ਇਤਿਹਾਸਕ ਮਹੱਤਤਾ
ਨਕਸਲਬਾੜੀ ਦੀ ਬਗਾਵਤ
1967 ਦਾ ਸਾਲ ਅਜਿਹਾ ਸਾਲ ਸੀ ਜਦ ਭਾਰਤ ਦੀਆਂ ਹਾਕਮ ਜਮਾਤਾਂ ਨੂੰ ਹੁਣ ਤੱਕ ਦੇ ਸਭ ਤੋਂ ਤਿੱਖੇ ਆਰਥਕ-ਸਿਆਸੀ ਸੰਕਟ ਨੇ ਮਧੋਲਿਆ ਹੋਇਆ ਸੀ। ਹਾਕਮ ਜਮਾਤਾਂ ਲੋਕਾਂ 'ਚੋਂ ਨਿੱਖੜੀਆਂ ਹੋਈਆਂ ਸਨ ਅਤੇ ਲੋਕ ਥਾਂ ਥਾਂ ਸੰਘਰਸ਼ਾਂ ਦਾ ਰਾਹ ਫੜ ਰਹੇ ਸਨ। ਇਸ ਦੀ ਇੱਕ ਝਲਕ ਇਸ ਤੱਥ 'ਚੋ ਹੀ ਮਿਲ ਜਾਂਦੀ ਹੈ ਕਿ ਇਸ ਸਾਲ ਮਾਰਚ ਤੋਂ ਸਤੰਬਰ ਤੱਕ ਦੀ ਛਿਮਾਹੀ ਵਿੱਚ ਇਕੱਲੇ ਬੰਗਾਲ ਅੰਦਰ ਹੀ 1230 ਘਿਰਾਓ ਤੇ 447 ਹੜਤਾਲਾਂ ਹੋਈਆਂ ਜਿਨ੍ਹਾਂ ਅੰਦਰ 169000 ਮਜ਼ਦੂਰਾਂ ਨੇ ਸ਼ਮੂਲੀਅਤ ਕੀਤੀ ਅਤੇ ਲੱਗਭੱਗ 60 ਲੱਖ ਦਿਹਾੜੀਆਂ ਦਾ ਨੁਕਸਾਨ ਹੋਇਆ। ਸੋ ਅਜਿਹੀ ਸੀ ਕੁੱਲ ਪ੍ਰਸਥਿਤੀ ਜਿਸ ਅੰਦਰ ਨਕਸਲਬਾੜੀ ਦਾ ਕਿਸਾਨ ਸੰਘਰਸ਼-''ਬਸੰਤ ਦੀ ਗਰਜ''-ਬਣ ਕੇ ਉੱਠਿਆ ਅਤੇ ਬਰਸਾਤ ਦੇ ਬੱਦਲਾਂ ਵਾਂਗ ਭਾਰਤ ਦੇ ਸਮੁੱਚੇ ਆਕਾਸ਼ 'ਤੇ ਘਣਘੋਰ ਘਟਾਵਾਂ ਬਣ ਕੇ ਛਾ ਗਿਆ। ਚੀਨੀ ਕਮਿਊਨਿਸਟ ਪਾਰਟੀ ਨੇ ਇਸ ਬਗਾਵਤ ਨੂੰ ''ਭਾਰਤ 'ਚ ਬਸੰਤ ਦੀ ਗਰਜ'' ਕਹਿ ਕੇ ਇਸਦਾ ਸੁਆਗਤ ਕੀਤਾ ਸੀ।
1958-62 ਤੱਕ ਪੱਛਮੀ ਬੰਗਾਲ ਅੰਦਰ ਕਿਸਾਨ ਸਭਾ ਦੇ ਸੱਦੇ ਤੇ ਬੇਨਾਮੀ ਜ਼ਮੀਨਾਂ 'ਤੇ ਕਬਜੇ ਦੀ ਮੁਹਿਮ ਚੱਲੀ। ਇਸ ਮੁਹਿੰਮ ਦੌਰਾਨ ਨਕਸਲਬਾੜੀ ਇਲਾਕੇ ਦੇ ਕਿਸਾਨਾਂ ਨੇ ਬੇਨਾਮੀ ਜ਼ਮੀਨਾਂ ਤੋਂ ਇਲਾਵਾ ਜੋਤੇਦਾਰਾਂ ਦੀਆਂ ਫਸਲਾਂ ਅਤੇ ਜਮੀਨਾਂ 'ਤੇ ਕਬਜਾ ਕਰਨਾ ਸ਼ੁਰੂ ਕਰ ਦਿੱਤਾ। ਅਨੇਕਾਂ ਥਾਈਂ ਘਮਸਾਨੀ ਟੱਕਰਾਂ ਹੋਈਆਂ। ਕਿਸਾਨ ਕਿਤੇ ਵੀ ਨਾ ਡਰੇ ਨਾ ਝੁਕੇ। ਸਗੋਂ ਜੋਤੇਦਾਰਾਂ ਅੰਦਰ ਡਰ ਤੇ ਭੈਅ ਫੈਲ ਗਿਆ। ਉਹ ਪਹਿਲਾਂ ਨਾਲੋਂ ਵੀ ਵੱਧ ਜਥੇਬੰਦ, ਹਥਿਆਰਬੰਦ ਅਤੇ ਲੜਾਕੂ ਹੋਣ ਲੱਗ ਪਏ ਪਰ ਇਸ ਸਮੇਂ ਤੱਕ ਕਿਸਾਨ ਜਥੇਬੰਦੀ ਵੀ ਮਜਬੂਤ ਅਤੇ ਪੱਕੇ ਪੈਰੀਂ ਹੋ ਚੁੱਕੀ ਸੀ। ਕਿਸਾਨਾਂ ਅੰਦਰ ਇਨਕਲਾਬੀ ਚੇਤਨਾ ਜੜ੍ਹਾਂ ਲਾ ਚੁੱਕੀ ਸੀ। ਉਨ੍ਹਾਂ ਅੰਦਰ ਇਕ ਭਰੋਸੇਯੋਗ ਆਗੂ ਟੋਲੀ ਵੀ ਵਿਕਸਤ ਹੋ ਚੁੱਕੀ ਸੀ ।
ਮਈ 1967 ਦੀ ਨਕਸਲਬਾੜੀ ਬਗਾਵਤ ਲਈ ਜੂਨ ਤੋਂ ਦਸੰਬਰ 1966 ਤੱਕ ਦਾਰਜੀਲਿੰਗ ਅੰਦਰ ਚੱਲੀ ਚਾਹ ਬਾਗਾਂ ਦੇ ਮਜ਼ਦੂਰਾਂ ਦੀ ਹੜਤਾਲ ਅਤੇ ਖਾੜਕੂ ਸੰਘਰਸ਼ ਨੇ ਹੁਲਾਰ ਪੈੜੇ ਦਾ ਕੰਮ ਕੀਤਾ। ਚਾਹ-ਬਾਗ ਮਜ਼ਦੂਰਾਂ ਦਾ ਕਿਸਾਨੀ ਨੇ ਡਟਵਾਂ ਸਮਰਥਨ ਕੀਤਾ। ਸਤੰਬਰ ਦੇ ਮਹੀਨੇ ਨੌਂ ਦਿਨ ਲਗਾਤਾਰ ਚੱਲੀ ਹੜਤਾਲ ਇਸ ਪੱਖੋਂ ਬੇਹੱਦ ਅਹਿਮ ਸੀ ਕਿ ਇਸ ਅਰਸੇ ਦੋਰਾਨ ਸਮੁੱਚੇ ਦਾਰਜੀਲਿੰਗ ਜਿਲੇ ਅੰਦਰ, ਸਮੂਹ ਚਾਹ-ਬਾਗਾਂ ਅੰਦਰ ਪੱਤੀਆਂ ਦੀ ਤੁੜਵਾਈ ਬੰਦ ਰਹੀ। ਚਾਹ-ਬਾਗ ਮਾਲਕਾਂ ਅਤੇ ਪੁਲਸ ਦੇ ਦਬਾਅ ਪਾਉਣ ਅਤੇ ਹੜਤਾਲ ਕੁਚਲਣ ਦੇ ਸਭ ਹਰਬਿਆਂ ਨੂੰ ਅਸਫਲ ਬਣਾਉਦੇ ਹੋਏ ਮਜ਼ਦੂਰਾਂ ਅਤੇ ਕਿਸਾਨਾਂ ਦੇ ਉਭਰ ਰਹੇ ਸਹਿਯੋਗ ਨੇ, ਉਨ੍ਹਾਂ ਦੀ ਉਭਰ ਰਹੀ ਤਾਕਤ ਨੇ , ਹਾਕਮ ਜਮਾਤਾਂ ਦੀ ਸੱਤਾ ਨੂੰ ਚੁਣੌਤੀ ਦੇ ਦਿੱਤੀ। ਫਰਵਰੀ 1967 ਵਿਚ ਹੋਈਆਂ ਅਸੈਂਬਲੀ ਚੋਣਾਂ ਅੰਦਰ ਕਾਂਗਰਸ ਪਾਰਟੀ ਨੂੰ ਮਿਲੀ ਕਰਾਰੀ ਹਾਰ ਅਤੇ ਕਮਿਊਨਿਸਟਾਂ ਦੇ ਸਹਿਯੋਗ ਨਾਲ ਬਣੀ ਸਾਂਝੇ ਮੋਰਚੇ ਦੀ ਸਰਕਾਰ ਨੇ ਮਜ਼ਦੂਰਾਂ ਅਤੇ ਕਿਸਾਨਾਂ ਨੂੰ ਇਹ ਭਰਮਾਊ ਹੁਲਾਰਾ ਦਿੱਤਾ ਕਿ ਹੁਣ ਉਨ੍ਹਾਂ ਦੀ ਸਰਕਾਰ ਬਣ ਗਈ ਹੈ। ਜੋਤੇਦਾਰ ਅਤੇ ਚਾਹਬਾਗਾਂ ਦੇ ਮਾਲਕ ਹੁਣ ਉਨ੍ਹਾਂ ਦਾ ਕੁੱਝ ਨਹੀਂ ਵਿਗਾੜ ਸਕਣਗੇ।
ਇਸ ਉਤਸ਼ਾਹੀ ਮਹੌਲ ਵਿੱਚ 7 ਮਈ 1967 ਨੂੰ ਨਕਸਲਬਾੜੀ ਇਲਾਕੇ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਸਾਂਝੀ ਕਾਨਫਰੰਸ ਹੋਈ। ਇਸ ਕਾਨਫਰੰਸ ਅੰਦਰ ਜਾਗੀਰਦਾਰਾਂ ਦੀ ਸੱਤਾ ਨੂੰ ਤਹਿਸ਼-ਨਹਿਸ਼ ਕਰਨ ਲਈ ਜ਼ਰੱਈ ਇਨਕਲਾਬ ਨੂੰ ਅੱਗੇ ਵਧਾਉਣ ਦਾ ਅਤੇ ਜਾਗੀਰਦਾਰਾਂ ਦੀ ਜਮੀਨ 'ਤੇ ਕਬਜਾ ਕਰਨ ਦਾ ਫੈਸਲਾ ਕੀਤਾ ਗਿਆ। ਇਸ ਪ੍ਰਸੰਗ ਵਿਚ ਇਹ ਵੀ ਵਰਨਣਯੋਗ ਹੈ ਕਿ ਸਾਂਝੇ ਮੋਰਚੇ ਦੀ ਸਰਕਾਰ ਅੰਦਰ ਮਾਰਕਸੀ ਪਾਰਟੀ ਦਾ ਆਗੂ ਹਰੇ ਕ੍ਰਿਸ਼ਨ ਕੋਨਾਰ ਜ਼ਮੀਨ ਅਤੇ ਮਾਲੀਆ ਵਿਭਾਗ ਦਾ ਮੰਤਰੀ ਬਣਿਆ ਸੀ। ਉਸ ਨੇ ਮੰਤਰੀ ਬਣਦੇ ਸਾਰ ਹੀ ਬਿਆਨ ਦਿੱਤਾ ਕਿ ਹੁਣ ਕਿਸਾਨ ਕਾਨੂੰਨ ਦੀਆਂ ਸੀਮਾਵਾਂ ਵਿੱਚ ਰਹਿ ਕੇ ਅੰਦੋਲਨ ਕਰਨ ਅਤੇ ਸਾਂਝੇ ਮੋਰਚੇ ਦੀ ਸਰਕਾਰ ਲਈ ਕੋਈ ਦਿੱਕਤਾਂ ਖੜ੍ਹੀਆਂ ਨਾ ਕਰਨ।
ਮਜ਼ਦੂਰਾਂ ਕਿਸਾਨਾਂ ਦੀ ਇਸ ਕਾਨਫਰੰਸ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਪਿੰਡ ਪਿੰਡ ਕਿਸਾਨ ਕਮੇਟੀਆਂ ਕਾਇਮ ਕਰਨ। ਰਾਖਾ ਦਸਤੇ ਤਿਆਰ ਕਰਨ , ਜਾਗੀਰੂ ਦਹਿਸ਼ਤ ਨੂੰ ਤੋੜ ਸੁੱਟਣ ਤੇ ਜਾਗੀਰਦਾਰਾਂ ਦੀਆਂ ਜਮੀਨਾਂ 'ਤੇ ਕਬਜ਼ਾ ਕਰ ਲੈਣ। ਉਨ੍ਹ੍ਵਾਂ ਦੇ ਇਸ ਸੱਦੇ ਨੂੰ ਬੇਮਿਸਾਲ ਹੁੰਗਾਰਾ ਮਿਲਿਆ। ਦਿਨਾਂ ਵਿਚ ਹੀ ਕਿਸਾਨ ਸਭਾ ਦੀ ਮੈਂਬਰਸ਼ਿਪ 4 ਹਜ਼ਾਰ ਤੋਂ 16 ਹਜਾਰ ਹੋ ਗਈ ਕਿਸਾਨ ਲਾਲ ਝੰਡੇ ਹੇਠ ਇਕੱਠੇ ਹੁੰਦੇ ਅਤੇ ਜੋਤੇਦਾਰਾਂ ਦੀਆਂ ਜ਼ਮੀਨਾਂ 'ਤੇ ਜਾ ਲਹਿਰਾਉਂਦੇ । ਹੱਦਬੰਦੀ ਨੂੰ ਚਕਮਾ ਦੇਣ ਵਾਲੇ ਪਟਵਾਰੀਆਂ ਦੇ ਝੂਠੇ ਰਿਕਾਰਡ ਸਾੜ ਦਿੰਦੇ। ਸੂਦਖੋਰਾਂ ਦੀਆਂ ਵਹੀਆਂ ਅਤੇ ਪ੍ਰੋਨੋਟ ਫੂਕ ਦਿੰਦੇ। ਜਾਗੀਰਦਾਰਾਂ ਦੇ ਗੁੰਡਿਆਂ ਨੂੰ ਕੁਟਾਪਾ ਚਾੜ੍ਹਦੇ ਇਸ ਤਰ੍ਹਾਂ ਜਾਗੀਰਦਾਰਾਂ ਅੰਦਰ ਸਹਿਮ ਅਤੇ ਦਹਿਸ਼ਤ ਪੈਦਾ ਹੋ ਰਹੀ ਸੀ, ਘਬਰਾਹਟ ਤੇ ਨਿਰਾਸ਼ਤਾ ਪਨਪ ਰਹੀ ਸੀ।
ਅਜਿਹੇ ਸਮੇਂ ਹੀ ਇਕ ਅਜਿਹੀ ਘਟਨਾ ਵਾਪਰੀ ਜਿਸ ਨੇ ਮਾਰਕਸੀ ਪਾਰਟੀ ਦੇ ''ਕਾਨੂੰਨ ਦੀਆਂ ਹੱਦਾਂ ਅੰਦਰ ਰਹਿ ਕੇ ਸੰਘਰਸ਼ ਕਰਨ'' ਦੀ ਪਹੁੰਚ ਦੀ ਅਸਲੀਅਤ ਬੇਨਕਾਬ ਕਰ ਦਿੱਤੀ ਤੇ ਨਾਲ ਹੀ ਮਜ਼ਦੂਰ-ਕਿਸਾਨ ਕਾਨਫਰੰਸ ਦੀ ਜ਼ਰੱੱੱੱੱਈ ਇਨਕਲਾਬੀ ਲਹਿਰ ਨੂੰ ਅਗਾਂਹ ਵਧਾਉਣ ਦੀ ਸੇਧ 'ਤੇ ਦਰੁਸਤੀ ਦੀ ਮੋਹਰ ਲਾ ਦਿੱਤੀ। ਇਸ ਇਲਾਕੇ ਵਿਚ ਇਕ ਬਿਗਲ ਨਾਮੀ ਬੇਜ਼ਮੀਨਾ ਕਿਸਾਨ ਸੀ, ਜਿਹੜਾ ਕਿ ਮਾਰਕਸੀ ਪਾਰਟੀ ਦਾ ਮੈਂਬਰ ਵੀ ਸੀ। ਮੁਜਾਰਾ ਐਕਟ ਤਹਿਤ ਉਸ ਨੂੰ ਜ਼ਮੀਨ ਮਾਲਕੀ ਦਾ ਅਧਿਕਾਰ ਮਿਲ ਗਿਆ ਸੀ ਪਰ ਜਾਗੀਰਦਾਰਾਂ ਨੇ ਪਹਿਲਾਂ ਅਦਾਲਤ ਵਿਚ ਉਲਝਾਈ ਰੱਖਿਆ। ਅਦਾਲਤ ਵਿੱਚੋਂ ਵੀ ਉਸ ਦੇ ਹੱਕ ਵਿਚ ਫੈਸਲਾ ਹੋ ਜਾਣ 'ਤੇ ਵੀ, ਜਾਗੀਰਦਾਰਾਂ ਨੇ ਉਸ ਨੂੰ ਜਮੀਨ ਵਿਚ ਪੈਰ ਨਾ ਰੱਖਣ ਦਿਤਾ। ਪਿੰਡ ਦੇ ਹੋਰ ਕਿਸਾਨ ਬਿਗਲ ਦੀ ਮਦੱਦ 'ਤੇ ਆਏ ਤਾਂ ਜਾਗੀਰਦਾਰਾਂ ਦੇ ਲਠੈਤਾਂ ਨਾਲ ਉਨ੍ਹਾਂ ਦੀ ਜੰਮ ਕੇ ਲੜਾਈ ਹੋਈ। ਦੋਹਾਂ ਧਿਰਾਂ ਦੇ ਸੱਟਾਂ-ਫੇਟਾਂ ਲੱਗੀਆਂ। 23 ਮਈ ਨੂੰ ਪੁਲਸ ਆਈ ਅਤੇ ਉਸ ਨੇ ਜਾਗੀਰਦਾਰਾਂ ਦਾ ਪੱਖ ਲੈ ਕੇ ਕਿਸਾਨਾਂ ਦੀ ਫੜੋ-ਫੜੀ ਆਰੰਭ ਦਿਤੀ। ਕਿਸਾਨਾਂ ਦਾ ਗੁੱਸਾ ਭਾਂਬੜ ਬਣ ਉਠਿਆ। ਰਵਾਇਤੀ ਹਥਿਆਰਾਂ ਨਾਲ ਲੈਸ ਕਿਸਾਨਾਂ ਅਤੇ ਤੀਰ-ਕਮਾਨਾਂ ਵਾਲੇ ਸੈਕੜੇ ਆਦਿਵਾਸੀਆਂ ਨੇ ਪੁਲਸ ਦਲ ਨੂੰ ਘੇਰ ਲਿਆ। ਝੜੱਪ ਹੋਈ। ਤਿੰਨ ਪੁਲਸੀਏ ਜਖਮੀ ਹੋ ਗਏ। ਦਰੋਗਾ ਸੁਨਮ ਵਾਂਗਦੀ ਦੋ ਦਿਨ ਬਾਅਦ ਹਸਪਤਾਲ ਵਿਚ ਦਮ ਤੋੜ ਗਿਆ। ਉਸੇ ਦਿਨ ਭਾਰੀ ਤਦਾਦ ਵਿਚ ਪੁਲਸ ਨੇ ਇਸ ਪਿੰਡ 'ਤੇ ਹਮਲਾ ਬੋਲ ਦਿੱਤਾ। ਜੰਮ ਕੇ ਲੜਾਈ ਹੋਈ। ਕਿਸਾਨਾਂ ਨੇ ਰਵਾਇਤੀ ਹਥਿਆਰਾਂ ਨਾਲ ਟਾਕਰਾ ਕੀਤਾ। ਔਰਤਾਂ-ਬੱਚਿਆਂ ਨੇ ਇੱਟਾਂ ਰੋੜੇ ਵਰਾ੍ਹਏ। ਆਦਿਵਾਸੀਆਂ ਨੇ ਤੀਰ ਛੱਡੇ। ਪੁਲਸ ਨੇ ਅੰਧਾਧੁੰਦ ਗੋਲੀ ਚਲਾਈ। ਦਸ ਵਿਅਕਤੀ ਮਾਰੇ ਗਏ ਜਿਨ੍ਹਾਂ ਵਿਚ ਔਰਤਾਂ ਤੇ ਬੱਚੇ ਵੀ ਸਨ। ਇਹੀ ਘਟਨਾ ਭਾਰਤ ਅੰਦਰ ''ਬਸੰਤs sਦੀ ਗਰਜ '' ਬਣ ਗਈ।
ਇਸ ਘਟਨਾ ਨੇ ਨਕਸਲਬਾੜੀ ਦੇ ਇਲਾਕੇ ਅੰਦਰ ਇੱਕ ਬਿਜਲਈ ਤਰੰਗ ਛੇੜ ਦਿੱਤੀ। ਕਿਸਾਨਾਂ ਨੇ ਥਾਂ ਥਾਂ ਜਾਰੀਰਦਾਰਾਂ ਦੀਆਂ ਜਮੀਨਾਂ 'ਤੇ ਕਬਜੇ ਆਰੰਭ ਦਿੱਤੇ। ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਰਵਾਇਤੀ ਹਥਿਆਰਾਂ ਸਮੇਤ ਇਕੱਠੇ ਹੁੰਦੇ, ਲਾਲ ਝੰਡੇ ਝੁਲਾਉਂਦ,ੇ ਜੋਤੇਦਾਰਾਂ ਦੀਆਂ ਜ਼ਮੀਨਾਂ 'ਤੇ ਕਬਜੇ ਕਰਦੇ ਅਤੇ ਜਾਲਮ ਜਾਗੀਰਦਾਰਾਂ ਅਤੇ ਉਨ੍ਹਾਂ ਦੇ ਲਠੈਤਾਂ ਨੂੰ ਸਜਾਵਾਂ ਸੁਣਾਉਂਦੇ। ਮੁਲਕ ਭਰ ਅੰਦਰ ਭਖੇ ਹੋਏ ਸਿਆਸੀ ਮਹੌਲ ਅੰਦਰ ਇਹ ਲਹਿਰ ਅਤੇ ਕਿਸਾਨ ਬਗਾਵਤ ਤਿੱਖੀ ਤੇ ਭਖਵੀਂ ਚਰਚਾ ਦਾ ਵਿਸ਼ਾ ਬਣ ਗਈ। ਕਮਿਊਨਿਸਟ ਇਨਕਲਾਬੀ ਸ਼ਕਤੀਆਂ, ਖਰੇ ਜਮਹੂਰੀ ਅਨਸਰ ਅਤੇ ਇਨਸਾਫਪਸੰਦ ਲੋਕ ਇਸ ਬਗਾਵਤ 'ਤੇ ''ਅਸ਼ ਅਸ਼ '' ਕਰ ਉਠੇ ਜਦ ਕਿ ਹਾਕਮ ਜਮਾਤਾਂ ਅਤੇ ਉਨ੍ਹਾਂ ਦੇ ਚਮਚੇ ''ਤਰਾਹ ਤਰਾਹ'' ਕਰ ਉਠੇ ।
ਬੰਗਾਲ ਦਾ ਮੁੱਖ-ਮੰਤਰੀ ਅਜੈ ਕੁਮਾਰ ਮੁਖਰਜੀ, ਅਸੈਂਬਲੀ ਵਿਚ ਭਰਿਆ ਪੀਤਾ ਕੂਕਿਆ ਕਿ ਨਕਸਲਬਾੜੀ ਦੇ ਇਲਾਕੇ ਅੰਦਰ ਅਮਨ ਕਾਨੂੰਨ ਦੀ ਗੰਭੀਰ ਸਮੱਸਿਆ ਪੈਦਾ ਹੋ ਗਈ ਹੈ। ਉਸ ਨੇ ਆਪਣੀ ਹਾਕਮ ਜਮਾਤੀ ਭਾਸ਼ਾ ਵਿਚ ਦੱਸਿਆ ਕਿ 8 ਤੋਂ 10 ਜੂਨ ਤੱਕ ਤਿੰਨ ਦਿਨਾਂ ਅੰਦਰ ਹੀ ਨਕਸਲਬਾੜੀ ਵਿਚ 13 ਡਕੈਤੀਆਂ, ਦੋ ਹੱਤਿਆਵਾਂ ਅਤੇ ਇੱਕ ਅਗਜਨੀ ਸਮੇਤ 80 ਵਾਰ ਕਾਨੂੰਨ ਭੰਗ ਹੋਇਆ ਹੈ। ਕੇਂਦਰੀ ਗ੍ਰਹਿ ਮੰਤਰੀ ਖੁਸ਼ਵੰਤ ਰਾਓ ਚਵਾਨ ਨੇ ਲੋਕ ਸਭਾ ਵਿਚ ਬਿਆਨ ਦਿੱਤਾ ਕਿ ਨਕਸਲਵਾੜੀ ਇਲਾਕੇ ਅੰਦਰ ਅਮਨ ਕਾਨੂੰਨ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ। ਲੋਕ ਕਾਨੂੰਨ ਨੂੰ ਆਪਣੇ ਹੱਥਾਂ ਵਿਚ ਲੈ ਰਹੇ ਹਨ ਅਤੇ ਭੰਨ ਤੋੜ ਕਰ ਰਹੇ ਹਨ। ਉਸ ਨੇ ਉਮੀਦ ਪਰਗਟ ਕੀਤੀ ਕਿ ਸਾਂਝੇ ਮੋਰਚੇ ਦੀ ਧਿਰ ਮਾਰਕਸੀ ਕਮਿਊਨਿਸਟ ਪਾਰਟੀ ਉਨ੍ਹਾਂ ਭੰਨਤੋੜ ਦੀਆਂ ਕਾਰਵਾਈਆਂ ਦਾ ਸਮਰਥਨ ਨਹੀਂ ਕਰੇਗੀ ਅਤੇ ਮਾਰਕਸੀ ਕਮਿਊਨਿਸਟ ਪਾਰਟੀ ਹਾਕਮ ਜਮਾਤਾਂ ਦੇ ਇਸ ਪਹਿਰੇਦਾਰ ਚਵਾਨ ਦੀ ਉਮੀਦ 'ਤੇ ਪੂਰੀ ਉਤਰੀ। 20 ਜੂਨ ਨੂੰ ਮਾਰਕਸੀ ਪਾਰਟੀ ਦੀ ਪੋਲਿਟ ਬਿਓਰੋ ਨੇ ਨਕਸਲਬਾੜੀ ਦੀ ਬਗਵਤ ਨੂੰ ਮੁੱਠੀ ਭਰ ਮਾਹਰਕੇਬਾਜਾਂ ਦੀ ਕਾਰਵਾਈ ਕਰਾਰ ਦੇ ਦਿੱਤਾ ਅਤੇ ਇਸ ਬਗਾਵਤ ਦਾ ਸਮਰਥਨ ਕਰਨ ਵਾਲੇ 19 ਮਹੱਤਵਪੂਰਨ ਆਗੂਆਂ ਨੂੰ ਪਾਰਟੀ ਵਿਚੋਂ ਖਾਰਜ ਕਰ ਦਿੱਤਾ ।
ਇਸ ਉਪਰੰਤ ਮਾਰਕਸੀ ਪਾਰਟੀ ਦੀ ਹਮਾਇਤ ਮਿਲਣ 'ਤੇ ਪੱਛਮੀ ਬੰਗਾਲ ਸਰਕਾਰ ਨੇ 13 ਜੁਲਾਈ ਨੂੰ ਹਥਿਆਰਬੰਦ ਪੁਲਸ ਅਤੇ ਬੀ ਐਸ ਐਫ ਨਾਲ ਨਕਸਲਬਾੜੀ 'ਤੇ ਚੜ੍ਹਾਈ ਕਰ ਦਿੱਤੀ। 250 ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਵਿਰੋਧ ਕਰ ਰਹੇ ਇੱਕ 80 ਸਾਲਾ ਬਜ਼ੁਰਗ ਨੂੰ ਸੰਗੀਨ ਖੋਭ ਕੇ ਮਾਰ ਦਿੱਤਾ । ਕਿਸਾਨ ਸ਼ਭਾ ਦੇ ਕਾਰਕੁੰਨਾਂ ਤੇ ਹਮੈਤੀਆਂ 'ਤੇ ਅੰਨ੍ਹਾਂ ਕੁਟਾਪਾ ਚਾੜ੍ਹਿਆ। ਥਾਂ ਥਾਂ ਪੁਲਸ ਕੈਂਪ ਸਥਾਪਤ ਕਰ ਦਿੱਤੇ ਅਤੇ ਉਲਟ ਇਨਕਲਾਬੀ ਦਹਿਸ਼ਤ ਦਾ ਗੇੜ ਚਲਾ ਦਿੱਤਾ । ਇਉਂ ਨਕਸਲਬਾੜੀ ਦੀ ਇਹ ਬਗਾਵਤ ਕੁੱਲ ਮਿਲਾ ਕੇ 53 ਦਿਨਾਂ ਤੱਕ ਹੀ ਚੱਲੀ, ਪਰ ਭਾਰਤ ਦੇ ਸਿਆਸੀ ਸੀਨ ਤੇ ਇਹ ਬਗਵਤ ਇਕ ਲਾਸਾਨੀ ਇਤਿਹਾਸਕ ਮਹੱਤਤਾ ਵਾਲੀ ਅਮਰ ਗਾਥਾ ਹੋ ਨਿੱਬੜੀ।
ਇਸ ਬਗਾਵਤ ਨੇ ਭਾਰਤ ਦੀ ਧਰਤੀ 'ਤੇ ਮਾਓ-ਜ਼ੇ-ਤੁੰਗ ਵਿਚਾਰਧਾਰਾ ਦਾ ਝੰਡਾ ਗੱਡ ਦਿੱਤਾ। ਨਕਸਲਬਾੜੀ ਦੀ ਬਗਾਵਤ ਅੱਜ ਕਮਿਊਨਿਸਟ ਇਨਕਲਾਬੀ ਲਹਿਰ ਦਾ ਚਿੰਨ੍ਹ ਬਣ ਕੇ ਸਦਾ ਲਈ ਅਮਰ ਹੋ ਗਈ ਹੈ।
No comments:
Post a Comment