕਮਜ਼ੋਰੀਆਂ ਦੇ ਪਰਛਾਵੇਂ ਇਸ ਸ਼ਾਨਦਾਰ ਇਨਕਲਾਬੀ ਰੰਗਮੰਚ ਲਹਿਰ ਦੇ ਆਲੇ-ਦੁਆਲੇ ਮੰਡਲਾਉਂਦੇ ਰਹੇ ਹਨ। ਅਜਿਹੀ ਹਾਲਤ 'ਚ ਗੁਰਸ਼ਰਨ ਸਿੰਘ ਦੇ ਇਨਕਲਾਬੀ ਸਮਰਪਣ ਦਾ ਜਲੌਅ ਕਈ ਨਾਟਕ ਮੰਡਲੀਆਂ ਅਤੇ ਕਲਾਕਾਰਾਂ ਦੇ ਡੋਲਦੇ ਥਿੜਕਦੇ ਕਦਮਾਂ ਨੂੰ ਬੋਚ ਲੈਂਦਾ ਰਿਹਾ ਹੈ। ਗੁਰਸ਼ਰਨ ਸਿੰਘ ਦੀ ਕਲਾ-ਪ੍ਰਤਿਭਾ ਦੀ ਛੋਹ ਹੇਠ ਸਮਰੱਥ ਕਲਾਕਾਰਾਂ ਦੇ ਪੂਰਾਂ ਦੇ ਪੂਰ ਉੱਭਰੇ। ਇਹ ਬਹੁਤ ਵੱਡੀ ਅਤੇ ਲਾਮਿਸਾਲ ਪ੍ਰਾਪਤੀ ਸੀ। ਪਰ ਇਸ ਤੋਂ ਵੀ ਵੱਡੀ ਪ੍ਰਾਪਤੀ ਇਹਨਾਂ ਕਲਾਕਾਰਾਂ ਦੀ ਵੱਡੀ ਗਿਣਤੀ ਨੂੰ ਇੱਕ ਜਾਂ ਦੂਜੇ ਢੰਗ ਨਾਲ ਇਨਕਲਾਬੀ, ਲੋਕ-ਪੱਖੀ ਰੰਗਮੰਚ ਦੀ ਬੁੱਕਲ 'ਚ ਰੱਖ ਸਕਣਾ ਸੀ।
ਅਜਮੇਰ ਔਲਖ ਨੇ ਇਹ ਦਰੁਸਤ ਟਿੱਪਣੀ ਕੀਤੀ ਸੀ ਕਿ ਪੰਜਾਬ ਦੇ ਪਿੰਡਾਂ 'ਚ ਪੰਜਾਬੀ ਰੰਗਮੰਚ ਦੀਆਂ ਕੰਕਰੀਟ ਦੀਆਂ ਪੱਕੀਆਂ ਕੰਧਾਂ ਗੁਰਸ਼ਰਨ ਸਿੰਘ ਨੇ ਉਸਾਰੀਆਂ ਹਨ। ਇਪਟਾ ਰਾਹੀਂ ਸ਼ੁਰੂ ਹੋਈ ਰੰਗਮੰਚ ਲਹਿਰ ਨੂੰ ਕਲਾ-ਮਿਆਰਾਂ ਪੱਖੋਂ ਕਿਤੇ ਉੱਚੇ ਪੱਧਰ 'ਤੇ ਲੈ ਜਾਣ ਦੀ ਭੂਮਿਕਾ ਵੀ ਗੁਰਸ਼ਰਨ ਸਿੰਘ ਨੇ ਨਿਭਾਈ। ਪਰ ਸਭ ਤੋਂ ਵੱਧ ਇਹ ਗੁਰਸ਼ਰਨ ਸਿੰਘ ਦੀ ਇਨਕਲਾਬੀ ਨਿਹਚਾ ਅਤੇ ਸਮਰਪਣ ਹੀ ਸੀ, ਜਿਸ ਨੇ ਉਹਨਾਂ ਨੂੰ ਇਨਕਲਾਬੀ ਨਾਟਕ ਲਹਿਰ ਦੀ ਬੇਜੋੜ ਸ਼ਖਸ਼ੀਅਤ ਬਣਾਇਆ।
ਨਿਰਦੇਸ਼ਨਾ ਅਤੇ ਅਦਾਕਾਰੀ ਦੀਆਂ ਰੌਸ਼ਨ ਮਿਸਾਲਾਂ ਪੱਖੋਂ ਹੁਣ ਵੀ ਪੰਜਾਬੀ ਰੰਗਮੰਚ ਦੀ ਝੋਲੀ ਸੱਖਣੀ ਨਹੀਂ ਹੈ, ਸਗੋਂ ਭਾਗਾਂ ਭਰੀ ਹੈ। ਪਰ ਇਨਕਲਾਬੀ ਨਿਹਚਾ ਅਤੇ ਸਮਰਪਣ ਦੀ ਭਾਵਨਾ ਪੱਖੋਂ ਗੁਰਸ਼ਰਨ ਸਿੰਘ ਦੇ ਮਿਆਰਾਂ ਨੂੰ ਛੋਹਣ ਖਾਤਰ ਇਨਕਲਾਬੀ ਰੰਗਮੰਚ ਲਹਿਰ ਅਜੇ ਸਮਾਂ ਲਵੇਗੀ। ਗੁਰਸ਼ਰਨ ਸਿੰਘ ਦੀ ਹਾਜ਼ਰੀ, ਕਲਾਕਾਰਾਂ ਅੰਦਰ ਮੌਜੂਦ ਲੋਕਾਂ ਪ੍ਰਤੀ ਸਮਰਪਣ ਦੀ ਭਾਵਨਾ ਦੀ ਹਰ ਚਿਣਗ ਨੂੰ ਇੱਕ ਲੜੀ 'ਚ ਪਰੋਅ ਲੈਣ ਦਾ ਰੋਲ ਅਦਾ ਕਰਦੀ ਰਹੀ ਹੈ। ਇਨਕਲਾਬੀ ਪੰਜਾਬੀ ਰੰਗਮੰਚ ਦੀ ਬੱਝਵੀਂ ਹੋਂਦ ਨੂੰ ਖੋਰੇ ਅਤੇ ਖਿੰਡਾਅ ਦੇ ਕਿਸੇ ਵੀ ਖਤਰੇ ਖਿਲਾਫ ਗੁਰਸ਼ਰਨ ਸਿੰਘ ਦੀ ਸਖਸ਼ੀਅਤ ਆਪਣੇ ਆਪ 'ਚ ਹੀ ਢਾਲ ਦਾ ਕੰਮ ਕਰਦੀ ਸੀ। ਈਰਖਾਵਾਂ, ਮੁਕਾਬਲੇਬਾਜ਼ੀ ਅਤੇ ਸੌੜੀ ਧੜੇਬੰਦੀ ਦੀਆਂ ਰੁਚੀਆਂ ਨੂੰ ਕੰਟਰੋਲ ਕਰਨ 'ਚ ਇਸ ਪੱਖ ਨੇ ਅਹਿਮ ਰੋਲ ਅਦਾ ਕੀਤਾ।
ਇਹਨਾਂ ਪੱਖਾਂ ਕਰਕੇ ਗੁਰਸ਼ਰਨ ਸਿੰਘ ਦਾ ਤੁਰ ਜਾਣਾ ਇਨਕਲਾਬੀ ਰੰਗਮੰਚ ਲਹਿਰ ਦੇ ਖੇਤਰ 'ਚ ਇੱਕ ਚੁਣੌਤੀ ਵਰਗੀ ਘਟਨਾ ਹੈ। ਬਿਨਾ ਸ਼ੱਕ, ਗੁਰਸ਼ਰਨ ਸਿੰਘ ਵੱਲੋਂ ਘਾਲੀ ਘਾਲਣਾ ਨਿਹਫਲ ਨਹੀਂ ਜਾਵੇਗੀ। ਉਹਨਾਂ ਵੱਲੋਂ ਅਦਾ ਕੀਤਾ ਰੋਲ ਪਰੇਰਨਾ ਬਣਦਾ ਰਹੇਗਾ। ਇਨਕਲਾਬੀ ਰੰਗਮੰਚ ਲਹਿਰ ਦੀ ਕਦਮ-ਤਾਲ ਨੂੰ ਸਾਵੀਂ ਰੱਖਣ 'ਚ ਆਪਣਾ ਰੋਲ ਅਦਾ ਕਰਦਾ ਰਹੇਗਾ। ਤਾਂ ਵੀ ਕਾਫੀ ਕੁਝ ਗੁਰਸ਼ਰਨ ਸਿੰਘ ਤੋਂ ਪਰੇਰਨਾ ਲੈਣ ਦੇ ਸੁਚੇਤ ਅਤੇ ਸੁਹਿਰਦ ਯਤਨਾਂ 'ਤੇ ਨਿਰਭਰ ਕਰੇਗਾ। ਗੁਰਸ਼ਰਨ ਸਿੰਘ ਵਰਗੇ ਅਕੀਦੇ, ਘਾਲਣਾ ਅਤੇ ਸਮਰਪਣ ਨੂੰ ਲਗਾਤਾਰ ਪਾਲਣ-ਪੋਸਣ ਦੀ ਲੋੜ ਹੋਵੇਗੀ। ਪੰਜਾਬੀ ਰੰਗਮੰਚ ਦੀ ਧਰਤੀ 'ਤੇ ਗੁਰਸ਼ਰਨ ਸਿੰਘ ਦੀ ਵਰਾਸਤ ਦੇ ਬੀਜ ਖਿਲਰੇ ਹੋਏ ਹਨ। ਪਰ ਇਹਨਾਂ ਬੀਜਾਂ ਨੂੰ ਸਿੰਜਣ ਦੀ ਲੋੜ ਹੋਵੇਗੀ। ਇਹਨਾਂ ਬੀਜਾਂ ਦੀ ਫਸਲ ਦੀ ਲਗਾਤਾਰ ਗੋਡੀ ਕਰਨ ਦੀ ਲੋੜ ਹੋਵੇਗੀ, ਕਿਉਂਕਿ ਜਗੀਰੂ-ਸਾਮਰਾਜੀ ਸੱਭਿਆਚਾਰਕ ਹਮਲੇ ਦਾ ਨਦੀਣ ਆਸੇ-ਪਾਸੇ ਪੁੰਗਰ ਰਿਹਾ ਹੈ।
ਬਰਾਬਰੀ ਅਧਾਰਤ ਸਮਾਜ ਗੁਰਸ਼ਰਨ ਸਿੰਘ ਦਾ ਟੀਚਾ ਸੀ। ਮਨੁੱਖੀ ਬਰਾਬਰੀ ਉਹਨਾਂ ਲਈ ਸਿਰਫ ਇੱਕ ਸਿਧਾਂਤ ਨਹੀਂ ਸੀ। ਨਿਰਾ ਵਿਚਾਰ ਜਾਂ ਨਾਹਰਾ ਨਹੀਂ ਸੀ। ਬਰਾਬਰੀ ਦੀ ਇਹ ਭਾਵਨਾ ਉਹਨਾਂ ਦੇ ਕਦਰ-ਪ੍ਰਬੰਧ 'ਚ ਰਚੀ ਹੋਈ ਸੀ। ਉਹਨਾਂ ਦਾ ਸਭਿਆਚਾਰ ਬਣੀ ਹੋਈ ਸੀ। ਜਾਤ-ਹੰਕਾਰ ਅਤੇ ਮਰਦ-ਹੰਕਾਰ ਦੀ ਬਿਰਤੀ ਨੂੰ ਉਹ ਦਿਲ ਦੀਆਂ ਡੂੰਘਾਈਆਂ 'ਚੋਂ ਸਖਤ ਨਫਰਤ ਕਰਦੇ ਸਨ। ਦਬਾਈਆਂ ਹੋਈਆਂ ਜਾਤਾਂ ਅਤੇ ਔਰਤਾਂ ਪ੍ਰਤੀ ਉਹਨਾਂ ਦਾ ਰਵੱਈਆ ਤਰਸ ਦੀ ਭਾਵਨਾ ਵਾਲਾ ਨਹੀਂ ਸੀ। ਉਹਨਾਂ ਦੀਆਂ ਤਕਰੀਰਾਂ, ਨਾਟਕ ਅਤੇ ਤਰਜ਼ੇ-ਜਿੰਦਗੀ ਇਹਨਾਂ ਸਮਾਜਿਕ ਪਰਤਾਂ ਅੰਦਰ ਅੰਗੜਾਈ ਲੈਂਦੀ ਸਵੈ-ਮਾਣ ਦੀ ਭਾਵਨਾ ਨਾਲ ਇੱਕਮਿੱਕ ਸਨ। ਇਸ ਪੱਖ ਦੀ ਇੱਕ ਉੱਘੜਵੀਂ ਮਿਸਾਲ ''ਨਵਾਂ ਜਨਮ'' ਨਾਟਕ ਸੀ। ਗੁਰਸ਼ਰਨ ਸਿੰਘ ਦੀ ਸਖਸ਼ੀਅਤ ਆਪਣੇ ਆਪ ਵਿੱਚ ਹੀ ਇਸ ਗਲਤ ਪ੍ਰਭਾਵ ਦਾ ਖੰਡਨ ਸੀ ਕਿ ਕਮਿਊਨਿਸਟ, ਇਨਕਲਾਬੀ ਅਤੇ ਅਗਾਂਹਵਧੂ ਲਹਿਰ ਜਾਤ-ਹੰਕਾਰ ਅਤੇ ਮਰਦ-ਹੰਕਾਰ ਤੋਂ ਮੁਕਤ ਮਨੁੱਖੀ ਭਾਵਨਾਵਾਂ ਸਿਰਜਣ ਅਤੇ ਸਥਾਪਤ ਕਰਨ ਦੇ ਸਮਰੱਥ ਨਹੀਂ ਹੈ।
ਸਾਮਰਾਜੀ ਸਭਿਆਚਾਰਕ ਹਮਲੇ ਖਿਲਾਫ ਉਹਨਾਂ ਨੇ ਹਮੇਸ਼ਾ ਗਰਜਵੀਂ ਆਵਾਜ਼ ਬੁਲੰਦ ਕੀਤੀ। ਪਰ ਗੁਰਸ਼ਰਨ ਸਿੰਘ ਉਹਨਾਂ 'ਚੋਂ ਨਹੀਂ ਸਨ, ਜੋ ਸਭਿਆਚਾਰਕ ਖੇਤਰ ਦੀ ਲੜਾਈ ਨੂੰ ਪੰਜਾਬੀ ਸਭਿਆਚਾਰ ਬਨਾਮ ਪੱਛਮੀ ਸਭਿਆਚਾਰ ਵਜੋਂ ਵੇਖਦੇ ਹਨ। ਉਹ ਪੱਛਮੀ ਸਭਿਆਚਾਰ ਦੇ ਨਿੱਘਰੇ ਸਾਮਰਾਜੀ ਪਹਿਲੂ ਦੇ ਬੇਕਿਰਕ ਅਲੋਚਕ ਸਨ। ਪਰ ਉਹਨਾਂ ਨਰੋਈਆਂ ਕਦਰਾਂ-ਕੀਮਤਾਂ ਨੂੰ ਮਹੱਤਵ ਦਿੰਦੇ ਸਨ, ਜੋ ਜਗੀਰੂ ਪ੍ਰਬੰਧ ਖਿਲਾਫ ਮਹਾਨ ਜਾਗਰਤੀ ਅਤੇ ਇਨਕਲਾਬਾਂ ਦੇ ਦੌਰ 'ਚ ਪੱਛਮੀ ਮੁਲਕਾਂ 'ਚ ਉੱਭਰੀਆਂ ਅਤੇ ਸਥਾਪਤ ਹੋਈਆਂ। ਦੂਜੇ ਪਾਸੇ ''ਪੰਜਾਬੀ ਸਭਿਆਚਾਰ'' ਬਾਰੇ ਵੀ ਉਹਨਾਂ ਦਾ ਜਮਾਤੀ ਨਜ਼ਰੀਆ ਸੀ। ਪੰਜਾਬੀ ਸਭਿਆਚਾਰ ਦੇ ਨਾਂ ਹੇਠ ਜਗੀਰੂ ਕਦਰਾਂ-ਕੀਮਤਾਂ ਦੇ ਗੁਣ-ਗਾਣ ਨਾਲ ਉਹਨਾਂ ਨੂੰ ਸਖਤ ਨਫਰਤ ਸੀ। ਔਰਤਾਂ ਪ੍ਰਤੀ ਤ੍ਰਿਸਕਾਰ ਦੀ ਜਗੀਰੂ ਭਾਵਨਾ ਵਿਸ਼ੇਸ਼ ਕਰਕੇ ਉਹਨਾਂ ਦੀ ਸਖਤ ਨੁਕਤਾਚੀਨੀ ਦੀ ਮਾਰ ਹੇਠ ਆਉਂਦੀ ਸੀ। ਜਮਹੂਰੀ ਰਵੱਈਆ ਅਤੇ ਕਦਰਾਂ-ਕੀਮਤਾਂ ਗ੍ਰਹਿਣ ਕਰਨ ਪੱਖੋਂ ਸਭਨਾਂ ਲੇਖਕਾਂ, ਕਲਾਕਾਰਾਂ ਅਤੇ ਇਨਕਲਾਬੀ ਕਾਰਕੁਨਾਂ ਦੀ ਹਾਲਤ ਸਾਵੀਂ ਨਹੀਂ ਹੈ। ਇਸ ਪੱਖੋਂ ਗੁਰਸ਼ਰਨ ਸਿੰਘ ਦੀ ਸਖਸ਼ੀਅਤ ਤੋਂ ਪ੍ਰੇਰਨਾ ਲੈਣ ਦੀ ਵਿਸ਼ੇਸ਼ ਅਹਿਮੀਅਤ ਹੈ।
ਇਨਕਲਾਬੀ ਪੰਜਾਬੀ ਰੰਗਮੰਚ ਅਤੇ ਲੋਕਾਂ ਦੀ ਲਹਿਰ ਨੂੰ ਗੁਰਸ਼ਰਨ ਸਿੰਘ ਦੀ ਗੂੰਜਦੀ ਆਵਾਜ਼ ਦਾ ਵਿਗੋਚਾ ਅਤੇ ਖਲਾਅ ਕਾਫੀ ਚਿਰ ਮਹਿਸੂਸ ਹੁੰਦਾ ਰਹੇਗਾ। ਪੰਜਾਬੀ ਸ਼ਾਇਰ ਸੁਰਜੀਤ ਪਾਤਰ ਨੇ ਕਿਸੇ ਸ਼ੇਅਰ ਰਾਹੀਂ ਸੁਝਾਇਆ ਹੈ ਕਿ ਸੱਖਣੇਪਣ ਅੰਦਰ ਗੂੰਜ ਪੈਦਾ ਕਰਨ ਲਈ ''ਆਂਦਰਾਂ ਨੂੰ ਤਾਰਾਂ ਵਾਂਗ'' ਕਸ ਲੈਣ ਦੀ ਜ਼ਰੂਰਤ ਹੁੰਦੀ ਹੈ। ਰੰਗਮੰਚ ਦੇ ਉਹਨਾਂ ਸੰਗਰਾਮੀਆਂ ਨੂੰ ਜਿਹੜੇ ਗੁਰਸ਼ਰਨ ਸਿੰਘ ਦੇ ਖਲਾਅ ਨੂੰ ਪੂਰਨ ਲਈ ''ਜਿੰਦਗੀ ਦਾ ਸਾਜ਼'' ਬਣ ਕੇ ਥਰਕਣਾ ਚਾਹੁੰਦੇ ਹਨ, ਇਹੋ ਕਰਨਾ ਪੈਣਾ ਹੈ।
ਗੁਰਸ਼ਰਨ ਸਿੰਘ ਦੀ ਇਨਕਲਾਬੀ
ਜੀਵਨ-ਘਾਲਣਾ ਦਾ ਮਹੱਤਵ
—ਜਸਪਾਲ ਜੱਸੀ
(ਇਹ ਲਿਖਤ ਜਨਵਰੀ 2006 'ਚ ਹੋਏ ਗੁਰਸ਼ਰਨ ਸਿੰਘ ਇਨਕਲਾਬੀ ਨਿਹਚਾ ਸਨਮਾਨ ਸਮਾਰੋਹ ਦੇ ਪ੍ਰਸੰਗ 'ਚ ਸਨਮਾਨ ਸਮਾਰੋਹ ਕਮੇਟੀ ਵੱਲੋਂ ਜਾਰੀ ਕੀਤੀ ਗਈ ਸੀ।)
ਪੰਜਾਬ ਦੀ ਇਨਕਲਾਬੀ ਜਮਹੂਰੀ ਲਹਿਰ ਵੱਲੋਂ ਉੱਘੀ ਅਤੇ ਹਰਮਨਪਿਆਰੀ ਬਜ਼ੁਰਗ ਇਨਕਲਾਬੀ ਸਖਸ਼ੀਅਤ, ਸ਼੍ਰੀ ਗੁਰਸ਼ਰਨ ਸਿੰਘ ਦੀ ਇਨਕਲਾਬੀ ਜੀਵਨ ਘਾਲਣਾ ਨੂੰ ਸਲਾਮ ਕਰਨ ਲਈ ਇੱਕ ਵਿਸ਼ੇਸ਼ ਜਨਤਕ ਹੰਭਲਾ ਜੁਟਾਇਆ ਜਾ ਰਿਹਾ ਹੈ। 11 ਜਨਵਰੀ ਨੂੰ, ਸਵੇਰੇ 11 ਵਜੇ ਪੰਜਬ ਦੇ ਵੱਖ ਵੱਖ ਕੋਨਿਆਂ 'ਚੋਂ ਹਜ਼ਾਰਾਂ ਮਜ਼ਦੂਰ, ਕਿਸਾਨ, ਮੁਲਾਜ਼ਮ, ਵਿਦਿਆਰਥੀ, ਨੌਜੁਆਨ, ਔਰਤਾਂ, ਕਲਾਕਾਰ, ਜਮਹੂਰੀ ਹੱਕਾਂ ਦੇ ਕਾਰਕੁੰਨ ਅਤੇ ਬੁੱਧੀਜੀਵੀ ਮੋਗਾ ਨੇੜੇ ਪਿੰਡ ਕੁੱਸਾ ਵਿੱਚ ਇਕੱਤਰ ਹੋਣਗੇ ਅਤੇ ਸ੍ਰੀ ਗੁਰਸ਼ਰਨ ਸਿੰਘ ਨੂੰ ''ਇਨਕਲਾਬੀ ਨਿਹਚਾ ਸਨਮਾਨ'' ਨਾਲ ਸਤਿਕਾਰਨਗੇ। ਇਸ ਮਕਸਦ ਲਈ ਇਨਕਲਾਬੀ ਜਮਹੂਰੀ ਲਹਿਰ ਦੇ ਵੱਖ ਵੱਖ ਖੇਤਰਾਂ ਨਾਲ ਸਬੰਧਤ ਉੱਭਰਵੀਆਂ ਸਖਸ਼ੀਅਤਾਂ 'ਤੇ ਅਧਾਰਤ ''ਸ਼੍ਰੀ ਗੁਰਸ਼ਰਨ ਸਿੰਘ ਇਨਕਲਾਬੀ ਸਨਮਾਨ ਸਮਾਰੋਹ ਕਮੇਟੀ'' ਬਣਾਈ ਗਈ ਹੈ। ਇਸ ਕਮੇਟੀ ਵਿੱਚ ਜਸਪਾਲ ਜੱਸੀ (ਕਨਵੀਨਰ), ਅਮੋਲਕ ਸਿੰਘ, ਝੰਡਾ ਸਿੰਘ ਜੇਠੂਕੇ, ਗੁਰਦਿਆਲ ਸਿੰਘ ਭੰਗਲ, ਜ਼ੋਰਾ ਸਿੰਘ ਨਸਰਾਲੀ, ਯਸ਼ਪਾਲ, ਡਾ. ਪਰਮਿੰਦਰ ਸਿੰਘ, ਅਤਰਜੀਤ, ਦਰਸ਼ਨ ਸਿੰਘ ਕੂਹਲੀ, ਹਰਜਿੰਦਰ ਸਿੰਘ, ਪੁਸ਼ਪ ਲਤਾ ਅਤੇ ਪਵੇਲ ਕੁੱਸਾ ਸ਼ਾਮਲ ਹਨ। 11 ਜਨਵਰੀ ਨੂੰ ਹੋ ਰਿਹਾ ਇਨਕਲਾਬੀ ਸਨਮਾਨ ਸਮਾਰੋਹ ਇੱਕ ਲੰਮੀ ''ਸਲਾਮ ਅਤੇ ਸਨਮਾਨ ਜਨਤਕ ਮੁਹਿੰਮ'' ਦਾ ਸਿਖਰ ਹੋਵੇਗਾ। ਇਹ ਮੁਹਿੰਮ ਪੰਜਾਬ ਦੇ ਵੱਖ ਵੱਖ ਭਾਗਾਂ ਵਿੱਚ ਮੀਟਿੰਗਾਂ, ਰੈਲੀਆਂ, ਜਨ-ਇਕਤੱਰਤਾਵਾਂ ਅਤੇ ਜਨ-ਸੰਪਰਕ ਮੁਹਿੰਮਾਂ ਦੀ ਸ਼ਕਲ ਵਿੱਚ ਚਲਾਈ ਜਾ ਰਹੀ ਹੈ। ਭਾਰੀ ਗਿਣਤੀ ਵਿੱਚ ਇਸ਼ਤਿਹਾਰ, ਹੱਥ-ਪਰਚੇ ਅਤੇ ਪੈਂਫਲਟ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਸ੍ਰੀ ਗੁਰਸ਼ਰਨ ਸਿੰਘ ਦੀ ਇਨਕਲਾਬੀ ਜੀਵਨ ਘਾਲਣਾ ਅਤੇ ਰੋਲ ਦਾ ਮਹੱਤਵ ਲੋਕਾਂ ਵਿੱਚ ਡੂੰਘੀ ਤਰ੍ਹਾਂ ਉਜਾਗਰ ਕੀਤਾ ਜਾਵੇ। 11 ਜਨਵਰੀ ਨੂੰ ਹੋਣ ਵਾਲੀ ਹਜ਼ਾਰਾਂ ਲੋਕਾਂ ਦੀ ਇਕੱਤਰਤਾ ਲੋਕ ਲਹਿਰ ਦੇ ਉਹਨਾਂ ਵਿਸ਼ਾਲ ਹਿੱਸਿਆਂ ਦੀਆਂ ਭਾਵਨਾਵਾਂ ਅਤੇ ਸਰੋਕਾਰਾਂ ਦੀ ਪ੍ਰਤੀਕ ਅਤੇ ਤਰਜਮਾਨ ਹੋਵੇਗੀ, ਜਿਹੜੇ ਸ਼੍ਰੀ ਗੁਰਸ਼ਰਨ ਸਿੰਘ ਦੇ ਰੋਲ ਨੂੰ ਇਨਕਲਾਬੀ ਪ੍ਰੇਰਨਾ ਅਤੇ ਉਤਸ਼ਾਹ ਦੇ ਸਰੋਤ ਵਜੋਂ ਉਚਿਆਉਂਦੇ ਅਤੇ ਬੁਲੰਦ ਕਰਦੇ ਹਨ।
ਸ਼੍ਰੀ ਗੁਰਸ਼ਰਨ ਸਿੰਘ ਦੇ ਇਸ ਇਨਕਲਾਬੀ ਸਨਮਾਨ ਸਮਾਰੋਹ ਦਾ ਕਈ ਪੱਖਾਂ ਤੋਂ ਵਿਸ਼ੇਸ਼ ਮਹੱਤਵ ਹੈ। ਸ਼੍ਰੀ ਗੁਰਸ਼ਰਨ ਸਿੰਘ ਨੂੰ ਨਾ ਸਿਰਫ ਪੰਜਾਬ ਅੰਦਰ ''ਇਨਕਲਾਬੀ ਨਾਟਕ ਲਹਿਰ ਦੇ ਸ਼੍ਰੋਮਣੀ ਉਸਰੱਈਏ ਅਤੇ ਇਸਦੀ ਮਾਣ-ਮੱਤੀ ਕਲਗੀ'' ਵਜੋਂ ਸਤਿਕਾਰਿਆ ਜਾ ਰਿਹਾ ਹੈ, ਸਗੋਂ ਇਸ ਨਾਲੋਂ ਵੀ ਵੱਧ ਇੱਕ ਨਿਹਚਾਵਾਨ ਇਨਕਲਾਬੀ ਸਮਾਜਿਕ ਸੰਗਰਾਮੀਏ— ਵਜੋਂ ਸਨਮਾਨ ਦਿੱਤਾ ਜਾ ਰਿਹਾ ਹੈ। ਸਨਮਾਨ ਸਮਾਰੋਹ ਕਮੇਟੀ ਵੱਲੋਂ ਜਾਰੀ ਕੀਤੇ ਗਏ ਇਸ਼ਤਿਹਾਰ ਦੀ ਸਿਖਰਲੀ ਪੱਟੀ ਵਿੱਚ ਇਸ ਸਨਮਾਨ ਸਮਾਰੋਹ ਦੇ ਇਨਕਲਾਬੀ ਜਮਾਤੀ ਤੱਤ ਵੱਲ ਸਪਸ਼ਟ ਸੰਕੇਤ ਕੀਤਾ ਗਿਆ ਹੈ, ''ਜੋਕਾਂ ਆਪਣੇ ਝੋਲੀ ਚੁੱਕਾਂ ਨੂੰ ਵਡਿਆਉਂਦੀਆਂ ਹਨ, ਲੋਕ ਆਪਣੇ ਸੰਗਰਾਮੀਆਂ ਨੂੰ ਸਤਿਕਾਰਦੇ ਹਨ।'' ਇਉਂ ਇਹ ਸਨਮਾਨ ਸਮਾਰੋਹ ਇਨਕਲਾਬੀ ਲੋਕਾਂ ਦੇ ਕੈਂਪ ਦੀ ਤਰਫੋਂ ਕੀਤਾ ਜਾ ਰਿਹਾ ਹੈ ਅਤੇ ਲੋਕ ਦੁਸ਼ਮਣ ਜਮਾਤੀ ਸਿਆਸੀ ਸ਼ਕਤੀਆਂ ਨਾਲੋਂ ਨਿਖੇੜੇ ਦੀ ਲਕੀਰ ਖਿੱਚ ਕੇ ਕੀਤਾ ਜਾ ਰਿਹਾ ਹੈ। ਸਨਮਾਨ ਸਮਾਰੋਹ ਕਮੇਟੀ ਸੁਚੇਤ ਹੈ ਕਿ ਜਿੱਥੋਂ ਤੱਕ ਮਿਹਨਤਕਸ਼ ਅਤੇ ਦੱਬੇ ਕੁਚਲੇ ਲੋਕਾਂ ਦੀ ਸਮੁੱਚੀ ਇਨਕਲਾਬੀ ਧਿਰ ਦਾ ਸਵਾਲ ਹੈ, ਸ਼੍ਰੀ ਗੁਰਸ਼ਰਨ ਸਿੰਘ ਇੱਕ ਸਰਬ-ਸਾਂਝੀ ਇਨਕਲਾਬੀ ਸਖਸ਼ੀਅਤ ਹਨ। ਪਰ ਜਿੱਥੋਂ ਤੱਕ ਲੋਕ ਦੁਸ਼ਮਣ ਸ਼ਕਤੀਆਂ ਅਤੇ ਲੋਕਾਂ ਦੀ ਧਿਰ ਦੇ ਆਪਸੀ ਰਿਸ਼ਤੇ ਦਾ ਸਵਾਲ ਹੈ, ਸ੍ਰੀ ਗੁਰਸ਼ਰਨ ਸਿੰਘ ਇੱਕ ਸਰਬ ਸਾਂਝੀ ਸਖਸ਼ੀਅਤ ਨਹੀਂ ਹਨ, ਕਿਉਂਕਿ ਉਹਨਾਂ ਨੇ ਆਪਣੇ ਹੱਥਾਂ ਵਿੱਚ ਲੋਕ-ਇਨਕਲਾਬ ਅਤੇ ਸਮਾਜਵਾਦੀ ਆਦਰਸ਼ਾਂ ਦਾ ਝੰਡਾ ਚੁੱਕਿਆ ਹੋਇਆ ਹੈ। ਇਹਨਾਂ ਆਦਰਸ਼ਾਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਲੁਟੇਰੀਆਂ ਅਤੇ ਪਿਛਾਂਹਖਿੱਚੂ ਹਾਕਮ ਜਮਾਤਾਂ ਖਿਲਾਫ ਇਨਕਲਾਬੀ ਜਮਾਤੀ ਘੋਲ ਦਾ ਝੰਡਾ ਚੁੱਕਿਆ ਹੋਇਆ ਹੈ। ਇਹ ਆਦਰਸ਼ ਅਤੇ ਇਹਨਾਂ ਲਈ ਸੰਗਰਾਮ ਹੀ ਸ਼੍ਰੀ ਗੁਰਸ਼ਰਨ ਸਿੰਘ ਦੀ ਸਮਾਜਿਕ ਜੀਵਨ ਸਰਗਰਮੀ ਦੀ ਪ੍ਰੇਰਨਾ ਹੈ।
ਸ਼੍ਰੀ ਗੁਰਸ਼ਰਨ ਸਿੰਘ ਦੇ ਨਾਟਕ ''ਧਮਕ ਨਗਾਰੇ ਦੀ'' ਦੇ ਨਾਇਕ ਦੀ ਇੱਕ ਟਿੱਪਣੀ ਇਸ ਪੱਖੋਂ ਮਹੱਤਵਪੂਰਨ ਹੈ। ਇਹ ਨਾਇਕ ਜਗੀਰੂ ਸੱਤਾ ਦੇ ਚਿੰਨ੍ਹ ਬਾਦਸ਼ਾਹ ਨੂੰ ਸੰਬੋਧਤ ਹੋ ਕੇ ਕਹਿੰਦਾ ਹੈ ਕਿ ''ਤੇਰਾ ਵਸੇਬਾ ਹੀ ਸਾਡਾ ਉਜਾੜਾ ਹੈ।'' ਜ਼ਾਲਮ ਅਤੇ ਮਜ਼ਲੂਮ ਜਮਾਤਾਂ ਦੇ ਅਜਿਹੇ ਸਮਝੌਤਾ ਰਹਿਤ ਟਕਰਾ ਦੀ ਅਸਲੀਅਤ-ਮੁਖੀ ਧਾਰਨਾ ਸ਼੍ਰੀ ਗੁਰਸ਼ਰਨ ਸਿੰਘ ਦੀ ਜੀਵਨ ਸਰਗਰਮੀ ਵਿੱਚ ਵਸੀ ਹੋਈ ਹੈ। ਇਹ ਕੋਈ ਹੈਰਾਨੀ ਦੀ ਗੱਲ ਨਹੀਂ ਕਿ ਆਪਣੇ ਅਜਿਹੇ ਇਨਕਲਾਬੀ ਜਮਾਤੀ ਤੱਤ ਕਰਕੇ ਸ਼੍ਰੀ ਗੁਰਸ਼ਰਨ ਸਿੰਘ ਦੀ ਸਰਗਰਮੀ ਜਿਥੇ ਲੋਕ ਸ਼ਕਤੀਆਂ ਦੀ ਅਥਾਹ ਪ੍ਰਸ਼ੰਸਾ ਅਤੇ ਸਤਿਕਾਰ ਹਾਸਲ ਕਰਦੀ ਰਹੀ ਹੈ, ਉਥੇ ਲੋਕ ਦੁਸ਼ਮਣ ਤਾਕਤਾਂ ਨੂੰ ਇਸਦੀ ਤਿੱਖੀ ਰੜਕ ਮਹਿਸੂਸ ਹੁੰਦੀ ਰਹੀ ਹੈ। ਇਹ ਸਰਗਰਮੀ ਰਾਜ ਸੱਤਾ ਅਤੇ ਫਿਰਕੂ ਫਾਸ਼ੀ ਤਾਕਤਾਂ ਦੇ ਗੁੱਸੇ ਅਤੇ ਬੰਦਸ਼ਾਂ ਦਾ ਨਿਸ਼ਾਨਾ ਬਣਦੀ ਰਹੀ ਹੈ। ਐਮਰਜੈਂਸੀ ਦੌਰਾਨ ਸ੍ਰੀ ਗੁਰਸ਼ਰਨ ਸਿੰਘ ਨੂੰ ਜੇਲ• ਦੀਆਂ ਸ਼ੀਖਾਂ ਪਿੱਛੇ ਡੱਕਿਆ ਗਿਆ ਅਤੇ ਫਿਰਕੂ ਫਾਸ਼ੀ ਦਹਿਸ਼ਤਗਰਦੀ ਦੀ ਚੜ੍ਹਤ ਦੇ ਦੌਰ ਵਿੱਚ ਉਹਨਾਂ ਨੂੰ ਪਰਿਵਾਰਕ ਜੀਵਨ ਵਿੱਚ ਗੰਭੀਰ ਉਖੇੜੇ ਦਾ ਸਾਹਮਣਾ ਕਰਨਾ ਪਿਆ। ਸ਼੍ਰੀ ਗੁਰਸ਼ਰਨ ਸਿੰਘ ਨੇ ਖਤਰਿਆਂ, ਮੁਸ਼ਕਲਾਂ ਅਤੇ ਖੱਜਲਖੁਆਰੀ ਦੇ ਇਹ ਦੌਰ ਉੱਚੇ ਇਨਕਲਾਬੀ ਮਨੋਬਲ ਨਾਲ ਪਾਰ ਕੀਤੇ ਹਨ।
ਕੁਦਰਤੀ ਹੀ, ਲੋਕਾਂ ਦੇ ਇਨਕਲਾਬੀ ਜਮਾਤੀ ਹਿੱਤਾਂ ਦੀ ਝੰਡਾਬਰਦਾਰ ਅਜਿਹੀ ਸਖਸ਼ੀਅਤ ਨੂੰ ਸਲਾਮ ਕਰਨ ਲਈ ਹੋ ਰਿਹਾ ਇਹ ਸਮਾਰੋਹ ਹਾਕਮ ਜਮਾਤੀ ਅਤੇ ਰਵਾਇਤੀ ਸਨਮਾਨ ਸਮਾਰੋਹਾਂ ਨਾਲ ਟਕਰਾਵੇਂ ਲੱਛਣਾਂ ਵਾਲੀ ਮੁਕਾਬਲੇ ਦੀ ਸਰਗਰਮੀ ਹੀ ਹੋ ਸਕਦਾ ਹੈ। ਇਹ ਹਾਕਮ ਜਮਾਤਾਂ ਦੀ ਖਿੜਕੀ ਵਿੱਚ ਸਾਹ ਵਰੋਲਦੇ ਕਿਸੇ ਡਾਲੋਂ ਟੁੱਟੇ ਮੁਰਝਾਉਂਦੇ ਫੁੱਲ ਦਾ ਕਸੀਦਾ ਨਹੀਂ ਹੈ। ਲੋਕ ਲਹਿਰ ਦੀ ਬਗੀਚੀ ਵਿੱਚ ਜਾਹੋ-ਜਲਾਲ ਨਾਲ ਟਹਿਕਦੇ ਸੂਹੇ ਫੁੱਲ ਦਾ ਸਤਿਕਾਰ ਹੈ।
ਕਲਾ ਅਤੇ ਸਭਿਆਚਾਰ ਦੇ ਖੇਤਰ ਵਿੱਚ ਵਿਚਰਦਿਆਂ ਸ਼੍ਰੀ ਗੁਰਸ਼ਰਨ ਸਿੰਘ ਹਮੇਸ਼ਾ ਕਲਾ ਨੂੰ ਮਿਹਨਤਕਸ਼ ਅਤੇ ਦੱਬੇ ਕੁਚਲੇ ਲੋਕਾਂ ਦੀ ਮੁਕਤੀ ਦੇ ਇਨਕਲਾਬੀ ਹਥਿਆਰ ਵਜੋਂ ਲੈ ਕੇ ਚੱਲੇ ਹਨ। ਉਹ ਲੋਕਾਂ ਦੇ ਹਿੱਤਾਂ ਪ੍ਰਤੀ ਵਫਾਦਾਰ ਪ੍ਰਤੀਬੱਧ ਇਨਕਲਾਬੀ ਨਾਟਕ ਲਹਿਰ ਦੇ ਉਸਰੱਈਏ ਹਨ। ਲੋਕਾਂ ਦੀ ਚੇਤਨਾ ਨੂੰ ਇਨਕਲਾਬੀ ਜਾਗ ਲਾਉਣ ਅਤੇ ਹਲੂਣਾ ਦੇਣ ਵਿੱਚ ਆਪਣੇ ਰੋਲ ਸਦਕਾ, ਇਹ ਨਾਟਕ ਲਹਿਰ ਇਨਕਲਾਬੀ ਜਮਾਤੀ ਸਿਆਸੀ ਲਹਿਰ ਦੀ ਪੂਰਕ ਬਣੀ ਆ ਰਹੀ ਹੈ। ਜਮਾਤੀ ਸੰਘਰਸ਼ਾਂ ਰਾਹੀਂ ਹਾਸਲ ਹੋ ਰਹੀ ਸੋਝੀ ਦੇ ਅਸਰਾਂ ਨੂੰ ਗੂੜ੍ਹੇ ਅਤੇ ਪੱਕੇ ਕਰਨ ਵਿੱਚ ਇਸਦਾ ਅਹਿਮ ਰੋਲ ਹੈ। ਕਈ ਨਾਜ਼ੁਕ ਅਤੇ ਅਹਿਮ ਮੋੜਾਂ 'ਤੇ ਇਹ ਨਾਟਕ ਲਹਿਰ ਵਿਸ਼ੇਸ਼ ਅਤੇ ਮਹੱਤਵਪੂਰਨ ਰੋਲ ਅਖਤਿਆਰ ਕਰ ਲੈਂਦੀ ਰਹੀ ਹੈ। ਐਮਰਜੈਂਸੀ ਦੇ ਕਾਲੇ ਦੌਰ ਵਿੱਚ, ਇਸ ਨਾਟਕ ਲਹਿਰ ਨੇ ਔਖੀਆਂ ਹਾਲਤਾਂ ਵਿੱਚ ਇਨਕਲਾਬੀ ਜਨਤਕ ਸਰਗਰਮੀ ਜਾਰੀ ਰੱਖਣ ਅਤੇ ਭੇਸ ਬਦਲਵੀਆਂ ਸੰਕੇਤਕ ਸ਼ਕਲਾਂ ਵਿੱਚ ਜਮਹੂਰੀ ਹੱਕਾਂ ਦੀ ਰਾਖੀ ਦਾ ਅਤੇ ਇਨਕਲਾਬੀ ਸੰਦੇਸ਼ ਉਭਾਰਨ ਵਿੱਚ ਸਹਾਇਤਾ ਕੀਤੀ। ਫਿਰਕੂ ਫਾਸ਼ੀ ਦਹਿਸ਼ਤਗਰਦੀ ਅਤੇ ਹਕੂਮਤੀ ਦਹਿਸ਼ਤਗਰਦੀ ਦੇ ਜੁੜਵੇਂ ਹੱਲੇ ਦੇ ਕਾਲੇ ਦੌਰ ਵਿੱਚ, ਸ਼੍ਰੀ ਗੁਰਸ਼ਰਨ ਸਿੰਘ ਦੀ ਸਰਪ੍ਰਸਤੀ ਹੇਠ ਇਨਕਲਾਬੀ ਨਾਟਕ ਲਹਿਰ ਦੀ ਪ੍ਰਭਾਵਸ਼ਾਲੀ ਹੋਂਦ ਸਦਕਾ, ਸਭਿਆਚਾਰਕ ਮੋਰਚਾ ਪਿਛਾਖੜੀ ਦਹਿਸ਼ਤਗਰਦੀ ਖਿਲਾਫ ਨਾਬਰੀ ਅਤੇ ਇਸਨੂੰ ਐਲਾਨੀਆ ਸਿਆਸੀ ਚੁਣੌਤੀ ਦੇ ਵਿਸ਼ੇਸ਼ ਖੇਤਰ ਵਜੋਂ ਉੱਭਰਿਆ। ਇਨਕਲਾਬੀ ਅਤੇ ਲੋਕ ਪੱਖੀ ਕਲਾ ਸਿਰਜਣਾ ਬਦਲੇ, ਫਿਰਕੂ ਫਾਸ਼ੀ ਦਹਿਸ਼ਤਗਰਦਾਂÎ ਦੀਆਂ ਗੋਲੀਆਂ ਦਾ ਨਿਸ਼ਾਨਾ ਬਣਨ ਵਾਲੀਆਂ ਸਖਸ਼ੀਅਤਾਂ ਨੂੰ ਇਸ ਮੋਰਚੇ ਤੋਂ ਸਿਰਫ ਸ਼ੋਕ ਸ਼ਰਧਾਂਜਲੀਆਂ ਹੀ ਭੇਟ ਨਹੀਂ ਕੀਤੀਆਂ ਜਾਂਦੀਆਂ ਰਹੀਆਂ, ਸਗੋਂ ਲੋਕਾਂ ਦੀ ਇਨਕਲਾਬੀ ਅਤੇ ਹੱਕੀ ਵਿਰੋਧ ਲਹਿਰ ਦੇ ਜੁਝਾਰ ਸੰਗਰਾਮੀ ਸ਼ਹੀਦਾਂ ਵਜੋਂ ਉਚਿਆਇਆ ਜਾਂਦਾ ਰਿਹਾ ਹੈ।
ਸ਼੍ਰੀ ਗੁਰਸ਼ਰਨ ਸਿੰਘ ਦੀ ਸਰਪਰਸਤੀ ਹੇਠਲੀ ਲੋਕ-ਮੁਖੀ ਨਾਟਕ ਲਹਿਰ ਦੀ ਸਭਿਆਚਾਰਕ ਦੇਣ ਵੱਡਮੁੱਲੀ ਹੈ। ਇਸ ਨੇ ਜਨ-ਸਾਧਾਰਨ ਦੀ ਮਾਨਸਿਕ ਤ੍ਰਿਪਤੀ ਦੀ ਰਵਾਇਤੀ ਲਛਮਣ ਰੇਖਾ ਨੂੰ ਤੋੜਦਿਆਂ, ਅਧੁਨਿਕ ਮਿਆਰੀ ਅਤੇ ਗੰਭੀਰ ਨਾਟਕ ਨੂੰ (ਵਿਸ਼ੇਸ਼ ਕਰਕੇ ਪੇਂਡੂ ਜਨਤਾ 'ਚ) ਮਕਬੂਲ ਬਣਾਉਣ ਵਿੱਚ ਅਹਿਮ ਰੋਲ ਅਦਾ ਕੀਤਾ ਹੈ। ਸ਼੍ਰੀ ਗੁਰਸ਼ਰਨ ਸਿੰਘ ਦੀ ਪ੍ਰਤਿਭਾ ਦੀ ਛੋਹ ਨਾਲ ਹੀ ਕਮਿਊਨਿਸਟ ਲਹਿਰ ਨਾਲ ਜੁੜੀ ਓਪੇਰਾ ਮੁਖੀ ਸਾਧਾਰਨ ਅਤੇ ਰਵਾਇਤੀ ਨਾਟਕ ਸਰਗਰਮੀ ਨੂੰ ਨਵੀਂ ਕਰਵਟ ਮਿਲੀ ਸੀ। ਇਸਨੇ ਕਲਾ ਮਿਆਰਾਂ ਪੱਖੋਂ ਵੀ ਅਤੇ ਤੱਤ ਪੱਖੋਂ ਵੀ ਸਿਫਤੀ ਛੜੱਪਾ ਮਾਰਿਆ ਸੀ ਅਤੇ ਇਹ ਪੰਜਾਬ ਅੰਦਰ ਬੇਹਤਰੀਨ ਅਤੇ ਮਕਬੂਲ ਨਾਟਕ ਕਲਾ ਨਮੂਨਿਆਂ ਨੂੰ ਪ੍ਰਗਟਾਉਣ ਦਾ ਸਾਧਨ ਬਣਨ ਲੱਗੀ ਸੀ। ਉਹਨਾਂ ਦੇ ਯਤਨਾਂ ਸਦਕਾ ਹੀ ਇਨਕਲਾਬੀ ਜਮਾਤਾਂ ਦੀ ਕਲਾ ਦੇ ਸੰਸਾਰ ਪ੍ਰਸਿੱਧ ਨਮੂਨੇ ਪੰਜਾਬ ਦੇ ਇਨਕਲਾਬੀ ਰੰਗ ਮੰਚ ਦਾ ਸ਼ਿੰਗਾਰ ਬਣਨਾ ਸ਼ੁਰੂ ਹੋਏ। ਇਹ ਕ੍ਰਿਸ਼ਮਾ ਸੀਮਤ ਸਾਧਨਾਂ ਆਸਰੇ ਕੀਤਾ ਗਿਆ ਸੀ। ਲਗਨ, ਘਾਲਣਾ, ਲੋਕ-ਹਿੱਤਾਂ ਨਾਲ ਵਫਾਦਾਰੀ ਅਤੇ ਸਮਰਪਣ ਦੀ ਭਾਵਨਾ ਆਸਰੇ ਕੀਤਾ ਗਿਆ। ਇਸ ਵਿਸ਼ਵਾਸ਼ ਆਸਰੇ ਕੀਤਾ ਗਿਆ ਕਿ ਇਨਕਲਾਬੀ ਜਾਗਰਿਤੀ ਦੇ ਨਾਲ ਨਾਲ ਨਰੋਏ ਸੁਹਜ-ਸੁਆਦ ਦੀਆਂ ਚਿਣਗਾਂ ਵੀ ਜਨ-ਸਾਧਾਰਨ ਦੀ ਅਣਸਰਦੀ ਲੋੜ ਹਨ। ਅਸਰਦਾਰ, ਇਨਕਲਾਬੀ ਸੰਦੇਸ਼ ਇਸ ਨਾਟਕ ਸਰਗਰਮੀ ਦਾ ਧੁਰਾ ਅਤੇ ਇਸਦੀ ਸਾਰਥਿਕਤਾ ਦਾ ਬੁਨਿਆਦੀ ਪੈਮਾਨਾ ਰਿਹਾ ਹੈ। ਇਸ ਦੀ ਸ਼ੈਲੀ ਅਤੇ ਸ਼ਕਲਾਂ ਮੁੱਖ ਤੌਰ 'ਤੇ ਜਨ-ਸਾਧਾਰਨ ਨਾਲ ਅਸਰਦਾਰ ਇਨਕਲਾਬੀ ਸੰਵਾਦ ਰਚਾਉਣ ਦੀਆਂ ਲੋੜਾਂ ਅਤੇ ਲੋਕਾਂ ਦੀ ਲਹਿਰ ਦੇ ਵਿੱਤ ਅਤੇ ਵਸੀਲਿਆਂ ਦੇ ਪੈਮਾਨੇ ਅਨੁਸਾਰ ਨਿਰਧਾਰਤ ਹੁੰਦੀਆਂ ਰਹੀਆਂ ਹਨ। ਇਨਕਲਾਬੀ ਕਲਾ ਦੇ ਖੇਤਰ ਵਿੱਚ ਇਉਂ ਪੈਰ ਗੱਡ ਕੇ ਖੜ੍ਹਨਾ ਹਰ ਕਿਸੇ ਦੇ ਵਸ ਦਾ ਰੋਗ ਨਹੀਂ ਸੀ। ਅਜਿਹਾ ਲੋਕਾਂ ਦੇ ਹਿੱਤਾਂ ਨਾਲ ਪ੍ਰਤੀਬੱਧਤਾ ਦੇ ਸਿਰ 'ਤੇ ਹੀ ਸੰਭਵ ਹੈ। ਇਸ ਸਪਸ਼ਟ ਸੋਝੀ ਆਸਰੇ ਹੀ ਸੰਭਵ ਹੈ ਕਿ ਆਪਣੇ ਪ੍ਰਗਟਾਵੇ ਲਈ ਦੁਸ਼ਮਣ ਜਮਾਤੀ ਵਸੀਲਿਆਂ ਦੀ ਮੁਥਾਜ ਅਤੇ ਕੈਦੀ ਹੋਈ ਇਨਕਲਾਬੀ ਕਲਾ ਪ੍ਰਤਿਭਾ ਅਖੀਰ ਨੂੰ ਆਪਣੀ ਪ੍ਰੇਰਨਾ ਦੇ ਅਸਲ ਸਰੋਤ ਅਤੇ ਪ੍ਰਗਟਾਵੇ ਦੇ ਅਸਲ ਖੇਤਰ ਨਾਲੋਂ ਵਿਜੋਗੇ ਜਾਣ, ਆਪਣੀ ਆਭਾ ਗੁਆ ਲੈਣ ਅਤੇ ਨਿਰਜਿੰਦ ਹੋ ਜਾਣ ਲਈ ਸਰਾਪੀ ਜਾਂਦੀ ਹੈ।
ਇਨਕਲਾਬੀ, ਅਗਾਂਹਵਧੂ ਅਤੇ ਵਿਗਿਆਨਕ ਸੱਭਿਆਚਾਰਕ ਕਦਰਾਂ-ਕੀਮਤਾਂ ਦੇ ਸੰਚਾਰ ਅਤੇ ਸਥਾਪਤੀ ਲਈ ਜੱਦੋਜਹਿਦ ਸ਼੍ਰੀ ਗੁਰਸ਼ਰਨ ਸਿੰਘ ਦੀ ਜੁਝਾਰ ਕਲਾ ਸਰਗਰਮੀ ਦਾ ਅਨਿੱਖੜਵਾਂ ਅੰਗ ਰਹੀ ਹੈ। ਵੇਲਾ ਵਿਹਾਅ ਚੁੱਕੀਆਂ ਅਤੇ ਇਨਕਲਾਬੀ ਜਮਾਤੀ ਸੰਗਰਾਮਾਂ ਦੇ ਰਾਹ ਦਾ ਅੜਿੱਕਾ ਬਣਨ ਵਾਲੀਆਂ ਪਿਛਾਂਹਖਿੱਚੂ ਕਦਰਾਂ-ਕੀਮਤਾਂ ਅਤੇ ਸਮਾਜਿਕ ਸੰਸਥਾਵਾਂ ਸ਼੍ਰੀ ਗੁਰਸ਼ਰਨ ਸਿੰਘ ਦੀ ਕਲਾ ਸਰਗਰਮੀ ਦੇ ਬੇਕਿਰਕ ਹਮਲੇ ਦਾ ਨਿਸ਼ਾਨਾ ਹਨ। ਪਿਤਾ-ਪੁਰਖੀ ਜਗੀਰੂ ਅਤੇ ਔਰਤ ਵਿਰੋਧੀ ਪਰਿਵਾਰ ਪ੍ਰਬੰਧ, ਧਰਮ, ਸਿਆਸਤ ਅਤੇ ਰਾਜਸੱਤਾ ਦਾ ਗੱਠਜੋੜ, ਜਾਤਪਾਤੀ ਸਮਾਜਿਕ ਸੰਸਥਾ ਅਤੇ ਅੰਨ੍ਹਾ ਕੌਮ ਹੰਕਾਰ ਉਹਨਾਂ ਦੀ ਕਲਾ ਦੇ ਵਿਅੰਗ ਦੀ ਤਿੱਖੀ ਵਾਛੜ ਹੇਠ ਰਹਿੰਦੇ ਹਨ। ਉਹਨਾਂ ਨੇ ਹਮੇਸ਼ਾਂ ਕਿਰਤ ਅਤੇ ਕਿਰਤੀ ਲੋਕਾਂ ਦੇ ਸਮੂਹਿਕ ਸਵੈ-ਮਾਨ ਦੀ ਭਾਵਨਾ ਅਤੇ ਕਿਰਤ ਦੀ ਸਰਦਾਰੀ ਦੀ ਤਾਂਘ ਨੂੰ ਸਮਾਜਿਕ ਮਨੁੱਖੀ ਤਰੱਕੀ ਦੀ ਸੁਭਾਵਿਕ ਲੋੜ ਵਜੋਂ ਉਚਿਆਇਆ ਹੈ।
ਇਸ ਤੋਂ ਇਲਾਵਾ ਉਹਨਾਂ ਨੇ ਇਨਕਲਾਬੀ ਚੇਤਨਾ ਉੱਦਮ ਜੁਟਾਈ ਦੀਆਂ ਕਿੰਨੀਆਂ ਹੀ ਵੰਨਗੀਆਂ ਦੇ ਸਰਪਰਸਤ, ਸੰਸਥਾਪਕ ਜਾਂ ਸੰਚਾਲਕ ਦਾ ਰੋਲ ਨਿਭਾਇਆ ਹੈ। ਇਨਕਲਾਬੀ ਸਾਹਿਤ ਪੱਤਰਕਾਰੀ, ਇਨਕਲਾਬੀ ਪੁਸਤਕ ਪ੍ਰਕਾਸ਼ਨ, ਇਨਕਲਾਬੀ ਗੀਤ ਸੰਗੀਤ ਕੈਸਟ ਲੜੀਆਂ, ਇਨਕਲਾਬੀ ਨਾਟਕ ਵਰਕਸ਼ਾਪਾਂ ਅਤੇ ਮੇਲਿਆਂ ਦੀ ਲਹਿਰ ਉਸਾਰਨ ਵਿੱਚ ਉਹਨਾਂ ਦੀ ਭੂਮਿਕਾ ਕਿਸੇ ਟਿੱਪਣੀ ਦੀ ਮੁਥਾਜ ਨਹੀਂ ਹੈ। ਇਨਕਲਾਬੀ ਸਾਹਿਤਕ ਸਿਆਸੀ ਚਰਚਾ ਅਤੇ ਬਹਿਸ-ਵਿਚਾਰ ਲਈ ਉਹਨਾਂ ਵੱਲੋਂ ਪਰਚਿਆਂ ਰਾਹੀਂ ਮੁਹੱਈਆ ਕੀਤੇ ਜਾਂਦੇ ਪਲੇਟਫਾਰਮਾਂ ਦਾ ਇਨਕਲਾਬੀ ਲਹਿਰ ਦੇ ਸਰੋਕਾਰਾਂ ਨੂੰ ਉਭਾਰਨ ਵਿੱਚ ਅਹਿਮ ਰੋਲ ਰਹਿੰਦਾ ਰਿਹਾ ਹੈ।
ਸ਼੍ਰੀ ਗੁਰਸ਼ਰਨ ਸਿੰਘ ਦਾ ਇਨਕਲਾਬੀ ਯੋਗਦਾਨ ਸਿਰਫ ਸਮਾਜਿਕ ਸਰਗਰਮੀ ਦੇ ਸਭਿਆਚਾਰਕ ਖੇਤਰ ਤੱਕ ਹੀ ਸੀਮਤ ਨਹੀਂ ਹੈ। ਸਿਆਸੀ ਖੇਤਰ ਦੇ ਸੰਗਰਾਮੀਏ ਵਜੋਂ ਪੰਜਾਬ ਦੀ ਇਨਕਲਾਬੀ ਲਹਿਰ ਅੰਦਰ ਉਹਨਾਂ ਦੀ ਅਹਿਮ ਭੂਮਿਕਾ ਹੈ। ਹਾਕਮ ਜਮਾਤਾਂ ਖਿਲਾਫ ਸਿਆਸੀ ਭੇੜ ਦੇ ਚੁਣੌਤੀ ਭਰੇ ਦੌਰਾਂ ਵਿੱਚ ਉਹ ਸਰਗਰਮ ਅਤੇ ਅਹਿਮ ਭੂਮਿਕਾ ਨਿਭਾਉਣ ਲਈ ਦ੍ਰਿੜ੍ਹਤਾ ਨਾਲ ਮੈਦਾਨ ਵਿੱਚ ਨਿੱਤਰਦੇ ਰਹੇ ਹਨ। ਸੱਤਰਵਿਆਂ ਦੇ ਸ਼ੁਰੂ ਵਿੱਚ ਕਮਿਊਨਿਸਟ ਇਨਕਲਾਬੀ ਲਹਿਰ ਅਤੇ ਇਨਕਲਾਬੀ ਸਭਿਆਚਾਰਕ ਸਰਗਰਮੀਆਂ ਖਿਲਾਫ ਰਾਜਸੱਤਾ ਦੇ ਕਸਾਈ ਜਾਬਰ ਹੱਲੇ ਸਮੇਂ ਵੀ, ਐਮਰਜੈਂਸੀ ਦੇ ਕਾਲੇ ਦੌਰ ਵਿੱਚ ਵੀ, ਫਿਰਕੂ ਫਾਸ਼ੀ ਦਹਿਸ਼ਤਗਰਦੀ ਵੱਲੋਂ ਸੇਵੇਵਾਲਾ ਕਾਂਡ ਵਰਗੀਆਂ ਖੂਨੀ ਚੁਣੌਤੀਆਂ ਸਮੇਂ ਵੀ ਅਤੇ ਕਮਿਊਨਿਸਟ ਇਨਕਲਾਬੀ ਲਹਿਰ ਦੇ ਸ਼ਹੀਦਾਂ ਦੀ ਵਿਰਾਸਤ ਅਤੇ ਸਿਆਸਤ ਨੂੰ ਬੁਲੰਦ ਕਰਨ ਦੇ ਹੰਭਲਿਆਂ ਸਮੇਂ ਵੀ ਉਹਨਾਂ ਨੇ ਇਨਕਲਾਬੀ ਲਹਿਰ ਦੀਆਂ ਠੋਸ ਮੰਗਾਂ ਦਾ ਦਲੇਰਾਨਾ ਅਤੇ ਸਰਗਰਮ ਹੁੰਗਾਰਾ ਭਰਿਆ ਹੈ।
ਸ਼੍ਰੀ ਗੁਰਸ਼ਰਨ ਸਿੰਘ ਬਹੁਤ ਲੰਮੇ ਅਰਸੇ ਤੋਂ ਲੋਕਾਂ ਦੀ ਇਨਕਲਾਬੀ ਲਹਿਰ ਦੇ ਵਿਹੜੇ 'ਚ ਵਿਚਰਦੇ ਆ ਰਹੇ ਹਨ। 1944 ਵਿੱਚ ਜਦੋਂ ਉਹਨਾਂ ਨੇ ਭਾਰਤੀ ਕਮਿਊਨਿਸਟ ਪਾਰਟੀ ਦੇ ਮੈਂਬਰ ਬਣ ਕੇ ਇਸ ਲਹਿਰ ਦੇ ਵਿਹੜੇ ਪੈਰ ਧਰਿਆ ਉਹ ਉਸ ਸਮੇਂ 15 ਵਰ੍ਹਿਆਂ ਦੇ ਸਨ। ਇਨਕਲਾਬੀ ਜਜ਼ਬਿਆਂ ਭਰੀ ਇਹ ਅੱਲੜ੍ਹ-ਵਰੇਸ, ਲੋਹੇ ਵਰਗੀ ਜੁਆਨੀ ਹੰਢਾ ਕੇ, ਹੁਣ ਸਫੈਦ ਚਾਂਦੀ ਵਿੱਚ ਵਟ ਚੁੱਕੀ ਹੈ। ਇਹਨਾਂ ਫੈਲੇ ਹੋਏ ਦਹਾਕਿਆਂ ਵਿੱਚ ਮਿਹਨਤਕਸ਼ ਅਤੇ ਦੱਬੇ ਕੁਚਲੇ ਲੋਕਾਂ ਦੀ ਇਨਕਲਾਬੀ ਲਹਿਰ, ਅਨੇਕਾਂ ਸੰਕਟਾਂ, ਉਤਰਾਵਾਂ-ਚੜ੍ਹਾਵਾਂ, ਖਤਰਿਆਂ ਅਤੇ ਪਛਾੜਾਂ ਦੇ ਦੌਰਾਂ 'ਚੋਂ ਗੁਜ਼ਰੀ ਹੈ। ਇਸ ਨੂੰ ਭਾਰੀ ਕੁਰਬਾਨੀਆਂ ਨਾਲ ਹਾਸਲ ਹੋਈਆਂ ਵੱਡੀਆਂ ਇਨਕਲਾਬੀ ਪ੍ਰਾਪਤੀਆਂ ਦੇ ਖੁੱਸ ਜਾਣ ਦੇ ਸਦਮੇ ਹੰਢਾਉਣੇ ਪਏ ਹਨ। ਇਸ ਹਾਲਤ ਨੇ ਹਰ ਕਿਸੇ ਦੇ ਇਨਕਲਾਬੀ ਇਰਾਦੇ ਅਤੇ ਨਿਹਚਾ ਦੀ ਪਰਖ ਕੀਤੀ ਹੈ। ਇਨਕਲਾਬੀ ਅਤੇ ਸਮਾਜਵਾਦੀ ਆਦਰਸ਼ਾਂ ਵਿੱਚ ਬਹੁਤ ਸਾਰਿਆਂ ਦਾ ਵਿਸ਼ਵਾਸ਼ ਤਿੜਕਿਆ ਅਤੇ ਮਧੋਲਿਆ ਗਿਆ ਹੈ। ਕਈਆਂ ਲਈ ਇਹ ਹਾਲਤ ਇਨਕਲਾਬੀ ਆਦਰਸ਼ਾਂ ਤੋਂ ਮੁਖ ਮੋੜ ਲੈਣ, ਇਨਕਲਾਬੀ ਸਰਗਰਮੀ ਤੋਂ ਕਿਨਾਰਾਕਸ਼ੀ ਕਰ ਜਾਣ ਅਤੇ ਇਥੋਂ ਤੱਕ ਕਿ ਇਨਕਲਾਬੀ ਵਿਚਾਰਧਾਰਾ ਅਤੇ ਸਿਆਸਤ ਦਾ ਚੋਲਾ ਲਾਹ ਕੇ ਹਾਕਮ ਜਮਾਤੀ ਵਿਚਾਰਧਾਰਾ ਅਤੇ ਸਿਆਸਤ ਦਾ ਚੋਲਾ ਪਹਿਨ ਲੈਣ ਦੀ ਵਜਾਹ ਜਾਂ ਬਹਾਨਾ ਬਣੀ ਹੈ। ਪਰ ਸ਼੍ਰੀ ਗੁਰਸ਼ਰਨ ਸਿੰਘ ਦੀ ਇਨਕਲਾਬੀ ਨਿਹਚਾ ਇਹਨਾਂ ਸਮਿਆਂ ਵਿੱਚ ਸਦਾ ਜਗਮਗਾਉਂਦੀ ਅਤੇ ਲਟ ਲਟ ਬਲਦੀ ਰਹੀ ਹੈ। ਹੁਣ ਵੀ ਢਲਦੀ ਜਾ ਰਹੀ ਉਮਰ ਦੇ ਬਾਵਜੂਦ ਉਹ ਇਨਕਲਾਬੀ ਚੜ੍ਹਦੀ ਕਲਾ ਦਾ ਨਮੂਨਾ ਬਣ ਕੇ ਵਿਚਰ ਰਹੇ ਹਨ ਅਤੇ ਇਨਕਲਾਬੀ ਜਾਗਰਿਤੀ, ਪ੍ਰੇਰਨਾ ਅਤੇ ਉਤਸ਼ਾਹ ਦਾ ਭਖਦਾ ਸਰੋਤ ਬਣੇ ਹੋਏ ਹਨ।
ਰੂਸੀ ਕਮਿਊਨਿਸਟ ਸੰਗਰਾਮੀਏ ਅਤੇ ''ਸੂਰਮੇ ਦੀ ਸਿਰਜਣਾ'' (``8ow “he Steel Was “empered”) ਦੇ ਲੇਖਕ ਨਿਕੋਲਾਈ ਆਸਤਰੋਵਸਕੀ ਨੇ ਆਪਣੇ ਮੁੱਖ ਪਾਤਰ ਰਾਹੀਂ ਮਨੁੱਖੀ ਜੀਵਨ ਦੇ ਮਨੋਰਥ ਬਾਰੇ ਟਿੱਪਣੀ ਕੀਤੀ ਹੈ ''ਮਨੁੱਖ ਦੀ ਸਭ ਤੋਂ ਪਿਆਰੀ ਜਾਇਦਾਦ ਉਹਦਾ ਜੀਵਨ ਹੈ, ਜਿਹੜਾ ਉਸ ਨੂੰ ਕੇਵਲ ਇੱਕ ਵਾਰ ਮਿਲਦਾ ਹੈ। ਅਤੇ ਬੰਦਾ ਜੀਵੇ! ਜ਼ਰੂਰ ਜੀਵੇ! ਇਸ ਅੰਦਾਜ਼ ਨਾਲ ਜੀਵੇ ਕਿ ਦਿਲ ਜਿੰਦਗੀ ਦੇ ਫਜੂਲ ਗੁਆਏ ਸਾਲਾਂ ਕਾਰਨ ਵਿੰਨ੍ਹਵੇਂ ਪਛਤਾਵੇ ਵਿੱਚ ਨਾ ਤੜਫੇ, ਕਿ ਨਿੱਕੇ ਨਿਗੂਣੇ ਬੀਤੇ ਦੀ ਲੂੰਹਦੀ ਸ਼ਰਮਿੰਦਗੀ ਕਦੇ ਵੀ ਬੰਦੇ ਦੇ ਨੇੜੇ ਨਾ ਫਟਕੇ। ਮਨੁੱਖ ਇਉਂ ਜੀਵੇ ਕਿ ਅੰਤ ਸਮੇਂ ਕਹਿ ਸਕੇ, ''ਮੈਂ ਆਪਣਾ ਸਾਰਾ ਜੀਵਨ, ਆਪਣੀ ਸਾਰੀ ਤਾਕਤ, ਦੁਨੀਆਂ ਦੇ ਸਭ ਤੋਂ ਉੱਤਮ ਕਾਜ ਦੇ ਲੇਖੇ ਲਾਈ ਹੈ, ਮਨੁੱਖਤਾ ਦੀ ਆਜ਼ਾਦੀ ਲਈ ਸੰਗਰਾਮ ਦੇ ਲੇਖੇ ਲਾਈ ਹੈ।''
ਬਿਨਾ ਸ਼ੱਕ ਸ਼੍ਰੀ ਗੁਰਸ਼ਰਨ ਸਿੰਘ ਨੇ ਆਪਣਾ ਸਾਰਾ ਜੀਵਨ ਅਤੇ ਸਾਰੀ ਸ਼ਕਤੀ ਮਨੁੱਖਤਾ ਦੀ ਆਜ਼ਾਦੀ ਲਈ ਸੰਗਰਾਮ ਦੇ ਇਸ ਸਰਬ-ਉੱਤਮ ਕਾਜ ਦੇ ਲੇਖੇ ਲਾਏ ਹਨ। ਇਸ ਅਮਲ ਦੌਰਾਨ ਉਹ ਇੱਕ ਸੰਸਥਾ-ਨੁਮਾ ਬਹੁ-ਪੱਖੀ ਇਨਕਲਾਬੀ ਸਖਸ਼ੀਅਤ ਬਣ ਕੇ ਉੱਭਰੇ ਅਤੇ ਸਥਾਪਤ ਹੋਏ ਹਨ। ਇਨਕਲਾਬੀ ਸਭਿਆਚਾਰਕ ਲਹਿਰ ਸਮੇਤ, ਪੰਜਾਬ ਦੀ ਇਨਕਲਾਬੀ ਲਹਿਰ ਦੀਆਂ ਕਈ ਨਰੋਈਆਂ ਹਾਂ-ਪੱਖੀ ਸਿਫਤਾਂ ਸ਼੍ਰੀ ਗੁਰਸ਼ਰਨ ਸਿੰਘ ਦੀ ਸਖਸ਼ੀਅਤ ਰਾਹੀਂ ਝਲਕਦੀਆਂ ਅਤੇ ਰੂਪਮਾਨ ਹੁੰਦੀਆਂ ਹਨ। ਇਨਕਲਾਬੀ ਕਾਜ਼ ਅਤੇ ਇਸ ਖਾਤਰ ਅਵਾਮੀ ਜੰਗ ਦੀ ਅਟੱਲ ਜਿੱਤ ਵਿੱਚ ਅਥਾਹ ਯਕੀਨ 'ਚੋਂ ਉਪਜੀ ''ਇਨਕਲਾਬੀ ਨਿਹਚਾ'' ਇਹਨਾਂ ਸਿਫਤਾਂ ਵਿੱਚ ਸਭ ਤੋਂ ਉਪਰ ਹੈ। ਸ਼੍ਰੀ ਗੁਰਸ਼ਰਨ ਸਿੰਘ ਨੂੰ ''ਇਨਕਲਾਬੀ ਨਿਹਚਾ ਸਨਮਾਨ'' ਨਾਲ ਸਤਿਕਾਰ ਕੇ ਪੰਜਾਬ ਦੀ ਇਨਕਲਾਬੀ ਜਮਹੂਰੀ ਲਹਿਰ ਆਪਣੇ ਹੀ ਨਰੋਏ ਇਨਕਲਾਬੀ ਤੰਤ ਅਤੇ ਸ਼ਕਤੀ ਨੂੰ ਸਨਮਾਨਤ ਕਰ ਰਹੀ ਹੈ।
0-0-0-0
ਨਿਵੇਕਲਾ ਯਾਦਗਾਰੀ ਸਨਮਾਨ, ਇੱਕ ਖਬਰ
ਵਿਸ਼ਾਲ ਇਕੱਠ 'ਚ ਗੁਰਸ਼ਰਨ ਸਿੰਘ 'ਇਨਕਲਾਬੀ ਨਿਹਚਾ ਸਨਮਾਨ' ਨਾਲ ਸਨਮਾਨਿਤ
ਲੋਕਾਂ ਦਾ ਸੰਘਰਸ਼ ਲਾਜ਼ਮੀ ਆਪਣੀ ਮੰਜ਼ਲ 'ਤੇ ਪੁੱਜੇਗਾ: ਗੁਰਸ਼ਰਨ ਸਿੰਘ
ਸੁਖਰਾਜ/ਭੱਟੀ/ਭੂਸ਼ਣ
ਬਿਲਾਸਪੁਰ, 11 ਜਨਵਰੀ- ਪੰਜਾਬ ਦੇ ਕੋਨੇ ਕੋਨੇ ਵਿੱਚੋਂ ਆਏ ਹਜ਼ਾਰਾਂ ਲੋਕਾਂ ਦੇ ਠਾਠਾਂ ਮਾਰਦੇ ਇਕੱਠ ਦੌਰਾਨ ਪੰਜਾਬ ਦੀ ਇਨਕਲਾਬੀ ਨਾਟਕ ਲਹਿਰ ਦੇ ਸ਼੍ਰੋਮਣੀ ਉਸਰੱਈਏ ਅਤੇ ਲੋਕਾਂ ਦੀ ਇਨਕਲਾਬੀ ਲਹਿਰ ਦੀ ਸਤਿਕਾਰਤ ਸਖਸ਼ੀਅਤ ਸ਼੍ਰੀ ਗੁਰਸ਼ਰਨ ਸਿੰਘ ਨੂੰ ਅੱਜ ਨਿਵੇਕਲੇ ਅੰਦਾਜ਼ ਨਾਲ ਸਨਮਾਨਿਤ ਕੀਤਾ ਗਿਆ। ਪਹਿਲਾਂ ਸ਼੍ਰੀ ਗੁਰਸ਼ਰਨ ਸਿੰਘ ਨੂੰ ਮੋਗਾ-ਬਰਨਾਲਾ ਮੁੱਖ ਮਾਰਗ 'ਤੇ ਸਥਿਤ ਪਿੰਡ ਬੌਡੇ 'ਚ ਬਣੇ ਸਵਾਗਤੀ ਗੇਟ 'ਤੇ ਫੁੱਲਾਂ ਦਾ ਹਾਰ ਪਹਿਨਾ ਕੇ ਬਹੁਤ ਵੱਡੇ ਜਨਤਕ ਕਾਫਲੇ ਨਾਲ ਨਾਅਰਿਆਂ ਅਤੇ ਨਗਾਰਿਆਂ ਦੀ ਗੂੰਜ ਦਰਮਿਆਨ 2 ਕਿਲੋਮੀਟਰ ਪੈਂਡਾ ਤਹਿ ਕਰਕੇ ਪਿੰਡ ਕੁੱਸਾ ਤੱਕ ਲਿਜਾਇਆ ਗਿਆ। ਸਾਰਾ ਰਸਤਾ ਸ਼੍ਰੀ ਗੁਰਸ਼ਰਨ ਸਿੰਘ ਦੀ ਫੋਟੋ ਵਾਲੀਆਂ ਝੰਡੀਆਂ ਨਾਲ ਸਜਿਆ ਹੋਇਆ ਸੀ।
ਸਮਾਗਮ ਦੌਰਾਨ ਪੰਜਾਬ ਦੀ ਇਨਕਲਾਬੀ ਜਮਹੂਰੀ ਲਹਿਰ ਵੱਲੋਂ ਉਹਨਾਂ ਨੂੰ 'ਇਨਕਲਾਬੀ ਨਿਹਚਾ ਸਨਮਾਨ' ਚਿੰਨ੍ਹ ਭੇਟ ਕਰਨ ਤੋਂ ਪਹਿਲਾਂ ਲੋਕਾਂ ਦਾ ਵਿਸ਼ਾਲ ਇਕੱਠ ਉਹਨਾਂ ਦੇ ਸਤਿਕਾਰ ਵਜੋਂ ਉੱਠ ਖੜ੍ਹਾ ਹੋਇਆ। ਇਸ ਮੌਕੇ ਉਹਨਾਂ ਨੂੰ ''ਸਲਾਮ, ਸਨਮਾਨ ਅਤੇ ਅਹਿਦ' ਸਿਰਲੇਖ ਹੇਠ ਭੇਟ ਕੀਤੇ ਗਏ ਸਨਮਾਨ ਪੱਤਰ ਦਾ ਇੱਕ ਇੱਕ ਸ਼ਬਦ ਸਮੁੱਚੇ ਇਕੱਠ ਵੱਲੋਂ ਉਚਾਰਿਆ ਗਿਆ। ਹਾਜ਼ਰੀਨ ਵੱਲੋਂ ਸਮੂਹਿਕ ਹਲਫ ਲਿਆ ਗਿਆ ਕਿ ਗੁਰਸ਼ਰਨ ਸਿੰਘ ਜੀ ਦੀ ਜੀਵਨ ਘਾਲਣਾ ਕਦੇ ਵੀ ਭੁਲਾਈ ਨਹੀਂ ਜਾਵੇਗੀ, ਨਿਹਫਲ ਨਹੀਂ ਜਾਣ ਦਿੱਤੀ ਜਾਵੇਗੀ, ਲੋਕਾਂ ਦੀ ਲਹਿਰ ਅਤੇ ਲੋਕਾਂ ਦੀ ਕਲਾ ਦੇ ਰਿਸ਼ਤੇ ਨੂੰ ਹੋਰ ਅੱਗੇ ਲਿਜਾਇਆ ਜਾਵੇਗਾ। ਲੋਕਾਂ ਦਾ ਸੰਗਰਾਮੀ ਕਾਫ਼ਲਾ ਵੱਡਾ ਕੀਤਾ ਜਾਵੇਗਾ ਅਤੇ ਇਸ ਨੂੰ ਨਵੇਂ ਸਮਾਜ ਦੀ ਮੰਜ਼ਲ ਤੱਕ ਲਿਜਾਇਆ ਜਾਵੇਗਾ। ਫਿਰ ਤਣੇ ਹੋਏ ਮੁੱਕੇ ਲਹਿਰਾ ਕੇ ਸ਼੍ਰੀ ਗੁਰਸ਼ਰਨ ਸਿੰਘ ਨੂੰ ਸਮੁੱਚੇ ਇਕੱਠ ਵੱਲੋਂ ਸਲਾਮੀ ਦਿੱਤੀ ਗਈ। ਜਦੋਂ ਸ਼੍ਰੀ ਗੁਰਸ਼ਰਨ ਸਿੰਘ ਨੂੰ ਸਨਮਾਨ ਸਮਾਰੋਹ ਕਮੇਟੀ ਦੇ ਕਨਵੀਨਰ ਜਸਪਾਲ ਜੱਸੀ ਨੇ ਸਨਮਾਨ ਚਿੰਨ੍ਹ ਭੇਟ ਕੀਤਾ, ਤਾਂ ਜਗਮੋਹਣ ਜੋਸ਼ੀ ਦੇ ਉਰਦੂ ਗੀਤ 'ਹਰ ਦਿਲ ਮੇਂ ਬਗਾਵਤ ਕੇ ਸ਼ੋਅਲੇ ਕੋ ਜਗਾ ਦੇਂਗੇ, ਹਮ ਜੰਗੇ ਆਵਾਮੀ ਸੇ ਕੁਹਰਾਮ ਮਚਾ ਦੇਂਗੇ' ਦੀ ਧੁਨ ਗੂੰਜ ਉੱਠੀ। ਸਮੁੱਚਾ ਮਾਹੌਲ ਗੰਭੀਰ ਤੇ ਜਜ਼ਬਾਤੀ ਰੰਗ ਵਿੱਚ ਰੰਗਿਆ ਗਿਆ। ਕਈਆਂ ਦੀਆਂ ਅੱਖਾਂ ਛਲਕ ਉੱਠੀਆਂ। ਚੁਫੇਰੇ 'ਗੁਰਸ਼ਰਨ ਸਿੰਘ ਯੁੱਗ-ਯੁੱਗ ਜੀਵੇ', 'ਗੁਰਸ਼ਰਨ ਸਿੰਘ ਜ਼ਿੰਦਾਬਾਦ, ਇਨਕਲਾਬ ਜ਼ਿੰਦਾਬਾਦ' ਆਦਿ ਨਾਅਰਿਆਂ ਦੀ ਧਮਕ ਗੂੰਜ ਉੱਠੀ। ਇਹਨਾਂ ਯਾਦਗਾਰੀ ਤੇ ਇਤਿਹਾਸਕ ਪਲਾਂ ਮੌਕੇ ਪੰਜਾਬੀ ਸਾਹਿਤ ਅਤੇ ਕਲਾ ਜਗਤ ਦੀਆਂ ਸਿਰਮੌਰ ਹਸਤੀਆਂ ਅਜਮੇਰ ਔਲਖ, ਸੰਤੋਖ ਸਿੰਘ ਧੀਰ, ਸੁਰਜੀਤ ਪਾਤਰ ਅਤੇ ਵਰਿਆਮ ਸੰਧੂ ਸਟੇਜ 'ਤੇ ਮੌਜੂਦ ਸਨ।
ਇਸ ਤੋਂ ਇਲਾਵਾ ਦੇਸ਼ ਭਗਤ ਯਾਦਗਾਰ ਕਮੇਟੀ ਦੇ ਜਨਰਲ ਸਕੱਤਰ ਗੰਧਰਵ ਸੇਨ ਕੋਛੜ ਅਤੇ ਮਹਿੰਦਰ ਸਿੰਘ ਸੇਲਬਰਾਹ ਮੰਚ 'ਤੇ ਸੁਸ਼ੋਭਿਤ ਸਨ। ਸਨਮਾਨ ਸਮਾਰੋਹ ਕਮੇਟੀ ਦੇ ਮੈਂਬਰਾਂ 'ਚ ਅਮੋਲਕ ਸਿੰਘ, ਝੰਡਾ ਸਿੰਘ ਜੇਠੂਕੇ, ਗੁਰਦਿਆਲ ਸਿੰਘ ਭੰਗਲ, ਦਰਸ਼ਨ ਸਿੰਘ ਕੂਹਲੀ, ਹਰਜਿੰਦਰ ਸਿੰਘ, ਡਾ. ਪਰਮਿੰਦਰ ਸਿੰਘ, ਅਤਰਜੀਤ, ਪਵੇਲ ਕੁੱਸਾ ਅਤੇ ਸ੍ਰੀਮਤੀ ਪੁਸ਼ਪ ਲਤਾ ਵੀ ਸਟੇਜ 'ਤੇ ਮੌਜੂਦ ਸਨ। ਪੰਡਾਲ ਵਿੱਚ ਨਾਟਕਕਾਰ ਪ੍ਰੋ. ਪਾਲੀ ਭੁਪਿੰਦਰ, ਸ਼੍ਰੀ ਸ.ਨ. ਸੇਵਕ, ਹਰਭਜਨ ਗਿੱਲ, ਪ੍ਰੋ. ਹਮਦਰਦਵੀਰ ਨੌਸ਼ਹਿਰਵੀ, ਡਾ. ਸੁਰਜੀਤ ਲੀ, ਸੁਭਾਸ਼ ਪਰਿਹਾਰ, ਬਲਦੇਵ ਧਾਲੀਵਾਲ ਅਤੇ ਦੋ ਦਰਜਨ ਦੇ ਕਰੀਬ ਨਾਟਕ ਤੇ ਸੰਗੀਤ ਮੰਡਲੀਆਂ ਦੇ ਨਿਰਦੇਸ਼ਕ 'ਓਮ ਪ੍ਰਕਾਸ਼ ਸ਼ਰਮਾ' ਗੈਲਰੀ ਵਿੱਚ ਮਹਿਮਾਨਾਂ ਵਜੋਂ ਸ਼ਿਰਕਤ ਕਰ ਰਹੇ ਸਨ। ਇਹਨਾਂ ਦੇ ਪਿੱਛੇ ਰੰਗਮੰਚ ਅਤੇ ਸੰਗੀਤ ਕਰਮੀਆਂ ਦੀ ਵੱਡੀ ਟੁਕੜੀ ਕਤਾਰਾਂ 'ਚ ਸੀ। ਲੋਕ ਲਹਿਰ ਦੀਆਂ ਉੱਘੀਆਂ ਹਸਤੀਆਂ 'ਚੋਂ ਜੋਗਿੰਦਰ ਸਿੰਘ ਉਗਰਾਹਾਂ, ਸੁਖਦੇਵ ਸਿੰਘ ਕੋਕਰੀ ਕਲਾਂ, ਲਛਮਣ ਸਿੰਘ ਸੇਵੇਵਾਲਾ, ਕਰੋੜਾ ਸਿੰਘ, ਜਗਰੂਪ ਸਿੰਘ, ਵਿਜੈ ਦੇਵ, ਰਮੇਸ਼ਵਰ, ਗੁਰਦੀਪ ਸਿੰਘ, ਰਾਜਿੰਦਰ ਭਦੌੜ, ਮੇਘਰਾਜ ਮਿੱਤਰ ਆਦਿ ਵੀ ਮੌਜੂਦ ਸਨ। ਸ਼੍ਰੀ ਗੁਰਸ਼ਰਨ ਸਿੰਘ ਨੇ ਕਿਹਾ ਕਿ ਅੱਜ ਜਨਤਾ ਵੱਲੋਂ ਦਿੱਤਾ ਗਿਆ ਇਹ ਸਨਮਾਨ ਮੈਨੂੰ ਹੋਰ ਵਧੇਰੇ ਪ੍ਰਤੀਬੱਧਤਾ ਨਾਲ ਰਹਿੰਦਾ ਜੀਵਨ ਲੋਕ ਹਿੱਤਾਂ ਨੂੰ ਸਮਰਪਿਤ ਕਰਨ ਲਈ ਪ੍ਰੇਰੇਗਾ। ਉਹਨਾਂ ਆਸ ਪ੍ਰਗਟਾਈ ਕਿ ਬਰਾਬਰੀ ਅਤੇ ਇਨਸਾਫ 'ਤੇ ਅਧਾਰਤ ਸਮਾਜ ਲਈ ਲੋਕਾਂ ਦਾ ਸੰਘਰਸ਼ ਲਾਜ਼ਮੀ ਆਪਣੀ ਮੰਜ਼ਲ 'ਤੇ ਪੁੱਜੇਗਾ। ਇਸ ਸਮੁੱਚੇ ਸਮਾਗਮ ਦੀ ਕਾਰਵਾਈ ਸ਼੍ਰੀ ਅਮੋਲਕ ਸਿੰਘ ਨੇ ਚਲਾਈ।
(ਨਵਾਂ ਜ਼ਮਾਨਾ, 12 ਜਨਵਰੀ 2006)
ਰੰਗਮੰਚ ਦੇ ਸ਼ਾਹਸਵਾਰ ਦੀ ਅਲਵਿਦਾ
ਚੰਡੀਗੜ੍ਹ (ਨਵਾਂ ਜ਼ਮਾਨਾ ਸਰਵਿਸ)- ਪੰਜਾਬੀ ਰੰਗਮੰਚ ਦੇ ਸ਼ਾਹਅਸਵਾਰ ਸ਼੍ਰੀ ਗੁਰਸ਼ਰਨ ਸਿੰਘ ਉਰਫ ਗੁਰਸ਼ਰਨ ਭਾਅ ਜੀ ਦਾ ਅੱਜ ਇਥੇ ਸੈਕਟਰ 25 ਦੇ ਸ਼ਮਸਾਨ ਘਾਟ ਵਿਖੇ ਉਹਨਾਂ ਦੇ ਹਜ਼ਾਰਾਂ ਪ੍ਰਸ਼ੰਸਕਾਂ ਦੀ ਮੌਜੂਦਗੀ ਵਿੱਚ ਅੰਤਿਮ ਸਸਕਾਰ ਕਰ ਦਿੱਤਾ ਗਿਆ। 82 ਵਰ੍ਹਿਆਂ ਦੇ ਗੁਰਸ਼ਰਨ ਭਾਅ ਜੀ ਦਾ ਬੀਤੀ ਰਾਤ ਦਿਹਾਂਤ ਹੋ ਗਿਆ ਸੀ। ਉਹਨਾਂ ਦੀ ਮੌਤ ਦੀ ਖਬਰ ਸਵੇਰ ਹੁੰਦਿਆਂ ਹੀ ਸਾਰੇ ਪਾਸੇ ਫੈਲ ਗਈ ਤੇ ਪੰਜਾਬ ਭਰ ਵਿੱਚ ਉਹਨਾਂ ਦੇ ਪ੍ਰਸ਼ੰਸਕ ਕਾਫਲਿਆਂ ਦੇ ਰੂਪ ਵਿੱਚ ਚੰਡੀਗੜ੍ਹ ਪੁੱਜਣੇ ਸ਼ੁਰੂ ਹੋ ਗਏ ਸਨ। ਉਹਨਾਂ ਦੀ ਮ੍ਰਿਤਕ ਦੇਹ ਨੂੰ ਸਵਾ ਦੋ ਵਜੇ ਇੱਕ ਵਿਸ਼ਾਲ ਜਲੂਸ ਦੇ ਰੂਪ ਵਿੱਚ ਸ਼ਮਸਾਨ ਘਾਟ ਵੱਲ ਤੋਰਿਆ ਗਿਆ ਅਤੇ ਇਸ ਮੌਕੇ ਕੋਈ ਧਾਰਮਿਕ ਰਸਮ ਨਾ ਕੀਤੀ ਗਈ। ਉਹਨਾਂ ਦੀ ਇੱਛਾ ਅਨੁਸਾਰ ਉਹਨਾਂ ਉਪਰ ਚਿੱਟੇ ਰੰਗ ਦੀ ਬਜਾਏ, ਲਾਲ ਰੰਗ ਦਾ ਕਫਨ ਪਾਇਆ ਗਿਆ। ਸ਼ਮਸਾਨ ਘਾਟ ਵਿਖੇ ਉਹਨਾਂ ਦੀ ਮ੍ਰਿਤਕ ਦੇਹ ਨੂੰ ਅਗਨ ਭੇਟ ਕਰਨ ਤੋਂ ਪਹਿਲਾਂ ਪੰਜਾਬ ਭਰ ਤੋਂ ਪੁੱਜੇ ਰੰਗ ਕਰਮੀਆਂ, ਇਨਕਲਾਬੀ ਕਾਰਕੁਨਾਂ ਤੇ ਸਮਾਜਿਕ ਹਸਤੀਆਂ ਨੇ ਉਹਨਾਂ ਨੂੰ ਫੁੱਲ ਮਾਲਾਵਾਂ ਭੇਟ ਕਰਕੇ ਆਪਣੀ ਸ਼ਰਧਾਂਜਲੀ ਦਿੱਤੀ। ਇਹਨਾਂ ਵਿੱਚ ਪੰਜਾਬ ਸਰਕਾਰ ਵੱਲੋਂ ਦਲਜੀਤ ਸਿੰਘ ਚੀਮਾ, ਸੀ.ਪੀ.ਆਈ. ਵੱਲੋਂ ਡਾ. ਜੋਗਿੰਦਰ ਦਿਆਲ, ਕਾਮਰੇਡ ਨਿਰਮਲ ਸਿੰਘ ਧਾਲੀਵਾਲ, ਗੁਰਨਾਮ ਕੰਵਰ, ਸੀ.ਪੀ.ਐਮ. ਵੱਲੋਂ ਲਹਿੰਬਰ ਸਿੰਘ ਤੱਗੜ, ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਡਾ. ਪ੍ਰੇਮ ਸਿੰਘ, ਮੰਗਤ ਰਾਮ ਪਾਸਲਾ, ਕਾਮਰੇਡ ਅਮੋਲਕ ਸਿੰਘ, ਦਲਬੀਰ ਕੌਰ, ਪੰਜਾਬੀ ਅਕੈਡਮੀ ਲੁਧਿਆਣਾ ਵੱਲੋਂ ਗੁਰਭਜਨ ਗਿੱਲ, ਡਾ. ਸੁਖਦੇਵ ਸਿੰਘ, ਚੰਡੀਗੜ੍ਹ ਸੰਗੀਤ ਨਾਟਕ ਅਕੈਡਮੀ ਵੱਲੋਂ ਕੰਵਲ ਤਿਵਾੜੀ, ਪੰਜਾਬੀ ਸਾਹਿਤ ਅਕੈਡਮੀ ਵੱਲੋਂ ਰਾਜਪਾਲ ਸਿੰਘ, ਆਰਟ ਕੌਂਸਲ ਵੱਲੋਂ ਬੀਬੀ ਹਰਜਿੰਦਰ ਕੌਰ ਤੋਂ ਬਿਨਾ ਨਾਟਕ ਅਤੇ ਸਭਿਆਚਾਰਕ ਖੇਤਰ ਦੀਆਂ ਉੱਘੀਆਂ ਹਸਤੀਆਂ ਸ਼੍ਰੀ ਕੇਵਲ ਧਾਰੀਵਾਲ, ਜਗਦੀਸ਼ ਸਚਦੇਵਾ, ਨੀਲਮ ਮਾਨ ਸਿੰਘ, ਜਤਿੰਦਰ ਕੌਰ, ਪੂਨਮ ਪ੍ਰੀਤ ਲੜੀ, ਮਾਸਟਰ ਤਰਲੋਚਨ ਸਮਰਾਲਾ, ਗੁਲਜ਼ਾਰ ਸਿੰਘ ਸੰਧੂ, ਡਾ. ਰਘਵੀਰ ਸਿੰਘ ਸਿਰਜਣਾ, ਡਾ. ਸੁਰਜੀਤ ਹਾਂਸ, ਰਾਣੀ ਬਲਬੀਰ ਕੌਰ, ਜਸਪਾਲ ਜੱਸੀ, ਜੇਤਿੰਦਰ ਕੌਰ, ਸ਼੍ਰੀ ਨਰਭਿੰਦਰ, ਅਨੀਤਾ, ਸ਼ਬਦੀਸ਼ ਆਦਿ ਹਾਜ਼ਰ ਸਨ।
ਪੰਜਾਬ ਭਰ ਤੋਂ ਆਏ ਸੈਂਕੜੇ ਰੰਗ ਕਰਮੀਆਂ, ਕਲਾਕਾਰਾਂ, ਲੇਖਕਾਂ, ਬੁੱਧੀਜੀਵੀਆਂ, ਮੁਲਾਜ਼ਮਾਂ, ਮਜ਼ਦੂਰਾਂ ਤੇ ਕਿਸਾਨਾਂ ਨੇ ਸੰਗਰਾਮੀ ਵਿਦਾਇਗੀ ਦਿੱਤੀ। ਲੋਕ ਨਾਟਕਕਾਰ ਦੇ 43 ਸੈਕਟਰ ਸਥਿਤ ਘਰ ਤੋਂ ਇੱਕ ਵੱਡੇ ਕਾਫਲੇ ਦੀ ਸ਼ਕਲ 'ਚ ਨਾਹਰੇ ਮਾਰਦੇ ਲੋਕਾਂ ਗੁਰਸ਼ਰਨ ਭਾਅ ਜੀ ਅਮਰ ਰਹੇ, ਰੰਗਮੰਚ ਦੇ ਸੂਹੇ ਫੁੱਲ ਨੂੰ ਲਾਲ ਸਲਾਮ, ਭਾਅ ਜੀ ਤੁਹਾਡੀ ਸੋਚ 'ਤੇ ਪਹਿਰਾ ਦਿਆਂਗੇ ਠੋਕ ਕੇ, ਨੇ ਸ਼ਮਸਾਨ ਘਾਟ ਵੱਲ ਕੂਚ ਕੀਤਾ। ਘਰ ਤੋਂ ਨਾਟਕਕਾਰ ਗੁਰਸ਼ਰਨ ਸਿੰਘ ਦੀ ਅਰਥੀ ਨੂੰ ਮੋਢਾ ਦੇਣ ਵਾਲਿਆਂ 'ਚ ਪ੍ਰਸਿੱਧ ਨਾਟਕਕਾਰ ਸਾਹਿਬ ਸਿੰਘ, ਡਾ. ਅਰੀਤ, ਅਤੁਲ, ਨਵਸ਼ਰਨ ਕੌਰ, ਡਾ. ਪ੍ਰਮਿੰਦਰ ਸਿੰਘ, ਇਕੱਤਰ ਸਿੰਘ ਤੇ ਕੰਵਲ ਤਿਵਾੜੀ ਆਦਿ ਸ਼ਾਮਲ ਸਨ। ਗੁਰਸ਼ਰਨ ਸਿੰਘ ਨੂੰ ਸੰਗਰਾਮੀ ਸ਼ਰਧਾਂਜਲੀ ਭੇਟ ਕਰਨ ਵਾਲਿਆਂ 'ਚ ਪਲਸ ਮੰਚ ਦੇ ਕੰਵਲਜੀਤ ਖੰਨਾ, ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਤੋਂ ਡਾ. ਪ੍ਰੇਮ ਸਿੰਘ ਅਤੇ ਦਲਬੀਰ ਕੌਰ, ਅਦਾਕਾਰ ਮੰਚ ਮੋਹਾਲੀ ਦੇ ਰਾਜਿੰਦਰ ਰੋਜ਼ੀ, ਚੇਤਨਾ ਕਲਾ ਮੰਚ ਚਮਕੌਰ ਸਾਹਿਬ ਤੋਂ ਗੁਰਪ੍ਰੀਤ ਕੌਰ, ਚੇਤਨਾ ਕਲਾ ਕੇਂਦਰ ਬਰਨਾਲਾ ਦੇ ਹਰਵਿੰਦਰ ਦਿਵਾਨਾ, ਰੰਗ ਕਰਮੀ ਜਤਿੰਦਰ ਕੌਰ, ਹਰਦੀਪ ਗਿੱਲ, ਸ਼ਹੀਦ ਭਗਤ ਸਿੰਘ ਵਿਚਾਰ ਮੰਚ ਹਰਿਆਣਾ ਤੋਂ ਨਰਭਿੰਦਰ ਸਿੰਘ, ਪਾਸ਼ ਯਾਦਗਾਰੀ ਕੌਮਾਂਤਰੀ ਟਰੱਸਟ ਵੱਲੋਂ ਮੋਹਨ ਸਿੰਘ ਅਤੇ ਜਗੀਰ ਜੋਸਨ, ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ.) ਦੇ ਸੁਮੀਤ ਸਿੰਘ ਅੰਮ੍ਰਿਤਸਰ, ਅਦਾਰਾ ਤਰਕਸ਼ੀਲ ਤੋਂ ਰਾਮ ਸਵਰਨ ਲੱਖੇਵਾਲੀ ਅਤੇ ਗੁਰਮੀਤ ਸਿੰਘ ਅੰਬਾਲਾ, ਬੀ.ਕੇ.ਯੂ. ਆਗੂ ਝੰਡਾ ਸਿੰਘ ਜੇਠੂਕੇ, ਨਾਹਰ ਸਿੰਘ, ਅਦਾਰਾ ਵਰਗ ਚੇਤਨਾ ਦੇ ਯਸ਼ਪਾਲ, ਪ੍ਰਗਤੀ ਕਲਾ ਕੇਂਦਰ ਤੋਂ ਮੱਖਣ ਕਰਾਂਤੀ, ਲੋਕ ਮੋਰਚਾ ਪੰਜਾਬ ਦੇ ਜਗਮੇਲ ਸਿੰਘ, ਸੀ.ਪੀ.ਆਈ.ਐਮ.ਐਲ.(ਨਿਊ ਡੈਮੋ.) ਪੰਜਾਬ ਦੇ ਦਰਸ਼ਨ ਖਟਕੜ, ਇਨਕਲਾਬੀ ਕੇਂਦਰ ਪੰਜਾਬ ਦੇ ਨਰਾਇਣ ਦੱਤ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ੋਰਾ ਸਿੰਘ ਨਸਰਾਲੀ, ਹਰਮੇਸ਼ ਮਾਲੜੀ, ਗੁਰਸ਼ਰਨ ਸਿੰਘ ਸਨਮਾਨ ਕਮੇਟੀ ਦੇ ਜਸਪਾਲ ਜੱਸੀ ਤੋਂ ਇਲਾਵਾ ਅਨੇਕਾਂ ਰੰਗਮੰਚ ਮੰਡਲੀਆਂ ਅਤੇ ਲੋਕ-ਪੱਖੀ ਸੰਸਥਾਵਾਂ ਦੇ ਆਗੂ ਤੇ ਕਾਰਕੁਨ ਸ਼ਾਮਲ ਸਨ। ਸ਼ਮਸਾਨ ਘਾਟ 'ਚ ਪੰਜਾਬ ਭਰ ਤੋਂ ਆਏ ਮਜ਼ਦੂਰਾਂ, ਕਿਸਾਨਾਂ ਤੇ ਇਨਕਲਾਬੀ ਲਹਿਰ ਦੇ ਸਮਰਥਕਾਂ ਨੇ ਜੋਸ਼ੀਲੇ ਨਾਅਰਿਆਂ ਨਾਲ ਗੁਰਸ਼ਰਨ ਸਿੰਘ ਦੀ ਅੰਤਿਮ ਯਾਤਰਾ ਦੇ ਕਾਫ਼ਲੇ ਨਾਲ ਵਿਛੜੇ ਲੋਕ ਨਾਇਕ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਰਾਜ ਭਰ ਤੋਂ ਆਏ ਲੋਕ ਪੱਖੀ ਸੰਸਥਾਵਾਂ ਦੇ ਆਗੂਆਂ ਨੇ ਆਪਣੇ ਮਹਿਬੂਬ ਨਾਇਕ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਤਰਲੋਚਨ ਸਮਰਾਲਾ, ਕਸਤੂਰੀ ਲਾਲ, ਜਸਵੰਤ ਜਸ, ਜਗਦੀਸ਼ ਸਚਦੇਵਾ, ਪਵਨਦੀਪ, ਮਨਦੀਪ ਕੌਰ, ਰਾਣੀ ਬਲਬੀਰ ਕੌਰ, ਨੀਲਮ ਮਾਨ ਸਿੰਘ, ਡਾ. ਰਮਾ ਰਤਨ, ਜਸਵੰਤ ਦਮਨ, ਕਹਾਣੀਕਾਰ ਗੁਲਜ਼ਾਰ ਸਿੰਘ ਸੰਧੂ ਆਦਿ ਸਖਸ਼ੀਅਤਾਂ ਵੀ ਹਾਜ਼ਰ ਸਨ। ਇਸ ਮੌਕੇ ਹਾਜ਼ਰ ਹਜ਼ਾਰਾਂ ਦੀ ਗਿਣਤੀ 'ਚ ਗੁਰਸ਼ਰਨ ਸਿੰਘ ਦੀ ਸੋਚ ਨੂੰ ਪ੍ਰਣਾਏ ਲੋਕਾਂ ਨੇ ਰੰਗਮੰਚ ਦੇ ਇਸ ਸੂਰਜ ਦੀ ਘਾਲਣਾ ਨੂੰ ਨਿਹਫਲ ਨਾ ਜਾਣ ਦੇਣ, ਲੋਕ ਸੰਗਰਾਮਾਂ ਦੇ ਕਾਫਲੇ ਨੂੰ ਵੱਡਾ ਕਰਨ ਅਤੇ ਲੋਕਾਂ ਦੀ ਕਲਾ ਦੇ ਰਿਸ਼ਤੇ ਨੂੰ ਹੋਰ ਗੂੜ੍ਹਾ ਕਰਨ ਦਾ ਅਹਿਦ ਲਿਆ। ਲੋਕ ਨਾਟਕਕਾਰ ਗੁਰਸ਼ਰਨ ਸਿੰਘ ਨੂੰ ਲਾਲ ਸਲਾਮ ਤੇ ਇਨਕਲਾਬ ਜ਼ਿੰਦਾਬਾਦ ਦੇ ਸੰਗਰਾਮੀ ਨਾਹਰਿਆਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ। ਉਹਨਾਂ ਦੀ ਸੋਚ ਤੇ ਜੀਵਨ ਘਾਲਣਾ ਦੇ ਮੱਦੇਨਜ਼ਰ ਕਿਸੇ ਕਿਸਮ ਦੀ ਕੋਈ ਧਾਰਮਿਕ ਰਸਮ ਨਾ ਕੀਤੀ ਗਈ। ਦੇਸ਼ ਭਗਤ ਯਾਦਗਾਰ ਕਮੇਟੀ ਦੇ ਸਭਿਆਚਾਰਕ ਵਿੰਗ ਦੇ ਮੁਖੀ ਅਮੋਲਕ ਸਿੰਘ ਨੇ ਗੁਰਸ਼ਰਨ ਭਾਅ ਜੀ ਨੂੰ ਲੋਕਾਂ ਦਾ ਨਾਇਕ, ਯੁੱਗ-ਪੁਰਸ਼ ਦਾ ਸਨਮਾਨ ਦਿੰਦਿਆਂ ਆਖਿਆ ਕਿ ਉਹਨਾਂ ਦੇ ਸ਼ਹੀਦ ਭਗਤ ਸਿੰਘ ਵਾਲੇ ਬਰਾਬਰੀ ਦਾ ਸਮਾਜ ਸਿਰਜਣ ਦੇ ਸੁਪਨੇ ਸਾਕਾਰ ਕਰਨ ਲਈ ਲੋਕ ਚੇਤਨਾ ਦਾ ਕਾਰਜ ਜਾਰੀ ਰੱਖਿਆ ਜਾਵੇਗਾ।
ਉਹਨਾਂ ਦਾ ਸ਼ਰਧਾਂਜਲੀ ਸਮਾਗਮ 2 ਅਕਤੂਬਰ ਐਤਵਾਰ ਨੂੰ ਚੰਡੀਗੜ੍ਹ ਦੇ 34 ਸੈਕਟਰ ਦੇ ਗੁਰਦੁਆਰੇ ਸਾਹਮਣੇ ਲਾਇਬਰੇਰੀ 'ਚ ਸਾਢੇ ਗਿਆਰਾਂ ਵਜੇ ਸ਼ੁਰੂ ਹੋਵੇਗਾ। ਸ਼੍ਰੀ ਗੁਰਸ਼ਰਨ ਸਿੰਘ ਦੇ ਸਦੀਵੀ ਵਿਛੋੜੇ 'ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪ੍ਰੋ. ਅਨੂਪ ਵਿਰਕ, ਡਾ. ਰਜਨੀਸ਼ ਬਹਾਦਰ ਸਿੰਘ ਤੇ ਕਰਨੈਲ ਸਿੰਘ ਨਿੱਝਰ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਨਾ ਪੂਰਿਆ ਜਾਣ ਵਾਲਾ ਘਾਟਾ ਦੱਸਿਆ।
(29 ਸਤੰਬਰ ਦੇ ਨਵਾਂ ਜ਼ਮਾਨਾ 'ਚੋਂ ਹੂ-ਬ-ਹੂ)
No comments:
Post a Comment