Showing posts with label ਪ੍ਰਿਥੀਪਾਲ ਰੰਧਾਵਾ ਦੀ ਸ਼ਹਾਦਤ ਦਾ ਦਿਹਾੜਾ. Show all posts
Showing posts with label ਪ੍ਰਿਥੀਪਾਲ ਰੰਧਾਵਾ ਦੀ ਸ਼ਹਾਦਤ ਦਾ ਦਿਹਾੜਾ. Show all posts

Saturday, September 19, 2026

18 ਜੁਲਾਈ, ਪ੍ਰਿਥੀਪਾਲ ਰੰਧਾਵਾ ਦੀ ਸ਼ਹਾਦਤ ਦਾ ਦਿਹਾੜਾ

 18 ਜੁਲਾਈ, ਪ੍ਰਿਥੀਪਾਲ ਰੰਧਾਵਾ ਦੀ ਸ਼ਹਾਦਤ ਦਾ ਦਿਹਾੜਾ
ਪ੍ਰਿਥੀ ਦੀ ਜ਼ਿੰਦਗੀ ਤੇ ਸ਼ਹਾਦਤ ਤੋਂ ਪ੍ਰੇਰਨਾ ਲਈਏ


ਪਿਰਥੀ ਦੀ ਸਖਸ਼ੀਅਤ ਇੱਕ ਵਧੀਆ ਕਮਿਊਨਿਸਟ ਵਾਲੇ ਸ਼ਾਨਦਾਰ ਗੁਣਾਂ ਦੀ ਮਾਲਕ ਸੀ। ਵਿਦਿਆਰਥੀਆਂ ਅਤੇ ਹੋਰਨਾਂ ਲੋਕਾਂ ਵਿੱਚ ਬਣੇ ਉਸਦੇ ਮਾਣ ਤਾਣ ਵਾਲੇ ਰੁਤਬੇ ਨੇ ਉਸਨੂੰ ਕਦੇ ਵੀ ਫਤੂਰ ਨਹੀਂ ਚਾੜ੍ਹਿਆ। ਆਪਣੇ ਸਮੁੱਚੇ ਇਨਕਲਾਬੀ ਜੀਵਨ ਦੌਰਾਨ ਉਸਨੇ ਇਨਕਲਾਬੀ s sਜਥੇਬੰਦੀ ਦੀ ਸਮੁਹਿਕ ਇੱਛਾ ਸਾਹਮਣੇ ਚੇਤਨ ਆਪਾ ਸਮਰਪਣ ਦੀ ਸ਼ਾਨਦਾਰ ਰਵਾਇਤ ਨੂੰ ਉੱਚੀ ਚੁੱਕਿਆ। ਵਿਦਿਆਰਥੀਆਂ ਅਤੇ ਲੋਕਾਂ ਲਈ ਗਹਿਰੇ ਨਿੱਘ ਅਤੇ ਸਤਿਕਾਰ ਦੀਆਂ ਭਾਵਨਾਵਾਂ ਨਾਲ ਭਰੇ ਇਸ ਆਗੂ ਦੀ ਸਖਸ਼ੀਅਤ ਲਈ ਛੋਟਾਪਣ ਅਤੇ ਤੰਗਨਜ਼ਰੀ ਬਿਲਕੁੱਲ ਓਪਰੇ ਸਨ। ਮਾਅਰਕੇਬਾਜ਼ ਅਤੇ ਸੋਧਵਾਦੀ ਸਿਆਸਤ ਦੇ ਪੈਰੋਕਾਰਾਂ ਵੱਲੋਂ ਸਮੇਂ ਸਮੇਂ ਉਸਦੀ ਸਖਸ਼ੀਅਤ ਉੱਤੇ ਘਟੀਆ ਨਿੱਜੀ ਤੋਹਮਤਬਾਜ਼ੀ ਨਾਲ ਭਰੇ ਜ਼ਹਿਰੀਲੇ ਹਮਲੇ ਹੁੰਦੇ ਰਹੇ। ਪਰ ਉਸ ਨੇ ਨਾ ਹੀ ਇਹਨਾਂ ਦੀ ਕਦੇ ਪ੍ਰਵਾਹ ਕੀਤੀ ਅਤੇ ਨਾ ਹੀ ਆਪਣੇ ਆਪ ਨੂੰ, ਸਿਆਸੀ ਵਿਰੋਧੀਆਂ ਨਾਲ ਵਿਚਾਰਧਾਰਕ ਲੜਾਈ ਰਾਹੀਂ ਨਜਿੱਠਣ ਦੇ ਮਿਆਰ ਤੋਂ ਨੀਵਾਂ ਡਿਗਣ ਦਿੱਤਾ। ਆਪਣੇ ਗੰਭੀਰ, ਵਿਚਾਰਸ਼ੀਲ ਅਤੇ ਨਿੱਘੇ ਸੁਭਾਅ ਕਰਕੇ ਉਹ ਉਹਨਾਂ ਸਾਰੇ ਲੋਕਾਂ ਨੂੰ ਪਿਆਰਾ ਲੱਗਣ ਲੱਗ ਪਿਆ ਸੀ, ਜਿਹੜੇ ਵੀ ਉਸਦੀ ਪ੍ਰਭਾਵਸ਼ਾਲੀ ਸਖਸ਼ੀਅਤ ਦੇ ਵਾਹ ਵਿੱਚ ਆਏ। 

ਬਹੁਤ ਹੀ ਹਰਮਨ ਪਿਆਰਾ ਅਤੇ ਸਤਿਕਾਰਿਆ ਇਨਕਲਾਬੀ ਘੁਲਾਟੀਆ ਹੋਣ ਕਰਕੇ ਅਤੇ ਇੱਕ ਵਿਲੱਖਣ ਇਨਕਲਾਬੀ ਜਨਤਕ ਆਗੂ ਵਾਲੇ ਗੁਣਾਂ ਦਾ ਮਾਲਕ ਹੋਣ ਕਰਕੇ ਪਿਰਥੀ ਦੀ ਸਖਸ਼ੀਅਤ ਇਸ ਲੁਟੇਰੇ ਸਮਾਜਿਕ ਪ੍ਰਬੰਧ ਲਈ ਖਤਰਾ ਬਣ ਕੇ ਉੱਭਰ ਰਹੀ ਸੀ। ਪਿਰਥੀ ਦੀ ਸ਼ਹੀਦੀ ਨਾਲ ਵੀ ਲੋਕ ਦੁਸ਼ਮਣ ਤਾਕਤਾਂ ਇਸ ਖਤਰੇ ਤੋਂ ਸੁਰਖਰੂ ਨਹੀਂ ਹੋ ਸਕੀਆਂ....

ਪਿਰਥੀ ਦੀ ਜ਼ਿੰਦਗੀ ਅਤੇ ਸ਼ਹਾਦਤ ਇਨਕਲਾਬੀ ਲਹਿਰ ਦੇ ਕਾਜ ਅੰਦਰ ਦ੍ਰਿੜ੍ਹ ਵਿਸ਼ਵਾਸ਼ ਵਾਲੇ ਇਨਕਲਾਬੀ ਹੌਂਸਲੇ ਅਤੇ ਕੁਰਬਾਨੀ ਦੀ ਸ਼ਾਨਦਾਰ ਕਮਿਊਨਿਸਟ ਰਵਾਇਤ ਦੀ ਤਰਜਮਾਨ ਸੀ। ਅੱਜ ਪਿਰਥੀ ਨੂੰ ਸ਼ਰਧਾਂਜਲੀ ਭੇਟ ਕਰਨ ਦਾ ਅਰਥ ਉਸਦੀ ਜ਼ਿੰਦਗੀ ਅਤੇ ਮੌਤ ਤੋਂ ਪ੍ਰੇਰਨਾ ਲੈਂਦਿਆਂ ਉਸ ਦਰੁਸਤ ਇਨਕਲਾਬੀ ਲੀਹ ਦੀ ਰਾਖੀ ਅਤੇ ਵਧਾਰੇ ਲਈ ਡਟਣਾ ਹੈ, ਜੀਹਦੇ 'ਤੇ ਪਿਰਥੀ ਅੰਤਲੇ ਸਾਹਾਂ ਤੱਕ ਡਟਿਆ ਰਿਹਾ।