Wednesday, March 3, 2021

ਦਿੱਲੀ ਦੇ ਧਰਨੇ ਦੀਆਂ ਤਿਆਰੀਆਂ ਜ਼ੋਰਾਂ ’ਤੇ

 

 

ਦਿੱਲੀ ਦੇ ਧਰਨੇ ਦੀਆਂ ਤਿਆਰੀਆਂ ਜ਼ੋਰਾਂ ਤੇ

ਅੰਮਿ੍ਰਤਸਰ, 24 ਨਵੰਬਰ : ਖੇਤੀ ਕਾਨੂੰਨਾਂ ਖ਼ਿਲਾਫ ਕਿਸਾਨਾਂ ਵੱਲੋਂ 26 ਅਤੇ 27 ਨਵੰਬਰ ਨੂੰ ਦਿੱਲੀ ਵਿੱਚ ਕੇਂਦਰ ਸਰਕਾਰ ਦਾ ਘਿਰਾਓ ਕਰਨ ਦੇ ਪ੍ਰੋਗਰਾਮ ਤਹਿਤ ਕਿਸਾਨਾਂ ਵੱਲੋਂ ਲਗਪਗ ਇੱਕ ਮਹੀਨੇ ਦਾ ਧਰਨਾ ਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਲੋੜੀਂਦਾ ਸਾਮਾਨ ਇਕੱਠਾ ਕੀਤਾ ਗਿਆ ਹੈ। ਇਸ ਦੌਰਾਨ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਦੇ ਬਾਹਰ ਕਿਸਾਨਾਂ ਦਾ ਧਰਨਾ ਅੱਜ ਵੀ ਜਾਰੀ ਰਿਹਾ।

ਕੇਂਦਰ ਸਰਕਾਰ ਦਾ ਘਿਰਾਓ ਕਰਨ ਲਈ ਕਿਸਾਨਾਂ ਨੇ ਲੰਮੇ ਸੰਘਰਸ਼ ਦੀ ਤਿਆਰੀ ਵਿੱਢੀ ਹੈ। ਜੇ ਕਿਸਾਨਾਂ ਨੂੰ ਦਿੱਲੀ ਪੁੱਜਣ ਤੋਂ ਰੋਕਿਆ ਜਾਂਦਾ ਹੈ ਤਾਂ ਉਨਾਂ ਵੱਲੋਂ ਰੋਕੇ ਜਾਣ ਵਾਲੀ ਥਾਂ ਤੇ ਪੱਕੇ ਧਰਨੇ ਦੇਣ ਦੀ ਯੋਜਨਾ ਹੈ, ਜਿਸ ਤਹਿਤ ਉਨਾਂ ਵੱਲੋਂ ਧਰਨਿਆਂ ਲਈ ਲੋੜੀਂਦਾ ਸਾਮਾਨ ਇਕੱਠਾ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਦਿੱਲੀ ਜਾਣ ਵਾਸਤੇ ਟਰੱਕਾਂ ਅਤੇ ਟਰੈਕਟਰ-ਟਰਾਲੀਆਂ ਦਾ ਪ੍ਰਬੰਧ ਕੀਤਾ ਹੈ। ਟਰੱਕਾਂ ਉੱਪਰ ਤਰਪਾਲਾਂ ਪਾ ਕੇ ਛੱਤਾਂ ਪਾਈਆਂ ਗਈਆਂ ਹਨ। ਇਸੇ ਤਰਾਂ ਟਰਾਲੀਆਂ ਉੱਪਰ ਵੀ ਛੱਤਾਂ ਪਾਈਆਂ ਗਈਆਂ ਹਨ ਤਾਂ ਜੋ ਰਾਤ ਵੇਲੇ ਇਨਾਂ ਵਿੱਚ ਆਰਾਮ ਕੀਤਾ ਜਾ ਸਕੇ। ਇਸੇ ਤਰਾਂ ਲੰਗਰ ਵਾਸਤੇ ਰਾਸ਼ਨ, ਗੈਸ ਸਿਲੰਡਰ, ਗਰਮ ਕੱਪੜੇ, ਗੱਦੇ ਤੇ ਹੋਰ ਸਾਮਾਨ ਇਕੱਠਾ ਕੀਤਾ ਗਿਆ ਹੈ।

ਕਿਰਤੀ ਕਿਸਾਨ ਯੂਨੀਅਨ ਦੇ ਆਗੂ ਜਤਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਘੱਟੋ-ਘੱਟ ਇੱਕ ਮਹੀਨੇ ਦਾ ਰਾਸ਼ਨ ਇਕੱਠਾ ਕੀਤਾ ਗਿਆ ਹੈ ਤਾਂ ਜੋ ਧਰਨਾ ਲੰਮਾ ਚੱਲਣ ਤੇ ਕੋਈ ਮੁਸ਼ਕਲ ਪੇਸ਼ ਨਾ ਆਵੇ। ਭਲਕੇ 25 ਨਵੰਬਰ ਨੂੰ ਵਾਹਨਾਂ ਦਾ ਕਾਫਲਾ ਦਿੱਲੀ ਰਵਾਨਾ ਹੋਵੇਗਾ। ਟਰੈਕਟਰ-ਟਰਾਲੀਆਂ ਸਵੇਰੇ ਯਾਤਰਾ ਸ਼ੁਰੂ ਕਰਨਗੀਆਂ ਜਦਕਿ ਟਰੱਕ ਦੁਪਹਿਰ ਵੇਲੇ ਰਵਾਨਾ ਹੋਣਗੇ।

ਇਸ ਦੌਰਾਨ ਕਿਸਾਨ ਆਗੂ ਲਖਬੀਰ ਸਿੰਘ ਨਿਜਾਮਪੁਰਾ ਨੇ ਦੱਸਿਆ ਕਿ ਕਿਸਾਨ ਅੰਦੋਲਨ ਲਈ ਲੋਕਾਂ ਤੇ ਕੁਝ ਦੁਕਾਨਦਾਰਾਂ ਵੱਲੋਂ ਆਰਥਿਕ ਮਦਦ ਦਿੱਤੀ ਜਾ ਰਹੀ ਹੈ ਅਤੇ ਸਮਾਜ ਸੇਵੀਆਂ ਵੱਲੋਂ ਲੋੜੀਂਦੀਆਂ ਵਸਤਾਂ ਭੇਟ ਕੀਤੀਆਂ ਗਈਆਂ ਹਨ। ਕੈਮਿਸਟਾਂ ਨੇ ਮੁੱਢਲੀ ਸਹਾਇਤਾ ਬਾਕਸ ਦਿੱਤੇ ਹਨ, ਜਿਨਾਂ ਵਿੱਚ ਲੋੜੀਂਦੀਆਂ ਦਵਾਈਆਂ ਸ਼ਾਮਲ ਹਨ। ਕਿਸਾਨ ਆਗੂ ਨੇ ਆਖਿਆ ਕਿ ਅੰਮਿ੍ਰਤਸਰ ਤੋਂ ਹਜ਼ਾਰਾਂ ਕਿਸਾਨ ਦਿੱਲੀ ਲਈ ਰਵਾਨਾ ਹੋਣਗੇ।

ਸ਼ਵੇਤ ਮਲਿਕ ਦੇ ਘਰ ਬਾਹਰ ਧਰਨਾ ਜਾਰੀ

ਕਿਰਤੀ ਕਿਸਾਨ ਯੂਨੀਅਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਅਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਵੱਲੋਂ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਦੇ ਬਾਹਰ ਲਾਇਆ ਧਰਨਾ ਅੱਜ ਵੀ ਜਾਰੀ ਰਿਹਾ। ਕਿਸਾਨ ਆਗੂ ਜਤਿੰਦਰ ਸਿੰਘ ਛੀਨਾ, ਕੰਵਲਪ੍ਰੀਤ ਸਿੰਘ ਪੰਨੂ, ਹਰਜੀਤ ਸਿੰਘ ਝੀਤੇ ਨੇ ਕਿਹਾ ਕਿ ਦਿੱਲੀ ਧਰਨੇ ਦੌਰਾਨ ਵੀ ਭਾਜਪਾ ਆਗੂ ਦੇ ਘਰ ਬਾਹਰ ਧਰਨਾ ਜਾਰੀ ਰਹੇਗਾ।                         (ਪੰਜਾਬੀ ਟਿ੍ਰਬਿਊਨ)

 

 


No comments:

Post a Comment