ਸੁਰਖ਼ ਲੀਹ ਕਮਿਊਨਿਸਟ ਵਿਚਾਰਧਾਰਾ ਅਤੇ ਸਿਆਸਤ ਨੂੰ ਸਮਰਪਿਤ ਹੈ। ਇਸ ਦਾ ਮਕਸਦ ਜਨਤਾ ਨੂੰ ਲੋਕ ਇਨਕਲਾਬ ਦੀ ਲੋੜ ਅਤੇ ਮਹੱਤਵ ਬਾਰੇ ਜਾਗਰਤ ਕਰਨਾ ਅਤੇ ਮੌਜੂਦਾ ਲੋਕ ਦੋਖੀ ਰਾਜ-ਪ੍ਰਬੰਧ ਨੂੰ ਬਦਲ ਕੇ ਅਸਲੀ ਲੋਕ ਰਾਜ ਕਾਇਮ ਕਰਨਾ ਹੈ। ਅਸੀਂ ਲੋਕਾਂ ਦੀ ਮੁਕਤੀ ਦੇ ਕਾਰਜ ਨੂੰ ਸਮਰਪਤ ਇਸ ਪ੍ਰਕਾਸ਼ਨ ਲਈ ਵੱਧ ਤੋਂ ਵੱਧ ਸਹਿਯੋਗ ਦੀ ਅਪੀਲ ਕਰਦੇ ਹਾਂ। ਲੰਮਾ ਸਮਾਂ ਸੁਰਖ ਰੇਖਾ ਵਜੋਂ ਨਿਕਲਦੇ ਰਹੇ ਇਸ ਪਰਚੇ ਦਾ ਨਾਮ ਕੁਝ ਤਕਨੀਕੀ ਕਾਰਨਾਂ ਕਰਕੇ ਬਦਲ ਕੇ ਹੁਣ ਸੁਰਖ਼ ਲੀਹ ਕਰ ਦਿੱਤਾ ਗਿਆ ਹੈ।
Saturday, February 8, 2025
ਬਸਤਰ 'ਚ ਕਰੂਰ ਕਤਲੇਆਮ ਝੱਲ ਰਹੀ ਨਕਸਲਬਾੜੀ ਲਹਿਰ
ਮਾਰੂਤੀ ਸੁਜ਼ੂਕੀ ਦੇ ਅਸਥਾਈ ਕਰਮਚਾਰੀਆਂ ਦਾ ਸੰਘਰਸ਼ ਤੇਜ਼
ਮਾਰੂਤੀ ਸੁਜ਼ੂਕੀ ਦੇ ਅਸਥਾਈ ਕਰਮਚਾਰੀਆਂ ਦਾ ਸੰਘਰਸ਼ ਤੇਜ਼
10 ਜਨਵਰੀ, ਗੁੜਗਾਓਂ : ਮਾਰੂਤੀ ਸੁਜ਼ੂਕੀ ਦੇ ਹਜ਼ਾਰਾਂ ਮੌਜੂਦਾ ਅਤੇ ਸਾਬਕਾ ਅਸਥਾਈ ਕਰਮਚਾਰੀਆਂ ਨੇ ਕੰਪਨੀ ਦੇ ਗੈਰ-ਕਾਨੂੰਨੀ ਲੇਬਰ ਪ੍ਰਥਾਵਾਂ ਨੂੰ ਚੁਣੌਤੀ ਦਿੰਦੇ ਹੋਏ ਕਿਰਤ ਵਿਭਾਗ ਨੂੰ ਆਪਣਾ ਸਮੂਹਿਕ ਮੰਗ ਪੱਤਰ ਸੌਂਪਣ ਲਈ ਡੀਸੀ ਦਫ਼ਤਰ ਵਿਖੇ ਇਕੱਠ ਕੀਤਾ । ਕਰਮਚਾਰੀਆਂ ਨੇ ਆਪਣੇ ਆਪ ਨੂੰ ਮਾਰੂਤੀ ਸੁਜ਼ੂਕੀ ਟੈਂਪਰੇਰੀ ਵਰਕਰਜ਼ ਯੂਨੀਅਨ ਦੇ ਤਹਿਤ ਸੰਗਠਿਤ ਕੀਤਾ ਹੈ, ਜਿਸਦੀ ਸ਼ੁਰੂਆਤ 5 ਜਨਵਰੀ, 2025 ਨੂੰ ਕ੍ਰਿਸ਼ਨਾ ਚੌੰਕ, ਗੁੜਗਾਓਂ ਵਿਖੇ ਹੋਈ ਵਿਸ਼ਾਲ ਮੀਟਿੰਗ ਵਿੱਚ ਕੀਤੀ ਗਈ ਸੀ। ਮੰਗਾਂ ਸਬੰਧੀ ਮੰਗ ਪੱਤਰ ਵੀ 9 ਜਨਵਰੀ 2025 ਨੂੰ ਕੰਪਨੀ ਪ੍ਰਬੰਧਕਾਂ ਨੂੰ ਸੌਂਪਿਆ ਗਿਆ। ਕਿਰਤ ਵਿਭਾਗ ਨੇ 31 ਜਨਵਰੀ, 2025 ਨੂੰ ਕੰਪਨੀ ਪ੍ਰਬੰਧਨ ਅਤੇ ਯੂਨੀਅਨ ਨਾਲ ਇੱਕ ਤਿਕੋਣੀ ਮੀਟਿੰਗ ਤੈਅ ਕੀਤੀ ਹੈ। ਪ੍ਰਦਰਸ਼ਨਕਾਰੀਆਂ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਮੰਗ ਪੱਤਰ ਵੀ ਸੌਂਪਿਆ ਅਤੇ 30 ਜਨਵਰੀ ਨੂੰ ਆਈਐਮਟੀ ਮਾਨੇਸਰ ਵਿਖੇ ਵਿਸ਼ਾਲ ਲਾਮਬੰਦੀ ਅਤੇ ਮਜ਼ਦੂਰ ਮਾਰਚ ਕਰਨ ਦਾ ਐਲਾਨ ਕੀਤਾ। ਵੱਖ-ਵੱਖ ਰਾਜਾਂ ਦੇ ਅਸਥਾਈ ਕਰਮਚਾਰੀਆਂ ਅਤੇ ਮਾਰੂਤੀ ਤੋਂ ਕੱਢੇ ਗਏ ਕਾਮਿਆਂ ਦੇ ਨੁਮਾਇੰਦਿਆਂ ਦੀ ਇੱਕ ਵਰਕਿੰਗ ਕਮੇਟੀ ਅੰਦੋਲਨ ਦੀ ਅਗਵਾਈ ਕਰ ਰਹੀ ਹੈ।
ਕਰਮਚਾਰੀਆਂ ਨੇ ਆਟੋਮੋਬਾਈਲ ਖੇਤਰ ਦੀ ਦਿੱਗਜ਼ ਕੰਪਨੀ ਦੇ ਸਾਰੇ ਪਲਾਂਟਾਂ ਵਿੱਚ ਨਿਯਮਤ ਉਤਪਾਦਨ ਵਿੱਚ ਵੱਖ-ਵੱਖ ਸ਼੍ਰੇਣੀਆਂ ਦੇ ਅਸਥਾਈ ਕਰਮਚਾਰੀਆਂ ਨੂੰ ਨਿਯੁਕਤ ਕਰਨ ਦੀ ਪ੍ਰਥਾ ਨੂੰ ਖਤਮ ਕਰਨ ਦੀ ਮੰਗ ਕੀਤੀ ਹੈ। ਉਹ ਖਰਖੌਦਾ, ਸੋਨੀਪਤ ਅਤੇ ਮਾਰੂਤੀ ਦੇ ਵਿਦਿਆਰਥੀ ਸਿਖਿਆਰਥੀਆਂ ਨੂੰ ਨਵੇਂ ਪਲਾਂਟ ਸਮੇਤ ਸਾਰੇ ਪਲਾਂਟਾਂ ਵਿੱਚ ਸਥਾਈ ਰੂਪ ਵਿੱਚ ਕੰਮ ਕਰਨ, ਬਰਾਬਰ ਕੰਮ ਲਈ ਬਰਾਬਰ ਤਨਖ਼ਾਹ, ਕੰਪਨੀ ਦੁਆਰਾ ਪਹਿਲਾਂ ਅਤੇ ਮੌਜੂਦਾ ਸਮੇਂ ਵਿੱਚ ਅਸਥਾਈ ਕਰਮਚਾਰੀਆਂ ਦੀ ਨਿਯੁਕਤੀ ਲਈ ਪੱਕੇ ਤੌਰ 'ਤੇ ਰੁਜ਼ਗਾਰ ਦੀ ਮੰਗ ਤੇ ਸਿਖਿਆਰਥੀਆਂ ਲਈ ਉਪਯੋਗੀ ਅਤੇ ਮਾਨਤਾ ਪ੍ਰਾਪਤ ਸਿਖਲਾਈ ਨੂੰ ਯਕੀਨੀ ਬਣਾਉਣ ਦੀ ਮੰਗ ਕਰ ਰਹੇ ਹਨ । ਅੰਦੋਲਨ ਲਈ ਖੇਤਰ ਵਿੱਚ ਆਏ ਅਸਥਾਈ ਕਰਮਚਾਰੀਆਂ ਨੇ ਕੰਪਨੀ ਦੇ ਗੇਟ ਤੋਂ ਸੱਤ ਕਿਲੋਮੀਟਰ ਦੂਰ ਆਈਐਮਟੀ ਮਾਨੇਸਰ ਚੌਕ ਨੇੜੇ ਮਾਨੇਸਰ ਤਹਿਸੀਲ ਵਿੱਚ ਬਰਖਾਸਤ ਮਾਰੂਤੀ ਮੁਲਾਜ਼ਮਾਂ ਦੇ ਧਰਨੇ ਵਾਲੀ ਥਾਂ 'ਤੇ ਡੇਰੇ ਲਾਏ ਹੋਏ ਹਨ।
"ਵਰਕਰ (ਮਜ਼ਦੂਰ ) ਕੋਈ ਫੁੱਟਬਾਲ ਨਹੀਂ ਹਨ ਜਿਨ੍ਹਾਂ ਨੂੰ ਤੁਸੀਂ ਆਪਣੀ ਮਰਜ਼ੀ ਨਾਲ ਬਾਹਰ ਕੱਢਦੇ ਹੋ!” ਬਹਾਦਰਗੜ੍ਹ ਦੇ ਇੱਕ ਅਸਥਾਈ ਕਰਮਚਾਰੀ ਸੁਮਿਤ ਨੇ ਇਕੱਠ ਵਿੱਚ ਸ਼ਾਮਿਲ ਹੋਏ ਅਸਥਾਈ ਕਰਮਚਾਰੀਆਂ ਦੀ ਤੁਲਨਾ ਇੱਕ ਫੁੱਟਬਾਲ ਨਾਲ ਕੀਤੀ ਹੈ ਜੋ ਕਿ ਇਕ ਕੰਪਨੀ ਤੋਂ ਦੂਜੀ ਕੰਪਨੀ ਵਿੱਚ ਲੱਤ ਮਾਰੇ ਜਾਂਦੇ ਹਨ। ਉਹਦੀ ਇਹ ਛਵੀ ਆਟੋਮੋਬਾਈਲ ਉਦਯੋਗ ਵਿੱਚ ਗੁਜ਼ਾਰੇ 12 ਸਾਲ ਦੇ ਲੰਮੇ ਅਨੁਭਵ ਤੋਂ ਬਣੀ ਹੋਈ ਹੈ ਜਿੱਥੇ ਉਸਨੇ ਮਾਰੂਤੀ ਸੁਜ਼ੂਕੀ ਵਿੱਚ ਵੱਖ - ਵੱਖ ਦਰਜੇ ਉਤੇ ਕੰਮ ਕਰਨ ਤੋਂ ਇਲਾਵਾ ਨੋਇਡਾ ਵਿੱਚ ਹੀਰੋ ਕਾਰ ਪਲਾਂਟ ਅਤੇ ਮਾਨੇਸਰ ਵਿੱਚ ਹੀਰੋ ਬਾਈਕ ਪਲਾਂਟ ਵਿੱਚ ਅਸਥਾਈ ਕਰਮਚਾਰੀ ਵੱਜੋਂ ਕੰਮ ਕੀਤਾ। ਮਾਰੂਤੀ ਸੁਜ਼ੂਕੀ ਵਿੱਚ 34,918 ਤੋਂ ਵੱਧ ਕਰਮਚਾਰੀ ਕੰਮ ਕਰਦੇ ਹਨ। ਇਹਨਾਂ ਵਿੱਚ ਸਿਰਫ 18% ਸਥਾਈ ਕਰਮਚਾਰੀ ਹਨ। ਦੂਜੇ 40.72% ਕੰਟਰੈਕਟ ਕਰਮਚਾਰੀ ਵੱਜੋਂ ਕੰਮ ਕਰਦੇ ਹਨ ਅਤੇ 21.6% ਅਸਥਾਈ ਕਰਮਚਾਰੀ (TW) ਹਨ ਤੇ 21% ਵਿਦਿਆਰਥੀ ਸਿਖਿਆਰਥੀ (MST) ਅਤੇ ਅਪ੍ਰੈਂਟਿਸ ਹਨ।
ਇਹ ਕਰਮਚਾਰੀ ਉਮੀਦ ਅਤੇ ਨਿਰਾਸ਼ਾ ਦੇ ਇੱਕ ਅੰਤਹੀਣ ਚੱਕਰ ਵਿੱਚ ਫਸੇ ਹੋਏ ਹਨ ਕਿਉਂਕਿ ਕੰਪਨੀ ਉਹਨਾਂ ਨੂੰ ਸੱਤ ਮਹੀਨਿਆਂ ਤੋਂ ਲੈਕੇ ਇੱਕ ਜਾਂ ਦੋ ਸਾਲ ਤੱਕ ਦੇ ਥੋੜ੍ਹੇ ਸਮੇਂ ਲਈ ਨੌਕਰੀ 'ਤੇ ਰੱਖਦੀ ਹੈ ਅਤੇ ਫਿਰ ਕੁੱਝ ਮਹੀਨਿਆਂ ਬਾਅਦ ਉਹਨਾਂ ਨੂੰ ਵਾਪਸ ਬੁਲਾਉਣ ਦੇ ਵਾਅਦੇ ਨਾਲ ਛੱਡ ਦਿੰਦੀ ਹੈ। ਅਸਥਾਈ ਕਾਮਿਆਂ ਨੂੰ ਪਹਿਲਾਂ TW1 ਵਜੋਂ ਨੌਕਰੀ 'ਤੇ ਰੱਖਿਆ ਜਾਂਦਾ ਹੈ, ਜਿਨ੍ਹਾਂ ਵਿੱਚੋਂ ਲਗਭਗ 10% ਨੂੰ ਇੱਕ ਸਾਲ ਬਾਅਦ TW2 ਵਜੋਂ ਦੁਬਾਰਾ ਨਿਯੁਕਤ ਕੀਤਾ ਜਾਂਦਾ ਹੈ ਅਤੇ ਕੁਝ ਮੁੱਠੀ ਭਰ ਨੂੰ TW3 ਤੱਕ ਬੁਲਾਇਆ ਜਾਂਦਾ ਹੈ। ਇਹੀ ਤਰਕ ਠੇਕਾ ਕਰਮਚਾਰੀਆਂ ਲਈ ਵੀ ਲਾਗੂ ਹੁੰਦਾ ਹੈ ਜਿਨ੍ਹਾਂ ਨੂੰ CW1, CW2 ਅਤੇ CW3 ਵੀ ਕਿਹਾ ਜਾਂਦਾ ਹੈ। ਇਸ ਕਾਰਨ ਕੰਪਨੀ ਹੁਨਰਮੰਦ ਕਾਮਿਆਂ ਦੇ ਇੱਕ ਵੱਡੇ ਸਮੂਹ ਨੂੰ ਆਪਣੇ ਨਾਲ ਬੰਨ੍ਹ ਕੇ ਰੱਖਦੀ ਹੈ, ਜਿਹਨਾ ਨੂੰ ਇਹ ਕਦੇ ਬੁਲਾਉਂਦੀ ਹੈ ਅਤੇ ਕਦੇ ਆਪਣੀ ਸਹੂਲਤ ਅਨੁਸਾਰ ਲੱਤ ਮਾਰਕੇ ਕੱਢ ਦਿੰਦੀ ਹੈ।
1,30,000 ਰੁਪਏ ਪ੍ਰਤੀ ਮਹੀਨਾ ਕਮਾਉਣ ਵਾਲੇ ਸਥਾਈ ਕਰਮਚਾਰੀਆਂ ਅਤੇ 18,000 ਤੋਂ 30,000 ਰੁਪਏ ਦੀ ਕਮਾਈ ਕਰਨ ਵਾਲੇ ਅਸਥਾਈ ਕਰਮਚਾਰੀਆਂ ਵਿਚਕਾਰ ਵੱਡਾ ਤਨਖ਼ਾਹ ਦਾ ਅੰਤਰ ਕਰਮਚਾਰੀਆਂ ਲਈ ਵਿਵਾਦ ਦਾ ਇੱਕ ਹੋਰ ਵੱਡਾ ਕਾਰਨ ਹੈ। ਉਤਪਾਦਨ ਦਾ ਮੁੱਖ ਬੋਝ ਇਸ ਗੈਰ-ਸਥਾਈ ਕਰਮਚਾਰੀਆਂ 'ਤੇ ਹੋਣ ਦੇ ਬਾਵਜੂਦ, ਸਥਾਈ ਅਤੇ ਅਸਥਾਈ ਕਰਮਚਾਰੀਆਂ ਨੂੰ ਮਿਲਦੀਆਂ ਸਹੂਲਤਾਂ ਵਿੱਚ ਭਾਰੀ ਅਸਮਾਨਤਾ ਹੈ। ਤਨਖਾਹ ਦੇ ਇੱਕ ਵੱਡੇ ਹਿੱਸੇ ਵਿੱਚ ਪ੍ਰੋਤਸਾਹਨ ਸ਼ਾਮਲ ਹੁੰਦੇ ਹਨ, ਜੋ ਕਿ ਛੁੱਟੀ ਲੈਣ ਜਾਂ ਉਤਪਾਦਨ ਦੇ ਟੀਚਿਆਂ ਵਿੱਚ ਉਤਰਾਅ-ਚੜ੍ਹਾਅ ਦੇ ਕਾਰਨ ਅਸਥਾਈ ਕਰਮਚਾਰੀਆਂ ਲਈ ਅਸਾਨੀ ਨਾਲ ਕਟੌਤੀ ਕੀਤੇ ਜਾਂਦੇ ਹਨ।
ਮਾਨੇਸਰ ਅੰਦੋਲਨ ਦੇ ਬਾਰਾਂ ਸਾਲਾਂ ਬਾਅਦ ਵੀ ਮਜ਼ਦੂਰਾਂ ਨੂੰ ਉਹੀ ਮਸਲਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਾਰੂਤੀ ਸੁਜ਼ੂਕੀ ਪ੍ਰਬੰਧਨ 2011-12 ਵਿੱਚ ਦੁਨੀਆਂ ਭਰ ਵਿੱਚ ਬਦਨਾਮ ਸੀ ਜਦੋਂ ਇਸਦੇ ਮਾਨੇਸਰ ਪਲਾਂਟ ਦੇ ਕਾਮਿਆਂ ਨੇ ਆਪਣੀ ਯੂਨੀਅਨ ਬਣਾਉਣ ਅਤੇ ਕੰਪਨੀ ਵਿੱਚ ਨਕਾਰਾਤਮਕ ਕਿਰਤ ਅਭਿਆਸਾਂ ਦਾ ਪਰਦਾਫਾਸ਼ ਕਰਨ ਲਈ ਇੱਕ ਸਾਲ ਅੰਦੋਲਨ ਕੀਤਾ। 18 ਜੁਲਾਈ 2012 ਨੂੰ, ਵੱਡੇ ਪੱਧਰ 'ਤੇ ਹਿੰਸਾ ਭੜਕਾ ਕੇ ਅੰਦੋਲਨ ਨੂੰ ਕੁਚਲਣ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਵਿੱਚ ਇੱਕ ਪ੍ਰਬੰਧਨ ਅਧਿਕਾਰੀ ਦੀ ਅੱਗ ਵਿੱਚ ਦਮ ਘੁੱਟਣ ਕਾਰਨ ਮੌਤ ਹੋ ਗਈ ਸੀ। ਇਸ ਘਟਨਾ ਤੋਂ ਬਾਅਦ ਵਿਆਪਕ ਪੁਲਿਸ ਜਬਰ ਦਾ ਸਾਹਮਣਾ ਕੀਤਾ ਗਿਆ ਅਤੇ 147 ਵਰਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ, ਜਿਹਨਾਂ ਵਿੱਚੋਂ ਸਮੁੱਚੀ ਮੂਲ ਯੂਨੀਅਨ ਬਾਡੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ। ਇਸ ਘਟਨਾ ਤੋਂ ਬਾਅਦ 23,000 ਪੱਕੇ ਅਤੇ ਕੰਟਰੈਕਟ ਵਰਕਰਾਂ ਨੂੰ ਬਿਨਾਂ ਕਿਸੇ ਜਾਂਚ ਦੇ ਨੌਕਰੀ ਤੋਂ ਕੱਢ ਦਿੱਤਾ ਗਿਆ। ਅੰਦੋਲਨ ਦੀ ਜੜ੍ਹ ਕੰਮ ਦੇ ਅਸਹਿਣਸ਼ੀਲ ਦਬਾਅ, ਨਾਕਾਫ਼ੀ ਉਜਰਤਾਂ ਅਤੇ ਉਤਪਾਦਨ ਵਿੱਚ ਠੇਕੇ ਦੀ ਮਜ਼ਦੂਰੀ ਦੀ ਵੱਡੇ ਪੱਧਰ 'ਤੇ ਵਰਤੋਂ ਦੀਆਂ ਸ਼ਿਕਾਇਤਾਂ ਵਿੱਚ ਸੀ। ਸਾਲ 2012 ਵਿੱਚ ਬਰਖ਼ਾਸਤ ਕੀਤੇ ਗਏ ਪੱਕੇ ਮੁਲਾਜ਼ਮ ਅਕਤੂਬਰ 2024 ਤੋਂ ਆਈਐਮਟੀ ਮਾਨੇਸਰ ਵਿਖੇ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਬੈਠੇ ਹਨ ਅਤੇ ਮੌਜੂਦਾ ਅੰਦੋਲਨ ਨੂੰ ਹੁਲਾਰਾ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਮੌਜੂਦਾ ਅੰਦੋਲਨ ਉਨ੍ਹਾਂ ਮੰਗਾਂ ਦਾ ਵਿਸਥਾਰ ਹੈ ਜਿਨ੍ਹਾਂ ਨੇ ਉਨ੍ਹਾਂ ਨੂੰ ਪਹਿਲਾਂ ਯੂਨੀਅਨ ਬਣਾਉਣ ਲਈ ਪ੍ਰੇਰਿਤ ਕੀਤਾ ਸੀ ।
ਉਸ ਅੰਦੋਲਨ ਤੋਂ ਬਾਅਦ, ਮਾਰੂਤੀ ਸੁਜ਼ੂਕੀ ਪ੍ਰਬੰਧਨ ਨੇ ਦਾਅਵਾ ਕੀਤਾ ਕਿ ਉਸਨੇ ਕੰਪਨੀ ਵਿੱਚ ਠੇਕਾ ਪ੍ਰਥਾ ਨੂੰ ਖਤਮ ਕਰ ਦਿੱਤਾ ਹੈ ਅਤੇ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਦਾ ਹੱਲ ਕੀਤਾ ਹੈ। ਮੌਜੂਦਾ ਅੰਦੋਲਨ ਦਰਸਾਉਂਦਾ ਹੈ ਕਿ ਇਹ ਦਾਅਵੇ ਸਿਰਫ ਪਲਾਂਟ ਦੇ ਛੋਟੇ ਸਥਾਈ ਕਰਮਚਾਰੀਆਂ ਲਈ ਜਾਇਜ਼ ਹਨ, ਜਦੋਂ ਕਿ ਜ਼ਿਆਦਾਤਰ ਕਰਮਚਾਰੀ ਅਜੇ ਵੀ ਮਾੜੀਆਂ ਕੰਮ ਦੀਆਂ ਸਥਿਤੀਆਂ ਤੋਂ ਪੀੜਤ ਹਨ, ਜਿਵੇਂ ਕਿ ਬਾਥਰੂਮ ਬਰੇਕ ਨਾ ਲੈਣਾ, ਸਿਰਫ ਕੁਝ ਸਕਿੰਟਾਂ ਦੀ ਦੇਰੀ ਨਾਲ ਪਲਾਂਟ ਵਿੱਚ ਦਾਖਲ ਹੋਣ 'ਤੇ ਗੈਰਹਾਜ਼ਰੀ ਲਗਾ ਦੇਣਾ , ਪੂਰਨ ਤੌਰ ਉੱਤੇ ਸ਼ਾਮਿਲ ਨਾ ਹੋਣ ਕਾਰਨ ਉਨ੍ਹਾਂ ਦੀ ਤਨਖਾਹ ਦਾ ਵੱਡਾ ਹਿੱਸਾ ਕੱਟਿਆ ਜਾ ਰਿਹਾ ਹੈ, ਚਾਹ ਲਈ ਸਿਰਫ 7 ਮਿੰਟ ਅਤੇ ਦੁਪਹਿਰ ਦੇ ਖਾਣੇ ਲਈ ਅੱਧਾ ਘੰਟਾ ਦਿੱਤਾ ਜਾਂਦਾ ਹੈ, ਜਿਸ ਦੌਰਾਨ ਵਰਕਰਾਂ ਨੂੰ ਮੈੱਸ ਵਿੱਚ ਜਾਣ ਤੇ ਵਾਪਸ ਆਉਣ ਲਈ ਇੱਕ ਕਿਲੋਮੀਟਰ ਤੋਂ ਵੱਧ ਪੈਦਲ ਚੱਲਣਾ ਪੈਂਦਾ ਹੈ।
ਹੁਨਰ ਵਿਕਸਿਤ ਕਰਨ ਦਾ ਦਿਖਾਵਾ
ਹਰ ਸਾਲ ਹਜ਼ਾਰਾਂ ਨੌਜਵਾਨ ਵਿਦਿਆਰਥੀ ਮਾਰੂਤੀ ਸੁਜ਼ੂਕੀ ਦੇ ਵੱਖ-ਵੱਖ ਪਲਾਂਟਾਂ ਤੋਂ ਸਿਖਿਆਰਥੀਆਂ ਅਤੇ ਅਪ੍ਰੈਂਟਿਸ ਵਜੋਂ ਉੱਭਰਦੇ ਹਨ। ਉਹਨਾਂ ਨੂੰ ਮਾਰੂਤੀ ਸੁਜ਼ੂਕੀ ਆਈ.ਟੀ.ਆਈ ਪ੍ਰੋਗਰਾਮ ਦੇ ਤਹਿਤ ਭਰਤੀ ਕੀਤਾ ਜਾਂਦਾ ਹੈ ਤੇ ਸਿੱਧਾ ਹੀ ਉਤਪਾਦਨ 'ਚ ਲਗਾਇਆ ਜਾਂਦਾ ਹੈ, ਉਹਨਾਂ ਨੂੰ ਉਹਨਾਂ ਦੇ ਟਰੇਡ ਦੇ ਅਧਾਰ ਤੇ ਇੱਕ ਜਾਂ ਦੋ ਸਾਲਾਂ ਲਈ ਇੱਕੋ ਸਟੇਸ਼ਨ ਤੇ ਕੰਮ ਕਰਨ ਲਈ ਮਜ਼ਬੂਰ ਕੀਤਾ ਜਾਂਦਾ ਹੈ ਅਤੇ ਫਿਰ ਉਹਨਾਂ ਨੂੰ ਛੱਡ ਦਿੱਤਾ ਜਾਂਦਾ ਹੈ ਇੱਕ ਸਰਟੀਫਿਕੇਟ ਦੇ ਨਾਲ ਜਿਸਦਾ ਲੇਬਰ ਮਾਰਕੀਟ ਵਿੱਚ ਕੋਈ ਮੁੱਲ ਨਹੀਂ ਹੈ। ਸੰਦੀਪ (ਉਮਰ 25) ਹਰਿਆਣਾ ਹਾਈ ਕੋਰਟ ਵਿੱਚ ਇੱਕ ਕੇਸ ਲੜ ਰਿਹਾ ਹੈ ਕਿਉਂਕਿ ਉਸਨੂੰ ਹਰਿਆਣਾ ਸਰਕਾਰ ਦੀ ਨੌਕਰੀ ਵਿੱਚ ਭਰਤੀ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਸੀ, ਜਿੱਥੇ ਮਾਰੂਤੀ ਤੋਂ ਉਸਦੇ ਤਜ਼ਰਬੇ ਦੇ ਸਰਟੀਫਿਕੇਟ ਨੂੰ ਮਾਨਤਾ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ ਕਿਉਂਕਿ ਇਸ ਵਿੱਚ ਕੋਈ ਖਾਸ ਕੰਮ ਦਾ ਕੋਈ ਤਜਰਬਾ ਨਹੀਂ ਸੀ ।
ਇਹ ਕੰਪਨੀ ਹਰ ਸਾਲ ਹਜ਼ਾਰਾਂ ਨਵੀਆਂ ਨੌਕਰੀਆਂ ਪੈਦਾ ਕਰਨ ਦੇ ਸਰਕਾਰ ਦੇ ਦਾਅਵੇ ਦਾ ਸਿਹਰਾ ਖੁਸ਼ੀ ਨਾਲ ਲੈਂਦੀ ਹੈ। ਪਰ ਮਜ਼ਦੂਰਾਂ ਦੀ ਭਾਰੀ ਆਮਦ ਇਨ੍ਹਾਂ ਦਾਅਵਿਆਂ ਦੇ ਪਿੱਛੇ ਦਾ ਕਾਲਾ ਸੱਚ ਉਜਾਗਰ ਕਰਦੀ ਹੈ, ਜਿੱਥੇ ਇਹ ਸਾਰਾ ਰੁਜ਼ਗਾਰ ਸਿਰਫ਼ ਥੋੜ੍ਹੇ ਸਮੇਂ ਲਈ ਹੈ, ਕੁਝ ਮਹੀਨਿਆਂ ਤੋਂ ਵੱਧ ਨਹੀਂ ਚੱਲਦਾ। ਰਾਸ਼ਟਰੀ ਰੋਜ਼ਗਾਰ ਪ੍ਰੋਤਸਾਹਨ ਮਿਸ਼ਨ (NEEM) ਰਾਹੀਂ ਹੁਨਰ ਵਿਕਾਸ ਦੇ ਦਾਅਵੇ ਅਸਲ ਵਿੱਚ ਮਾਰੂਤੀ ਸੁਜ਼ੂਕੀ ਵਰਗੀਆਂ ਕੰਪਨੀਆਂ ਨੂੰ ਸਸਤੇ ਹੁਨਰਮੰਦ ਲੇਬਰ ਮੁਹੱਈਆ ਕਰਾਉਣ ਦਾ ਦਿਖਾਵਾ ਹਨ।
ਮਾਰੂਤੀ ਸੁਜ਼ੂਕੀ ਅਸਥਾਈ ਮਜ਼ਦੂਰ ਯੂਨੀਅਨ
ਏਫ਼ਬੀ:@Maruti Suzuki Asthayi Mazdoor Sangh
ਕਾਮਰੇਡ ਗੁਰਬਖਸ਼ ਕੌਰ ਸੰਘਾ ਨੂੰ ਸ਼ਰਧਾਂਜਲੀ
ਕਾਮਰੇਡ ਗੁਰਬਖਸ਼ ਕੌਰ ਸੰਘਾ ਨੂੰ ਸ਼ਰਧਾਂਜਲੀ
ਅਦਾਰਾ ਸੁਰਖ਼ ਲੀਹ ਕਾਮਰੇਡ ਗੁਰਬਖ਼ਸ਼ ਕੌਰ ਸੰਘਾ ਨੂੰ ਨਿੱਘੀ ਸਰਧਾਂਜਲੀ ਭੇਟ ਕਰਦਾ ਹੈ | ਉਸਾਰੂ ਕਮਿਊਨਿਸਟ ਇਨਕਲਾਬੀ ਪਰਿਵਾਰਕ ਮਹੌਲ 'ਚ ਪਰਵਾਨ ਚੜ੍ਹੀ ਕਾਮਰੇਡ ਗੁਰਬਖ਼ਸ਼ ਨੇ ਇਨਕਲਾਬੀ ਸਿਦਕ, ਕੁਰਬਾਨੀ ਅਤੇ ਵਫ਼ਾਦਾਰੀ ਦੀਆਂ ਰਵਾਇਤਾਂ 'ਤੇ ਅਜਮਾਇਸ਼ੀ ਸਮਿਆਂ ' ਚ ਪਹਿਰਾ ਦੇ ਕੇ ਲਾਲ ਝੰਡੇ ਦੀ ਸ਼ਾਨ ਬੁਲੰਦ ਰੱਖੀ | ਉਹਨਾਂ ਨੇ ਅਡੋਲ ਇਰਾਦੇ ਦੀ ਮਿਸਾਲ ਬਣਕੇ ਆਪਣੇ ਜੀਵਨ ਸਾਥੀ ਗਿਆਨ ਸਿੰਘ ਸੰਘਾ ਦੀ ਇਨਕਲਾਬੀ ਸ਼ਹਾਦਤ ਦੀ ਚਮਕ ਵਧਾਈ | ਇਨਕਲਾਬੀ ਔਰਤ ਆਗੂ ਵਜੋਂ ਉਹਨਾਂ ਨੇ ਲੱਚਰ ਸੱਭਿਆਚਾਰਕ ਹੱਲੇ ਨੂੰ ਵੰਗਾਰਨ ਲਈ ਉੱਦਮ ਜੁਟਾਏ ਅਤੇ ਫਿਰਕੂ ਫਾਸ਼ੀ ਤਾਕਤਾਂ ਦੇ ਪਿੱਛਾਖੜੀ ਮਨੋਰਥਾਂ ਖਿਲਾਫ ਜਾਗਰਤੀ ਦਾ ਹੋਕਾ ਦਿੱਤਾ| ਉਹਨਾਂ ਦਾ ਜੀਵਨ ਇਨਕਲਾਬੀ ਕਾਰਕੁਨਾਂ ਲਈ ਪ੍ਰੇਰਨਾ ਬਣਿਆ ਰਹੇਗਾ । ਕਾਮਰੇਡ ਗੁਰਬਖਸ਼ ਕੌਰ ਸੰਘਾ ਅਮਰ ਰਹੇ!
ਯਾਦਗਾਰੀ ਹੋ ਨਿੱਬੜਿਆ ਲੋਕਾਂ ਤੇ ਸਾਹਿਤਕਾਰਾਂ ਵੱਲੋਂ ਰਲ਼ ਕੇ ਮਨਾਇਆ ਸੁਰਜੀਤ ਪਾਤਰ ਜਨਮ ਦਿਹਾੜਾ ਸਮਾਗਮ
ਯਾਦਗਾਰੀ ਹੋ ਨਿੱਬੜਿਆ ਲੋਕਾਂ ਤੇ ਸਾਹਿਤਕਾਰਾਂ ਵੱਲੋਂ ਰਲ਼ ਕੇ ਮਨਾਇਆ
ਸੁਰਜੀਤ ਪਾਤਰ ਜਨਮ ਦਿਹਾੜਾ ਸਮਾਗਮ
ਮਰਹੂਮ ਪੰਜਾਬੀ ਕਵੀ ਸੁਰਜੀਤ ਪਾਤਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਸਲਾਮ ਕਾਫ਼ਲਾ ਵੱਲੋਂ ਕਰਵਾਇਆ ਗਿਆ।ਤਰਕਸ਼ੀਲ ਭਵਨ ਬਰਨਾਲਾ 'ਚ ਹੋਏ ਇਸ ਨਿਵੇਕਲੇ ਸਮਾਗਮ ਵਿੱਚ ਲੋਕ ਹੱਕਾਂ ਦੀ ਲਹਿਰ ਦੇ ਸਰਗਰਮ ਕਾਰਕੁੰਨਾਂ ਤੇ ਲੋਕ ਪੱਖੀ ਸਾਹਿਤਕਾਰਾਂ, ਕਲਾਕਾਰਾਂ ਨੇ ਸ਼ਮੂਲੀਅਤ ਕੀਤੀ। ਇਸ ਸਮਾਗਮ ਵਿੱਚ ਜਿੱਥੇ ਸੁਰਜੀਤ ਪਾਤਰ ਦੀ ਸਾਹਿਤਕ ਰਚਨਾ ਦੇ ਮਹੱਤਵ ਬਾਰੇ ਗੰਭੀਰ ਵਿਚਾਰਾਂ ਹੋਈਆਂ ਉਥੇ ਲੋਕਾਂ ਨੇ ਪਾਤਰ ਦੇ ਗੀਤਾਂ ਤੇ ਗਜ਼ਲਾਂ ਨੂੰ ਵੀ ਖ਼ੂਬ ਮਾਣਿਆ।
ਸਮਾਗਮ ਦੇ ਪਹਿਲੇ ਸੈਸ਼ਨ ਵਿੱਚ ਡਾ. ਸੁਖਦੇਵ ਸਿੰਘ ਸਿਰਸਾ, ਡਾ. ਪਰਮਿੰਦਰ ਸਿੰਘ, ਡਾ. ਸੁਰਜੀਤ ਸਿੰਘ ਤੇ ਸ੍ਰੀਮਤੀ ਭੁਪਿੰਦਰ ਕੌਰ ਪਾਤਰ ਦੀ ਪ੍ਰਧਾਨਗੀ ਹੇਠ ਭਰਵੀਂ ਵਿਚਾਰ ਚਰਚਾ ਹੋਈ। ਅਮੋਲਕ ਸਿੰਘ ਦੀ ਮੰਚ ਸੰਚਾਲਨਾ 'ਚ ਹੋਏ ਇਸ ਸਮਾਗਮ `ਚ ਉੱਘੇ ਪੰਜਾਬੀ ਨਾਟਕਕਾਰ ਡਾ. ਸਵਰਾਜਬੀਰ ਨੇ ਸੁਰਜੀਤ ਪਾਤਰ ਦੀ ਕਵਿਤਾ ਦੇ ਹਵਾਲੇ ਨਾਲ ਮਰਹੂਮ ਕਵੀ ਦੀਆਂ ਸੋਚਾਂ, ਸਰੋਕਾਰਾਂ ਤੇ ਫਿਕਰਾਂ ਦੀ ਨਿਸ਼ਾਨਦੇਹੀ ਕੀਤੀ ਤੇ ਉਹਨਾਂ ਨੇ ਸੁਰਜੀਤ ਪਾਤਰ ਨੂੰ 'ਸੁਰ ਪੰਜਾਬ' ਕਰਾਰ ਦਿੱਤਾ ਜਿਸ ਨੇ ਪੰਜਾਬ ਦੇ ਵੱਖ-ਵੱਖ ਦੌਰਾਂ 'ਚ ਲੋਕਾਂ ਦੇ ਦੁੱਖਾਂ, ਦਰਦਾਂ, ਰੀਝਾਂ ਤੇ ਉਮੰਗਾਂ ਦੀ ਤਰਜਮਾਨੀ ਕਰਦੀ ਕਵਿਤਾ ਲਿਖੀ। ਉਹਨਾਂ ਪਾਤਰ ਦੀ ਰਚਨਾ ਦੇ ਮਹੱਤਵ ਦੀ ਹੋਰ ਜਿਆਦਾ ਥਹੁ ਪਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਡਾ. ਕੁਲਦੀਪ ਸਿੰਘ ਦੀਪ ਨੇ ਸੁਰਜੀਤ ਪਾਤਰ ਵੱਲੋਂ ਰੂਪਾਂਤਰਿਤ ਕੀਤੇ ਨਾਟਕਾਂ ਦੇ ਹਵਾਲੇ ਨਾਲ ਸੁਰਜੀਤ ਪਾਤਰ ਦੇ ਸਾਹਿਤਕ ਦ੍ਰਿਸ਼ਟੀਕੋਣ ਨੂੰ ਸਾਡੇ ਅਜੋਕੇ ਯਥਾਰਥ ਨਾਲ ਮੇਲ ਕੇ ਪੇਸ਼ ਕੀਤਾ। ਉਹਨਾਂ ਕਿਹਾ ਕਿ ਸੁਰਜੀਤ ਪਾਤਰ ਵੱਲੋਂ ਵਿਸ਼ਵ ਦੇ ਚੋਟੀ ਦੇ ਨਾਟਕਾਂ ਦਾ ਪੰਜਾਬੀ ਵਿੱਚ ਅਨੁਵਾਦ ਬਹੁਤ ਕਲਾਮਈ ਢੰਗ ਨਾਲ ਕੀਤਾ ਗਿਆ ਹੈ ਤੇ ਇਹ ਪਾਤਰ ਦੀ ਕਲਮ ਦੀ ਤਾਕਤ ਹੈ ਕਿ ਉਨ੍ਹਾਂ ਨਾਟਕਾਂ ਨੂੰ ਲੋਕ-ਧਾਰਾਈ ਛੋਹਾਂ ਹਾਸਲ ਹੋਈਆਂ ਹਨ। ਸਮੇਂ ਦੀ ਘਾਟ ਕਾਰਨ ਸਲਾਮ ਕਾਫ਼ਲਾ ਦੇ ਕਨਵੀਨਰ ਜਸਪਾਲ ਜੱਸੀ ਸੁਰਜੀਤ ਪਾਤਰ ਬਾਰੇ ਲਿਖੀ ਆਪਣੀ ਕਵਿਤਾ ਰਾਹੀਂ ਸੰਬੋਧਿਤ ਹੋਏ। ਸੁਰਜੀਤ ਪਾਤਰ ਬਾਰੇ ਸਲਾਮ ਕਾਫ਼ਲਾ ਦਾ ਮੈਗਜ਼ੀਨ "ਸਲਾਮ ਕਾਫ਼ਲਾ" ਟੀਮ ਮੈਂਬਰ ਕੁਲਦੀਪ ਕੌਰ ਕੁੱਸਾ ਤੇ ਹਰਿੰਦਰ ਕੌਰ ਬਿੰਦੂ ਵੱਲੋਂ ਪੰਜਾਬੀ ਕਹਾਣੀਕਾਰ ਜਸਪਾਲ ਮਾਨਖੇੜਾ ਨੂੰ ਭੇਂਟ ਕੀਤਾ ਗਿਆ ਅਤੇ ਉਹਨਾਂ ਵੱਲੋਂ ਲੋਕ ਅਰਪਣ ਕੀਤਾ ਗਿਆ। ਕਹਾਣੀਕਾਰ ਡਾ. ਵਰਿਆਮ ਸਿੰਘ ਸੰਧੂ ਦੀ ਪੁਸਤਕ "ਰੰਗ ਪ੍ਰਸੰਗ: ਪਾਤਰ ਦੇ ਸੰਗ" ਸਵਰਾਜਵੀਰ ਵੱਲੋਂ ਸੁਰਜੀਤ ਪਾਤਰ ਦੀ ਪਤਨੀ ਭੁਪਿੰਦਰ ਕੌਰ ਪਾਤਰ ਨੂੰ ਭੇਂਟ ਕੀਤੀ ਅਤੇ ਉਹਨਾਂ ਵੱਲੋਂ ਲੋਕ ਅਰਪਣ ਕੀਤੀ ਗਈ। ਜ਼ਿਕਰਯੋਗ ਹੈ ਕਿ ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਸੁਰਜੀਤ ਪਾਤਰ ਦੇ ਕਾਵਿ ਰੰਗ ਨੂੰ ਸਮਰਪਿਤ ਨਵੇਂ ਵਰ੍ਹੇ ਦਾ ਕੈਲੰਡਰ ਵੀ ਜਾਰੀ ਕੀਤਾ ਗਿਆ।ਸਮਾਗਮ ਦੇ ਦੂਸਰੇ ਸੈਸ਼ਨ ਵਿੱਚ ਸੁਰਜੀਤ ਪਾਤਰ ਦੇ ਭਰਾ ਉਪਕਾਰ ਸਿੰਘ ਤੇ ਬੇਟੇ ਮਨਰਾਜ ਪਾਤਰ ਨੇ ਸੁਰਜੀਤ ਪਾਤਰ ਦੇ ਗੀਤਾਂ ਤੇ ਗਜ਼ਲਾਂ ਨਾਲ ਸਮਾਂ ਬੰਨ੍ਹਿਆ। ਇਸ ਦੌਰਾਨ ਹੀ ਸ਼੍ਰੀਮਤੀ ਭੁਪਿੰਦਰ ਕੌਰ ਪਾਤਰ ਵੱਲੋਂ ਵੀ ਉਹਨਾਂ ਦੀ ਇੱਕ ਨਜ਼ਮ ਸੁਣਾਈ ਗਈ। ਇਸ ਇਕੱਤਰਤਾ ਵਿੱਚ ਵੱਖ ਵੱਖ ਜਨਤਕ ਜਥੇਬੰਦੀਆਂ ਦੇ ਆਗੂਆਂ, ਕਾਰਕੁਨਾਂ, ਤਰਕਸ਼ੀਲ ਲਹਿਰ ਦੇ ਕਾਮਿਆਂ ਤੇ ਹੋਰਨਾਂ ਲੋਕ ਪੱਖੀ, ਜਮਹੂਰੀ ਸ਼ਖਸ਼ੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਸਮਾਗਮ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਲੰਗਰ ਦਾ ਇੰਤਜ਼ਾਮ ਕੀਤਾ ਹੋਇਆ ਸੀ।
ਗੈਸ ਪਾਈਪ ਲਾਈਨ ਮਾਮਲਾ :ਜਦੋਜਹਿਦ ਦਾ ਇੱਕ ਹੋਰ ਗੇੜ --ਪ੍ਰਸਾਸ਼ਨ ਤੇ ਜਥੇਬੰਦ ਤਾਕਤ 'ਚ ਇੱਕ ਵਾਰ ਫਿਰ ਦਸਤਪੰਜਾ
ਗੈਸ ਪਾਈਪ ਲਾਈਨ ਮਾਮਲਾ
ਜਦੋਜਹਿਦ ਦਾ ਇੱਕ ਹੋਰ ਗੇੜ
ਪ੍ਰਸਾਸ਼ਨ ਤੇ ਜਥੇਬੰਦ ਤਾਕਤ 'ਚ
ਇੱਕ ਵਾਰ ਫਿਰ ਦਸਤਪੰਜਾ
ਪਿਛਲੇ ਲਗਭਗ ਦੋ ਸਾਲ ਤੋਂ ਤਲਵੰਡੀ ਬਲਾਕ ਦੇ ਪਿੰਡ ਲੇਲੇਵਾਲਾ ਵਿਖੇ ਚੱਲ ਰਹੇ ਗੈਸ ਪਾਈਪ ਲਾਈਨ ਸੰਘਰਸ਼ ਦਾ ਸਮਝੌਤਾ 15 ਮਈ 2023 ਨੂੰ ਹੋ ਗਿਆ ਸੀ, ਜਿਸ ਅਨੁਸਾਰ ਪ੍ਰਤੀ ਏਕੜ 24 ਲੱਖ ਰੁਪਏ ਮੁਆਵਜ਼ਾ ਕਿਸਾਨਾਂ ਨੂੰ ਦਿੱਤਾ ਜਾਣਾ ਤੈਅ ਹੋਇਆ ਸੀ। ਇਸ ਸਮਝੌਤੇ ਨੂੰ ਨੇਪਰੇ ਚੜ੍ਹਾਉਣ ਲਈ ਉਦੋਂ ਤੋਂ ਹੀ ਸੰਘਰਸ਼ ਜਾਰੀ ਹੈ। (ਇਸਦੀ ਵਿਸਥਾਰੀ ਰਿਪੋਰਟ ਪਿਛਲੇ ਅੰਕ ਵਿਚ ਪ੍ਰਕਾਸ਼ਿਤ ਕੀਤੀ ਸੀ)।
ਗੈਸ ਪਾਈਪ ਪਾਉਣ ਵਾਲੀ ਕੰਪਨੀ ਪ੍ਰਸ਼ਾਸਨ ਦੀ ਮਦਦ ਨਾਲ ਨਿਗੂਣਾ ਮੁਆਵਜ਼ਾ ਦੇ ਕੇ ਪਾਈਪ ਪਾਉਣ ਦੇ ਯਤਨ ਕਰ ਰਹੀ ਸੀ ਪਰ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਵਿਚ ਲੋਕ ਸਮਝੌਤਾ ਲਾਗੂ ਕਰਾਉਣ ਲਈ ਸੰਘਰਸ਼ ਕਰ ਰਹੇ ਸਨ। ਪੰਚਾਇਤੀ ਚੋਣਾਂ ਦਾ ਅਮਲ ਮੁੱਕਣ ਉਪਰੰਤ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨ ਦੀ ਮਦਦ ਨਾਲ ਧੱਕੇ ਨਾਲ ਪਾਈਪ ਲਾਈਨ ਵਿਛਾਉਣ ਦਾ ਪੈਂਤੜਾ ਲੈ ਲਿਆ ਗਿਆ।
4 ਦਸੰਬਰ ਨੂੰ ਸੁਵਖਤੇ ਹੀ ਡੀ. ਐਸ. ਪੀ. ਦੀ ਅਗਵਾਈ ਵਿਚ ਗੈਸ ਪਾਈਪ ਲਾਈਨ ਮੋਰਚੇ ਨੂੰ ਵੱਡੀ ਗਿਣਤੀ 'ਚ ਪੁਲਿਸ ਫੋਰਸ ਨੇ ਘੇਰ ਲਿਆ। ਮੋਰਚੇ ਵਿਚ ਮੌਜੂਦ ਦੋ ਦਰਜਨ ਦੇ ਲੱਗਭੱਗ ਕਿਸਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਤੋਂ ਬਿਨਾਂ ਉਥੇ ਮੋਰਚੇ ਦਾ ਸਾਰਾ ਸਮਾਨ, ਕਿਸਾਨਾਂ ਦੇ ਮੋਟਰ ਸਾਈਕਲ, ਮੋਬਾਈਲ, ਟਰਾਲੀਆਂ ਅਤੇ ਭਾਂਡਿਆਂ ਸਮੇਤ ਸਾਰਾ ਸਮਾਨ ਕਬਜ਼ੇ ਵਿਚ ਕਰ ਲਿਆ। ਵੱਡੀ ਗਿਣਤੀ ਵਿਚ ਫੋਰਸ ਲਾ ਕੇ ਗੈਸ ਪਾਈਪ ਲਾਈਨ ਵਿਛਾਉਣ ਦਾ ਕੰਮ ਚਲਾ ਦਿੱਤਾ ਗਿਆ। ਲੇਲੇਵਾਲਾ ਪਿੰਡ ਵਿਚ ਦਹਿਸ਼ਤ ਪਾਉਣ ਲਈ ਵੱਡੀ ਗਿਣਤੀ ਵਿਚ ਪੁਲਸ ਨਫਰੀ ਪਿੰਡ ਦੇ ਵੱਖ ਵੱਖ ਰਸਤਿਆਂ ਉੱਪਰ ਵੀ ਤਾਇਨਾਤ ਕਰ ਦਿੱਤੀ ਗਈ । ਪ੍ਰਸ਼ਾਸਨ ਦੀ ਇਸ ਕਾਰਵਾਈ ਦੀ ਸੂਚਨਾ ਮਿਲਦਿਆਂ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਸਮੁੱਚੇ ਜਿਲ੍ਹੇ ਦੇ ਕਿਸਾਨਾਂ ਨੂੰ ਤੁਰੰਤ ਜਥੇਬੰਦ ਹੋ ਕੇ ਪਿੰਡ ਮਾਈਸਰਖਾਨਾ ਪਹੁੰਚਣ ਦੇ ਸੁਨੇਹੇ ਲਾ ਦਿੱਤੇ ਗਏ। ਮਾਈਸਰਖਾਨੇ ਤੋਂ ਇਕ ਕਾਫ਼ਲੇ ਦੇ ਰੂਪ ਵਿਚ ਕਿਸਾਨ ਪਿੰਡ ਲੇਲੇਵਾਲਾ ਗੈਸ ਪਾਈਪ ਲਾਈਨ ਪਾਉਣ ਵਾਲੀ ਥਾਂ ਵੱਲ ਵਧੇ। ਕਾਫ਼ਲਾ ਤੁਰਦਿਆਂ ਹੀ ਪ੍ਰਸ਼ਾਸਨ ਵੱਲੋਂ ਗੱਲਬਾਤ ਦੀਆਂ ਪੇਸ਼ਕਸ਼ਾਂ ਆਉਣੀਆਂ ਸ਼ੁਰੂ ਹੋ ਗਈਆਂ। ਪਰ ਕਿਸਾਨ ਕਾਫ਼ਲਾ ਅੱਗੇ ਵਧਦਾ ਗਿਆ। ਲੇਲੇਵਾਲਾ ਪਿੰਡ ਤੋਂ 4 ਕਿਲੋਮੀਟਰ ਪਹਿਲਾਂ ਪਿੰਡ ਜੋਧਪੁਰ ਪਾਖਰ ਨੇੜੇ ਨਹਿਰ ਦੇ ਪੁਲ 'ਤੇ ਭਾਰੀ ਨਾਕਾ ਲਾ ਕੇ ਕਿਸਾਨਾਂ ਨੂੰ ਰੋਕ ਲਿਆ ਗਿਆ ਅਤੇ ਪ੍ਰਸ਼ਾਸ਼ਨ ਵੱਲੋਂ ਮੁੜ ਤੋਂ ਗੱਲਬਾਤ ਦੀ ਪੇਸ਼ਕਸ਼ ਕੀਤੀ ਗਈ। ਕਿਸਾਨ ਲੀਡਰਸ਼ਿੱਪ ਵੱਲੋਂ ਗੱਲਬਾਤ ਤੋਂ ਪਹਿਲਾਂ ਫੜੇ ਗਏ ਕਿਸਾਨਾਂ ਨੂੰ ਤੁਰੰਤ ਰਿਹਾ ਕਰਨ, ਜ਼ਬਤ ਕੀਤਾ ਸਮਾਨ ਵਾਪਸ ਕਰਨ ਅਤੇ ਗੈਸ ਪਾਈਪ ਵਿਛਾਉਣ ਦਾ ਕੰਮ ਬੰਦ ਕਰਨ ਦੀਆਂ ਸ਼ਰਤਾਂ ਰੱਖੀਆਂ ਗਈਆਂ। ਇਹ ਨਾ ਕਰਨ ਦੀ ਸੂਰਤ ਵਿਚ ਕਿਸਾਨਾਂ ਵੱਲੋਂ ਹਰ ਹਾਲਤ ਵਿਚ ਲੇਲੇਵਾਲਾ ਪਹੁੰਚ ਕੇ ਕੰਮ ਰੁਕਵਾਉਣ ਦਾ ਐਲਾਨ ਕਰ ਦਿੱਤਾ ਗਿਆ। ਕਿਸਾਨਾਂ ਦਾ ਰੌਂਅ ਅਤੇ ਇਰਾਦਾ ਦੇਖ ਕੇ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀਆਂ ਮੰਗਾਂ ਮੰਨਦਿਆਂ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਤੁਰੰਤ ਰਿਹਾਅ ਕਰਕੇ ਨਾਕੇ ਵਾਲੀ ਥਾਂ 'ਤੇ ਕਿਸਾਨਾਂ ਕੋਲ ਲਿਆਂਦਾ ਗਿਆ ਅਤੇ ਪਾਈਪ ਪਾਉਣ ਦਾ ਕੰਮ ਰੋਕ ਦਿੱਤਾ ਗਿਆ। ਪਰ ਪਾਈਪ ਪਾਉਣ ਤੋਂ ਪਹਿਲਾਂ ਹੋਇਆ ਸਮਝੌਤਾ ਲਾਗੂ ਕਰਨ ਦਾ ਮਸਲਾ ਜਿਉਂ ਦਾ ਤਿਉਂ ਸੀ। ਉਸ ਨੂੰ ਲਾਗੂ ਕਰਵਾਉਣ ਲਈ ਕਿਸਾਨਾਂ ਵੱਲੋਂ ਅਗਲੇ ਦਿਨ ਤੋਂ ਸੰਘਰਸ਼ ਨੂੰ ਪੰਜਾਬ ਪੱਧਰਾ ਬਣਾਉਣ ਦੇ ਐਲਾਨ ਨਾਲ ਉਸ ਦਿਨ ਦਾ ਐਕਸ਼ਨ ਸਮਾਪਤ ਕਰ ਦਿੱਤਾ ਗਿਆ।
ਪ੍ਰਸ਼ਾਸਨ ਦੇ ਦੋ ਦਿਨ ਦੇ ਧੱਕੇ ਭਰੇ ਅਤੇ ਕੰਪਨੀ ਪੱਖੀ ਵਿਹਾਰ ਨੂੰ ਵੇਖਦਿਆਂ ਕਿਸਾਨ ਜਥੇਬੰਦੀ ਵੱਲੋਂ ਮਾਲਵੇ ਦੇ ਸਾਰੇ ਜਿਲ੍ਹਿਆਂ ਦੀ ਇਕੱਤਰਤਾ ਕਰਨ ਦਾ ਫ਼ੈਸਲਾ ਕੀਤਾ ਗਿਆ। ਪ੍ਰਸ਼ਾਸ਼ਨ ਵੱਲੋਂ ਕਿਸਾਨਾਂ ਦਾ ਇਕੱਠ ਰੋਕਣ ਦੀ ਕਨਸੋਅ ਮਿਲਣ ਕਰਕੇ ਕਿਸਾਨ ਜਥੇਬੰਦੀ ਵੱਲੋਂ ਦੋ-ਤਿੰਨ ਜਿਲ੍ਹਿਆਂ ਦੇ ਕਿਸਾਨਾਂ ਨੂੰ ਰਾਤ ਨੂੰ ਹੀ ਲੇਲੇਵਾਲਾ ਪੁੱਜਣ ਦੇ ਸੁਨੇਹੇ ਲਗਾ ਦਿੱਤੇ ਗਏ। ਉੱਧਰ ਸਰਕਾਰ ਵੱਲੋਂ ਵੀ ਰਾਤ ਨੂੰ ਹੀ ਨਾਕੇਬੰਦੀ ਸ਼ੁਰੂ ਕਰ ਦਿੱਤੀ ਗਈ। ਇਸ ਕਰਕੇ ਲੇਲੇਵਾਲਾ ਵੱਲ ਵੱਧ ਰਹੇ ਕਾਫ਼ਲਿਆਂ ਦਾ ਮਾਨਸਾ ਅਤੇ ਪਿੰਡ ਬਹਿਣੀਵਾਲ ਵਿਖੇ ਟਕਰਾਅ ਹੋ ਗਿਆ। ਇਸ ਟਕਰਾਅ ਵਿੱਚੋਂ ਕੁੱਝ ਕਾਫ਼ਲੇ ਭਿੜਦੇ ਹੋਏ ਲੇਲੇਵਾਲਾ ਪਹੁੰਚਣ ਵਿਚ ਕਾਮਯਾਬ ਹੋ ਗਏ ਜਦੋਂ ਕਿ ਕੁਝ ਕਿਸਾਨਾਂ ਦੇ ਪੁਲਿਸ ਲਾਠੀਚਾਰਜ ਕਾਰਨ ਸੱਟਾਂ ਵੀ ਲੱਗੀਆਂ। ਪੁਲਿਸ ਵੱਲੋਂ ਕਿਸਾਨਾਂ ਦੇ ਵਾਹਨਾਂ ਦੀ ਵੀ ਭੰਨ-ਤੋੜ ਕੀਤੀ ਗਈ ਅਤੇ ਕਈ ਕਿਸਾਨਾਂ ਨੂੰ ਵੱਖ ਵੱਖ ਥਾਣਿਆਂ 'ਚ ਬੰਦ ਕਰ ਦਿੱਤਾ। ਇਸ ਤੋਂ ਵੀ ਅੱਗੇ ਜਾਂਦਿਆਂ ਸਰਕਾਰ ਨੇ ਵੱਖ ਵੱਖ ਪਾਸੇ ਨਾਕੇਬੰਦੀ ਕਰਨ ਦੇ ਨਾਲ-ਨਾਲ ਮਾਲਵੇ ਦੇ ਸਾਰੇ ਜਿਲ੍ਹਿਆਂ ਵਿਚ ਜਥੇਬੰਦੀ ਦੇ ਆਗੂਆਂ ਦੇ ਘਰਾਂ ਵਿਚ ਵੱਡੇ ਪੱਧਰ 'ਤੇ ਛਾਪੇਮਾਰੀ ਵੀ ਕੀਤੀ। ਪਰ ਜਥੇਬੰਦੀ ਦੀ ਮੁਸਤੈਦੀ ਕਾਰਨ ਪ੍ਰਸ਼ਾਸਨ ਨੂੰ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਬਹੁਤੀ ਸਫਲਤਾ ਨਾ ਮਿਲੀ। ਸਰਕਾਰ ਦੀ ਐਨੀ ਸਖਤੀ ਦੇ ਬਾਵਜੂਦ ਦਿਨ ਚੜ੍ਹਦਿਆਂ ਹੀ ਵੱਖ ਵੱਖ ਜਿਲ੍ਹਿਆਂ ਤੋਂ ਵੱਡੀ ਗਿਣਤੀ ਵਿਚ ਕਿਸਾਨ ਪਿੰਡ ਲੇਲੇਵਾਲਾ ਵਿਚ ਪਹੁੰਚ ਗਏ। ਸਮਝੌਤਾ ਲਾਗੂ ਹੋਣ ਤੱਕ ਜ਼ਮੀਨ ਦਾ ਕਬਜ਼ਾ ਬਰਕਰਾਰ ਰੱਖਣ ਲਈ ਜ਼ਮੀਨ 'ਚ ਜਾਣ ਦਾ ਐਲਾਨ ਕੀਤਾ ਗਿਆ। ਪਰ ਪ੍ਰਸ਼ਾਸਨ ਨੇ ਕਿਸਾਨਾਂ ਦਾ ਰੌਂਅ ਅਤੇ ਇਰਾਦਾ ਦੇਖਦਿਆਂ ਦਿਨ ਚੜ੍ਹਦਿਆਂ ਹੀ ਗੱਲਬਾਤ ਚਲਾਉਣ ਦੀ ਪੇਸ਼ਕਸ਼ ਕੀਤੀ। ਕਿਸਾਨ ਆਗੂਆਂ ਦੀ ਜ਼ਿਲ੍ਹਾ ਅਧਿਕਾਰੀਆਂ ਨਾਲ ਲਗਭਗ ਤਿੰਨ ਘੰਟੇ ਲੰਮੀ ਗੱਲਬਾਤ ਚੱਲੀ। ਇਸ ਮੀਟਿੰਗ ਵਿਚ ਡੀ.ਸੀ. ਬਠਿੰਡਾ, ਐਸ ਐਸ ਪੀ ਅਤੇ ਕੰਪਨੀ ਦੇ ਅਧਿਕਾਰੀਆਂ ਵੱਲੋਂ ਵੱਧ ਮੁਆਵਜੇ ਲਈ ਕੋਰਟ 'ਚ ਕੇਸ ਕਰਨ ਦਾ ਤਰਕ ਦਿੱਤਾ ਗਿਆ ਜੋ ਕਿਸਾਨ ਜਥੇਬੰਦੀ ਵੱਲੋਂ ਰੱਦ ਕਰ ਦਿੱਤਾ ਗਿਆ। ਲੰਬੀ ਬਹਿਸ ਉਪਰੰਤ ਕੰਪਨੀ ਵੱਲੋਂ ਖੁਦ ਹੀ ਘੱਟ ਮੁਆਵਜ਼ਾ ਹਾਸਲ ਕਰ ਚੁੱਕੇ ਕਿਸਾਨਾਂ ਦਾ ਕੇਸ ਲਗਵਾ ਕੇ ਮੁਆਵਜ਼ਾ ਵਧਾਉਣ ਦੀ ਗੱਲ ਵੀ ਕਹੀ ਗਈ। ਪਰ ਅੰਤ ਵਿਚ ਪ੍ਰਸ਼ਾਸਨ ਅਤੇ ਕੰਪਨੀ ਅਧਿਕਾਰੀਆਂ ਵੱਲੋਂ ਸਮਝੌਤਾ ਲਾਗੂ ਕਰਨ ਲਈ ਖੁਦ ਕਾਨੂੰਨੀ ਚਾਰਾਜੋਈ ਕਰਨ ਦੇ ਭਰੋਸੇ ਅਤੇ ਉਦੋਂ ਤੱਕ ਪਾਈਪ ਲਾਈਨ ਪਾਉਣ ਦਾ ਕੰਮ ਬੰਦ ਰੱਖਣ ਦਾ ਵਾਅਦਾ ਕੀਤਾ ਗਿਆ। ਪ੍ਰਸ਼ਾਸਨ ਵੱਲੋਂ 13 ਦਸੰਬਰ ਨੂੰ ਕਿਸਾਨ ਆਗੂਆਂ ਨਾਲ ਮੀਟਿੰਗ ਕਰਨ ਦਾ ਵੀ ਫ਼ੈਸਲਾ ਹੋਇਆ ਜਿਸ ਵਿਚ ਕਿਸਾਨਾਂ 'ਤੇ ਪਿੰਡ ਰਾਏ ਕੇ ਕਲਾਂ, ਦਾਨੇ ਵਾਲਾ ਅਤੇ ਲੇਲੇਵਾਲਾ ਵਿਖੇ ਦਰਜ ਕੀਤੇ ਗਏ ਪਰਚੇ ਰੱਦ ਕਰਨ ਅਤੇ ਪੁਲਿਸ ਵੱਲੋਂ ਕਿਸਾਨਾਂ ਦੇ ਵਾਹਨਾਂ ਦੇ ਕੀਤੇ ਨੁਕਸਾਨ ਦੀ ਭਰਪਾਈ ਕਰਨ ਦਾ ਫ਼ੈਸਲਾ ਕੀਤਾ ਜਾਣਾ ਸੀ। ਇਸ ਤਰ੍ਹਾਂ ਪੰਜਾਬ ਸਰਕਾਰ ਅਤੇ ਕੰਪਨੀ ਅਧਿਕਾਰੀਆਂ ਦੇ ਧੱਕੇ ਨਾਲ ਪਾਈਪ ਪਾ ਦੇਣ ਦੇ ਮਨਸੂਬੇ ਰੋਕ ਦਿੱਤੇ ਗਏ।
18 ਦਸੰਬਰ ਨੂੰ ਹਾਈ ਕੋਰਟ ਦੇ ਹੋਏ ਫੈਸਲੇ ਵਿਚ ਕਿਸਾਨਾਂ ਨੂੰ ਦਿੱਤਾ ਜਾ ਰਿਹਾ ਮੁਆਵਜ਼ਾ ਨਿਗੂਣਾ ਮੰਨਿਆ ਗਿਆ ਅਤੇ ਡੀ. ਸੀ. ਬਠਿੰਡਾ ਨੂੰ ਮੁੜ ਤੋਂ ਜ਼ਮੀਨਾਂ ਦੇ ਸਹੀ ਭਾਅ ਅਨੁਸਾਰ ਆਰਡਰ ਕਰਨ ਦੀ ਹਦਾਇਤ ਕੀਤੀ ਗਈ। ਦੋ ਹਫ਼ਤਿਆਂ ਵਿਚ ਕਿਸਾਨਾਂ ਨੂੰ ਮੁੜ ਤੋਂ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਗਿਆ। ਪ੍ਰਸ਼ਾਸਨ ਨੂੰ 27 ਦਸੰਬਰ ਤੱਕ ਪਾਈਪ ਲਾਈਨ ਵਿਛਾ ਕੇ ਦੇਣ ਦਾ ਹੁਕਮ ਸੁਣਾਇਆ ਗਿਆ। ਡੀ. ਸੀ. ਬਠਿੰਡਾ ਵੱਲੋ ਹਾਈਕੋਰਟ ਦੇ ਨਿਰਦੇਸ਼ਾਂ 'ਤੇ ਤਿਆਰ ਕੀਤੇ ਗਏ ਨਵੇਂ ਆਰਡਰ ਵਿਚ ਕੰਪਨੀ ਨੂੰ ਕਿਸਾਨਾਂ ਦੀ ਮੰਗ ਅਨੁਸਾਰ ਹੀ 24 ਲੱਖ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਣ ਅਤੇ ਮਿਥੇ ਸਮੇਂ ਵਿਚ ਮੁਆਵਜ਼ਾ ਨਾ ਦੇਣ ਦੀ ਸੂਰਤ ਵਿਚ 9 ਪ੍ਰਤੀਸ਼ੱਤ ਵਿਆਜ ਅਦਾ ਕਰਨ ਦਾ ਫੈਸਲਾ ਕੀਤਾ ਗਿਆ। ਇਸ ਤਰ੍ਹਾਂ ਦੋ ਸਾਲਾਂ ਦੀ ਚੱਲ ਰਹੀ ਜੱਦੋ-ਜਹਿਦ ਰਾਹੀਂ ਹਾਈਕੋਰਟ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਕਿਸਾਨਾਂ ਦੀ ਮੰਗ ਅਨੁਸਾਰ ਫ਼ੈਸਲਾ ਹੋ ਚੁੱਕਿਆ ਹੈ। ਨਿਗੂਣਾ ਮੁਆਵਜ਼ਾ ਲੈ ਚੁੱਕੇ ਕਿਸਾਨਾਂ ਦੀਆਂ ਅਰਜੀਆਂ ਵੀ ਜਿਲ੍ਹਾ ਪ੍ਰਸ਼ਾਸਨ ਵੱਲੋਂ ਹਾਸਲ ਕੀਤੀਆਂ ਜਾ ਚੁੱਕੀਆਂ ਹਨ। ਹੁਣ ਵੇਖਣਾ ਇਹ ਹੋਵੇਗਾ ਕਿ ਕੀ ਕੰਪਨੀ ਅਧਿਕਾਰੀ ਅਤੇ ਜਿਲ੍ਹਾ ਪ੍ਰਸ਼ਾਸਨ ਕੀਤੇ ਫੈਸਲੇ ਨੂੰ ਬਿਨਾਂ ਹੀਲ ਹੁੱਜਤ ਦੇ ਸਿਰੇ ਚੜ੍ਹਾਉਂਦੇ ਹਨ ਜਾਂ ਆਪਣੀ ਖਸਲਤ ਅਨੁਸਾਰ ਕੀਤੇ ਵਾਅਦਿਆਂ ਤੋਂ ਮੁੜ ਕੇ ਪਲਟ ਜਾਂਦੇ ਹਨ ਅਤੇ ਕਿਸਾਨਾਂ ਨੂੰ ਸਮਝੌਤਾ ਲਾਗੂ ਕਰਵਾਉਣ ਲਈ ਮੁੜ ਤੋਂ ਸੰਘਰਸ਼ਾਂ ਦਾ ਪਿੜ ਮਘਾਉਣਾ ਪਵੇਗਾ।
-0-
ਜਿਉਂਦ ਲਿਖ ਰਿਹੈ ਮੁਜ਼ਾਰਾ ਲਹਿਰ ਦਾ ਅਗਲਾ ਵਰਕਾ
ਜਿਉਂਦ ਲਿਖ ਰਿਹੈ ਮੁਜ਼ਾਰਾ ਲਹਿਰ ਦਾ ਅਗਲਾ ਵਰਕਾ
Wednesday, January 29, 2025
ਦਾਨ ਸਿੰਘ ਵਾਲਾ ਦੇ ਮਜ਼ਦੂਰਾਂ ਨੂੰ ਇਨਸਾਫ ਦਿਵਾਉਣ ਲਈ ਜਬਰ ਵਿਰੋਧੀ ਐਕਸ਼ਨ ਕਮੇਟੀ ਵੱਲੋਂ ਦਿੱਤਾ ਧਰਨਾ
ਦਾਨ ਸਿੰਘ ਵਾਲਾ ਦੇ ਮਜ਼ਦੂਰਾਂ ਨੂੰ ਇਨਸਾਫ ਦਿਵਾਉਣ ਲਈ ਜਬਰ ਵਿਰੋਧੀ ਐਕਸ਼ਨ ਕਮੇਟੀ ਵੱਲੋਂ ਦਿੱਤਾ ਧਰਨਾ
ਅਗਨੀਕਾਂਡ ਦੇ ਸਾਜਿਸ਼ ਕਰਤਾਵਾਂ ਨੂੰ ਕੇਸ ਵਿੱਚ ਸ਼ਾਮਲ ਕਰਕੇ ਗ੍ਰਿਫਤਾਰ ਕਰਨ ਦੀ ਮੰਗ
ਬਠਿੰਡਾ 28 ਜਨਵਰੀ -- ਅੱਜ ਇੱਥੇ ਜਬਰ ਵਿਰੋਧੀ ਐਕਸ਼ਨ ਕਮੇਟੀ ਵੱਲੋਂ ਡਿਪਟੀ ਕਮਿਸ਼ਨਰ ਬਠਿੰਡਾ ਦੇ ਦਫਤਰ ਅੱਗੇ ਪਿੰਡ ਦਾਨ ਸਿੰਘ ਵਾਲਾ ਦੇ ਮਜ਼ਦੂਰਾਂ ਨੂੰ 10 - 10 ਲੱਖ ਰੁਪਏ ਮੁਆਵਜਾ ਦਿਵਾਉਣ , ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਾਉਣ ਅਤੇ ਅਗਨੀ ਕਾਂਡ ਦੀ ਜੁਡੀਸ਼ੀਅਲ ਜਾਂਚ ਕਰਵਾ ਕੇ ਇਸ ਕਾਂਡ ਦੇ ਸਾਜਿਸ਼ ਕਰਤਾਵਾਂ ਨੂੰ ਇਸ ਕੇਸ ਵਿੱਚ ਸ਼ਾਮਿਲ ਕਰਵਾਕੇ ਗ੍ਰਿਫਤਾਰ ਕਰਵਾਉਣ ਲਈ ਵਿਸ਼ਾਲ ਧਰਨਾ ਦਿੱਤਾ ਗਿਆ। ਧਰਨੇ ਵਿੱਚ ਸ਼ਾਮਲ ਮਜ਼ਦੂਰਾਂ ਨੂੰ ਸੰਬੋਧਨ ਕਰਦੇ ਹੋਏ ਮਜ਼ਦੂਰ ਕਿਸਾਨ ਆਗੂਆਂ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਵੱਲੋਂ ਦਾਨ ਸਿੰਘ ਵਾਲਾ ਵਿੱਚ ਹੋਏ ਜਬਰ ਨੂੰ ਸਿਰਫ ਦੋ ਗਰੁੱਪਾਂ ਦੀ ਆਪਸੀ ਲੜਾਈ ਦਾ ਮੁੱਦਾ ਕਹਿ ਕੇ ਦੋਸ਼ੀਆਂ ਨੂੰ ਬਚਾਉਣ ਦੀ ਕੀਤੀ ਜਾ ਰਹੀ ਬਿਆਨਬਾਜੀ ਦਾ ਜ਼ੋਰਦਾਰ ਸ਼ਬਦਾਂ ਵਿੱਚ ਖੰਡਨ ਕੀਤਾ ਗਿਆ। ਉਹਨਾਂ ਕਿਹਾ ਕਿ ਇਸ ਹਲਕੇ ਦੇ ਸਿਆਸੀ ਨੁਮਾਇੰਦੇ ਅਤੇ ਜਿਲਾ ਦਾ ਸਿਵਲ ਤੇ ਪੁਲਿਸ ਪ੍ਰਸਾਸ਼ਨ ਅਸਲੀਅਤ ਨੂੰ ਜਾਣ ਬੁੱਝ ਕੇ ਛਪਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਤਾਂ ਕਿ ਇਸ ਘਟਨਾ ਪਿੱਛੇ ਕੰਮ ਕਰਦੇ ਪਿੰਡ ਦੇ ਨਸ਼ਾ ਵੇਚਣ ਵਾਲਿਆਂ ਦੀ ਪੁਸਤਪਨਾਹੀ ਕਰਨ ਵਾਲੇ ਅਨਸਰਾ ਨੂੰ ਬਚਾਇਆ ਜਾ ਸਕੇ। ਉਹਨਾਂ ਕਿਹਾ ਕਿ ਅਸਲੀਅਤ ਵਿੱਚ ਹਮਲੇ ਦਾ ਸ਼ਿਕਾਰ ਹੋਣ ਵਾਲੇ ਮਜ਼ਦੂਰ ਪਿੰਡ ਵਿੱਚ ਚਿੱਟੇ ਦਾ ਨਸ਼ਾ ਵੇਚਣ ਦਾ ਵਿਰੋਧ ਕਰ ਰਹੇ ਸਨ। ਇਸ ਰੰਜਿਸ਼ ਦੇ ਕਾਰਨ ਹੀ ਦੋਸ਼ੀਆਂ ਨੇ ਮਜ਼ਦੂਰਾਂ ਦੀ ਆਵਾਜ਼ ਨੂੰ ਬੰਦ ਕਰਨ ਅਤੇ ਆਪਣੇ ਚਿੱਟੇ ਦੇ ਵਪਾਰ ਨੂੰ ਚਲਾਉਣ ਦੇ ਮਨਸ਼ੇ ਨਾਲ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ । ਜਬਰ ਵਿਰੋਧੀ ਐਕਸ਼ਨ ਕਮੇਟੀ ਨੇ ਉਜੜੇ ਅਤੇ ਜਬਰ ਦਾ ਸ਼ਿਕਾਰ ਬਣੇ ਮਜ਼ਦੂਰਾਂ ਨੂੰ ਕਿਸਤਾਂ ਵਿੱਚ ਮਾਮੂਲੀ ਮੁਆਵਜਾ ਦੇ ਕੇ ਉਨਾਂ ਨੂੰ ਵਰਗਲਾਉਣ ਦੀ ਕੀਤੀ ਜਾ ਕੋਸ਼ਿਸ਼ ਦੀ ਜੋਰਦਾਰ ਸ਼ਬਦਾਂ ਵਿੱਚ ਨਿਖੇਧੀ ਕਰਦਿਆ ਮਜ਼ਦੂਰਾਂ ਨੂੰ 10- 10 ਲੱਖ ਰੁਪਏ ਦਾ ਮੁਆਵਜ਼ਾ ਦੇਣ, ਘਰਾਂ ਦਾ ਚੋਰੀ ਹੋਇਆ ਸਮਾਨ ਅਤੇ ਪਸ਼ੂ ਡੰਗਰ ਵਗੈਰਾ ਵਾਪਸ ਕਰਨ, ਇਸ ਕਾਂਡ ਦੀ ਸਾਜਿਸ਼ ਰਚਣ ਵਾਲੇ ਦੋਸ਼ੀਆਂ ਨੂੰ ਕੇਸ ਵਿੱਚ ਸ਼ਾਮਿਲ ਕਰਕੇ ਬਣਦੀਆਂ ਧਰਾਵਾਂ ਲਾ ਕੇ ਗ੍ਰਿਫਤਾਰ ਕਰਨ ਦੀ ਮੰਗ ਕੀਤੀ। ਐਕਸ਼ਨ ਕਮੇਟੀ ਨੇ ਐਲਾਨ ਕੀਤਾ ਹੈ ਕਿ ਅਸਲੀ ਦੋਸ਼ੀਆਂ ਨੂੰ ਨਾਮਜਦ ਕਰਵਾਕੇ ਗ੍ਰਿਫਤਾਰ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਅੱਜ ਦੇ ਧਰਨੇ ਨੂੰ ਦਿਹਾਤੀ ਮਜ਼ਦੂਰ ਸਭਾ ਦੇ ਆਗੂ ਪ੍ਰਕਾਸ਼ ਸਿੰਘ ਨੰਦਗੜ੍ਹ, ਮਜ਼ਦੂਰ ਮੁਕਤੀ ਮੋਰਚਾ ਆਇਰਲਾ ਦੇ ਆਗੂ ਗੋਬਿੰਦਸਿੰਘ ਛਾਜਲੀ, ਪੰਜਾਬ ਖੇਤ ਮਜ਼ਦੂਰ ਸਭਾ ਦੀ ਆਗੂ ਦੇਵੀ ਕੁਮਾਰੀ, ਮਜ਼ਦੂਰ ਮੁਕਤੀ ਮੋਰਚਾ ਆਜਾਦ ਦੇ ਆਗੂ ਭਗਵੰਤ ਸਿੰਘ ਸਮਾਉ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਬਿੱਕਰ ਸਿੰਘ ਦਾਨ ਸਿੰਘ ਵਾਲਾ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਆਗੂ ਬਲਕਰਨ ਸਿੰਘ ਬਰਾੜ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਜੋਰਾ ਸਿੰਘ ਨਸਰਾਲੀ ਦਲਿਤ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਆਗੂ ਸੁਖਪਾਲ ਸਿੰਘ ਖਿਆਲੀਵਾਲਾ,ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਭੂਪ ਚੰਦ ਚੰਨੋ ,ਕ੍ਰਾਂਤੀਕਾਰੀ ਪੇਡੂ ਦੇ ਆਗੂ ਕੁਲਵੰਤ ਸਿੰਘ ਸੇਲਵਰਹਾ,ਭਾਰਤੀ ਕਿਸਾਨ ਯੂਨੀਅਨ ਮਾਲਵਾ ਦੇ ਆਗੂ ਜਗਜੀਤ ਸਿੰਘ ਕੋਟਸ਼ਮੀਰ, ਮੈਡੀਕਲ ਪ੍ਰੈਕਟੀਸ਼ਨਰ ਯੂਨੀਅਨ ਦੇ ਆਗੂ ਜਗਸੀਰ ਸਰਮਾ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਬਖਸੀਸ ਸਿੰਘ ਤੇ ਲਾਲ ਝੰਡਾ ਮਜ਼ਦੂਰ ਯੂਨੀਅਨ ਦੇ ਆਗੂ ਵਿਜੈ ਕੁਮਾਰ ਨੇ ਸੰਬੋਧਨ ਕੀਤਾ। ਰੈਲੀ ਵਿੱਚ ਅਮਿ੍ਰੰਤਸਰ ਵਿੱਚ ਡਾਕਟਰ ਅੰਬੇਡਕਰ ਦੇ ਬੁੱਤ ਨੂੰ ਤੋੜਨ ਦੀ ਘੋਰ ਨਿੰਦਾ ਕਰਦਿਆਂ ਦੋਸ਼ੀਆ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਗਈ। ਐਕਸ਼ਨ ਕਮੇਟੀ ਨੇ ਸੰਘਰਸ਼ ਨੂੰ ਲੋਕਾਂ ਤੱਕ ਲਿਜਾਣ ਲਈ 5 ਫਰਵਰੀ ਨੂੰ ਪਿੰਡਾਂ ਵਿੱਚ ਝੰਡਾ ਮਾਰਚ ਕਰਨ ਦਾ ਐਲਾਨ ਕੀਤਾ ਗਿਆ।





